ਗੁਰਿੰਦਰ ਸਿੰਘ
ਲੁਧਿਆਣਾ 2 ਜੁਲਾਈ
ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਮਦਨ ਮੋਹਨ ਮਿੱਤਲ ਨੇ ਕਿਹਾ ਹੈ ਕਿ ਕਿਸਾਨਾਂ ਦੇ ਹਿੱਤ ਵਿੱਚ ਕੇਂਦਰ ਸਰਕਾਰ ਵੱਲੋਂ ਲਿਆਂਦੇ ਤਿੰਨ ਕਾਨੂੰਨਾਂ ਨਾਲ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਦਾ ਸਹੀ ਮੁੱਲ ਮਿਲੇਗਾ। ਅੱਜ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਹੋਰ ਪਾਰਟੀਆਂ ਦੇ ਆਗੂ ਗੁੰਮਰਾਹਕੁੰਨ ਅਤੇ ਗਲਤ ਬਿਆਨਬਾਜ਼ੀ ਕਰਕੇ ਭੁਲੇਖੇ ਪੈਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਨੂੰਨਾਂ ਵਿੱਚ ਕਿਸਾਨਾਂ ਦੀ ਫਸਲ ਦੇ ਘੱਟੋ ਘੱਟ ਸਮਰਥਨ ਮੁੱਲ ਵਿੱਚ ਕੋਈ ਤਬਦੀਲੀ
ਨਹੀਂ ਕੀਤੀ ਗਈ ਹੈ ਅਤੇ ਨਾ ਹੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਐੱਮਐੱਸਪੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਮੋਦੀ ਸਰਕਾਰ ਨੇ ਸੰਵਿਧਾਨ ਦੇ ਦਾਇਰੇ ਵਿਚ ਰਹਿ ਕੇ ਹੀ ਕਿਸਾਨਾਂ ਦੇ ਹਿੱਤ ਵਿਚ ਕਾਨੂੰਨ ਬਣਾਏ ਹਨ ਤੇ ਕਿਸੇ ਵੀ ਤਰ੍ਹਾਂ ਸੂਬਾ ਸਰਕਾਰ ਦੇ ਅਧਿਕਾਰਾਂ ਦੀ ਉਲੰਘਣਾ ਨਹੀਂ ਕੀਤੀ ਗਈ। ਇਸ ਮੌਕੇ ਪੁਸ਼ਪਿੰਦਰ ਸਿੰਘ ਅਤੇ ਕਿਸਾਨ ਮੋਰਚਾ ਲੁਧਿਆਣਾ ਦੇ ਪ੍ਰਧਾਨ ਦਵਿੰਦਰ ਸਿੰਘ ਘੁੰਮਣ ਵੀ ਹਾਜ਼ਰ ਸਨ।