ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਅਕਤੂਬਰ
ਮਾਰਕਫੈੱਡ ਦੇ ਨਵੇਂ ਚੇਅਰਮੈਨ ਅਮਨਦੀਪ ਸਿੰਘ ਮੋਹੀ ਨੇ ਅੱਜ ਦਾਣਾ ਮੰਡੀ ਸਾਹਨੇਵਾਲ ਵਿੱਚ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਝੱਜ ਨਾਲ ਕਿਸਾਨਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਝੋਨੇ ਦੀ ਫ਼ਸਲ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸ ਦੀ ਚੁਕਾਈ ਯਕੀਨੀ ਬਣਾਈ ਜਾਵੇਗੀ।
ਚੇਅਰਮੈਨ ਨੇ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚੋਂ ਤੁਰੰਤ ਚੁੱਕੀ ਜਾਵੇ ਅਤੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਵੇਚਣ ਵੇਲੇ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ ਤਾਂ ਕਿ ਵਾਤਾਵਰਨ ਪ੍ਰਦੂਸ਼ਣ ਨੂੰ ਘੱਟ ਕਰਨ ਵਿੱਚ ਯੋਗਦਾਨ ਪਾਇਆ ਜਾ ਸਕੇ।
ਅਮਨਦੀਪ ਸਿੰਘ ਸੋਹੀ ਨੇ ਕਿਹਾ ਕਿ ‘ਆਪ’ ਸਰਕਾਰ ਬੀਤੇ 6 ਮਹੀਨਿਆਂ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ ’ਤੇ ਲੈ ਆਈ ਹੈ ਅਤੇ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਜੈਇੰਦਰ ਕੌਰ ਵੱਲੋਂ ਕਿਸਾਨਾਂ ਦੇ ਮਸਲੇ ਹੱਲ ਕਰਨ ਦੀ ਮੰਗ
ਖੰਨਾ (ਨਿੱਜੀ ਪੱਤਰ ਪ੍ਰੇਰਕ): ਜਾਟ ਮਹਾਂ ਸਭਾ ਪੰਜਾਬ ਮਹਿਲਾ ਵਿੰਗ ਦੀ ਪ੍ਰਧਾਨ ਜੈਇੰਦਰ ਕੌਰ ਨੇ ਇੱਥੋਂ ਦੀ ਅਨਾਜ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਕਿਸਾਨ ਮਜ਼ਦੂਰ ਜਥੇਬੰਦੀ ਦੇ ਆਗੂਆਂ ਨੇ ਮੰਗ ਪੱਤਰ ਦਿੰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਰਕਾਰ ਬਨਣ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਕਿ ਉਹ ਪਹਿਲੀ ਮੀਟਿੰਗ ਵਿੱਚ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਗੇ ਪਰ ਅਜਿਹਾ ਨਹੀਂ ਹੋਇਆ। ਕਿਸਾਨਾਂ ਨੇ ਕਿਹਾ ਕਿ ਅਗਸਤ ਵਿੱਚ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਨਾਲ ਹੋਈ, ਜਿਸ ਵਿੱਚ ਸਰਕਾਰ ਨੇ 2500 ਦੇਣ ਦਾ ਵਾਅਦਾ ਕੀਤਾ ਪਰ ਦੋਵੇਂ ਸਰਕਾਰਾਂ ਨੇ ਕਿਸਾਨਾਂ ਲਈ ਕੁਝ ਨਹੀਂ ਕੀਤਾ। ਆੜ੍ਹਤੀਆਂ ਨੇ ਮੰਡੀ ਵਿਚ ਸਹੂਲਤਾਂ ਦੀ ਪੂਰਤੀ ਸਬੰਧੀ ਮੰਗ ਪੱਤਰ ਸੌਂਪਦਿਆਂ ਮੰਡੀ ਵਿੱਚ ਆਉਂਦੀਆਂ ਸਮੱਸਿਆਵਾਂ ਤੋਂ ਜਾਣੂੰ ਕਰਵਾਇਆ। ਉਨ੍ਹਾਂ ਮੰਗ ਕੀਤੀ ਕਿ ਖੰਨਾ ਸ਼ਹਿਰ ਵਿਚ ਐਲੀਵੇਟਿਡ ਪੁਲ ਬਣਾਇਆ ਜਾਵੇ ਤਾਂ ਜੋ ਦੋ ਹਿੱਸਿਆਂ ਵਿੱਚ ਵੰਡਿਆ ਸ਼ਹਿਰ ਇੱਕ ਹੋਵੇ ਅਤੇ ਲੋਕਾਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲੇ। ਜੈਇੰਦਰ ਕੌਰ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਜਲਦੀ ਸਰਕਾਰ ਦੇ ਧਿਆਨ ਵਿਚ ਲਿਆ ਕੇ ਹੱਲ ਕਰਵਾਇਆ ਜਾਵੇਗਾ।