ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 20 ਦਸੰਬਰ
ਸ਼ਿਮਲਾਪੁਰੀ ਇਲਾਕੇ ’ਚ ਦੋ ਸਾਲ ਦੀ ਬੱਚੀ ਦਿਲਰੋਜ਼ ਦਾ ਕਤਲ ਹੋਣ ਮਗਰੋਂ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਦਿਲਰੋਜ਼ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਤੇ ਉਥੇ ਮੌਜੂਦ ਪੁਲੀਸ ਤੋਂ ਹੁਣ ਤਕ ਦੀ ਕਾਰਵਾਈ ਬਾਰੇ ਜਾਣਕਾਰੀ ਹਾਸਲ ਕੀਤੀ। ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਹ ਦਿਲਰੋਜ਼ ਦੇ ਕਾਤਲ ਨੂੰ ਸਖਤ ਸਜ਼ਾ ਦਿਵਾ ਕੇ ਰਹੇਗੀ। ਉਨ੍ਹਾਂ ਕਿਹਾ ਕਿ ਉਹ ਸਰਕਾਰ ਤੋਂ ਮੰਗ ਕਰੇਗੀ ਕਿ ਇਸ ਕੇਸ ਦੀ ਸੁਣਵਾਈ ਫਾਸਟ ਟ੍ਰੈਕ ’ਚ ਕੀਤੀ ਜਾਵੇ ਤਾਂ ਕਿ ਪਰਿਵਾਰ ਨੂੰ ਜਲਦੀ ਇਨਸਾਫ਼ ਮਿਲ ਸਕੇ।
ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਮੈਨ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਉਹ ਇਸ ਮਾਮਲੇ ਨਾਲ ਦਿਲ ਤੋਂ ਜੁੜੀ ਹੈ। ਪਰਿਵਾਰ ਨੂੰ ਵਾਅਦਾ ਵੀ ਕੀਤਾ ਸੀ ਕਿ ਉਹ ਜਲਦੀ ਇੱਕ ਵਾਰ ਫਿਰ ਉਨ੍ਹਾਂ ਨੂੰ ਮਿਲਣ ਆਵੇਗੀ। ਉਨ੍ਹਾਂ ਕਿਹਾ ਕਿ ਕਮਿਸ਼ਨ ਆਪਣੇ ਵੱਲੋਂ ਪੂਰੀ ਵਾਹ ਲਾ ਰਿਹਾ ਹੈ ਪਰ ਕਾਨੂੰਨੀ ਪ੍ਰਕਿਰਿਆ ਪੂਰੀ ਕਰਨੀ ਲਾਜ਼ਮੀ ਹੈ। ਪੁਲੀਸ ਨੇ ਵੀ ਇਸ ਮਾਮਲੇ ’ਚ ਕਾਫ਼ੀ ਤੇਜ਼ੀ ਵਿਖਾਈ ਹੈ।
ਪੁਲੀਸ ਨੇ ਉਨ੍ਹਾਂ ਨੂੰ ਦੱਸਿਆ ਹੈ ਕਿ 2 ਦਿਨਾਂ ’ਚ ਚੱਲਾਨ ਪੇਸ਼ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ’ਤੇ ਕਾਫ਼ੀ ਦਬਾਅ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪੁਲੀਸ ਕਮਿਸ਼ਨਰ ਨਾਲ ਸਮੇਂ ਸਮੇਂ ’ਤੇ ਇਸ ਕੇਸ ਸਬੰਧੀ ਗੱਲ ਹੁੰਦੀ ਰਹਿੰਦੀ ਹੈ। ਉਹ ਪਰਿਵਾਰ ਨਾਲ ਡੱਟ ਕੇ ਖੜ੍ਹੀ ਹੈ ਅਤੇ ਅੱਗੇ ਵੀ ਪਰਿਵਾਰ ਦੇ ਨਾਲ ਖੜ੍ਹੀ ਰਹੇਗੀ।