ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ
ਪੱਤਰ ਪ੍ਰੇਰਕ
ਸਮਰਾਲਾ, 13 ਜੁਲਾਈ
ਮਾਛੀਵਾੜਾ ਪੁਲੀਸ ਨੇ ਅੱਜ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਾਹਨ ਚਾਲਕਾਂ ਦੇ ਚਲਾਨ ਕੱਟੇ। ਇਸ ਸਬੰਧੀ ਥਾਣਾ ਮੁਖੀ ਮਾਛੀਵਾੜਾ ਇੰਸਪੈਕਟਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਅਕਸਰ ਦੇਖਣ ਵਿਚ ਆਉਂਦਾ ਹੈ ਕਿ ਦੋ ਪਹੀਆ ਵਾਹਨ ਚਾਲਕ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਦੇ ਹਨ ਅਤੇ ਹਾਦਸਿਆਂ ਦਾ ਸ਼ਿਕਾਰ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੁਲੀਸ ਵਲੋਂ ਮਾਛੀਵਾੜਾ ਵਿਖੇ ਵਿਸ਼ੇਸ਼ ਨਾਕਾਬੰਦੀ ਕਰ ਜਿੱਥੇ ਵਾਹਨ ਚਾਲਕਾਂ ਨੂੰ ਟਰੈਫਿਕ ਨਿਯਮਾਂ ਦੀ ਜਾਣਕਾਰੀ ਦਿੱਤੀ ਗਈ, ਉੱਥੇ ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਵੀ ਕੱਟੇ। ਥਾਣਾ ਮੁਖੀ ਨੇ ਦੱਸਿਆ ਕਿ ਦੋ ਪਹੀਆ ਵਾਹਨ ਚਾਲਕ ਕਿਸੇ ਵੀ ਕਿਸਮ ਦੀ ਪ੍ਰੇਸ਼ਾਨੀ ਤੋਂ ਬਚਣ ਲਈ ਦਸਤਾਵੇਜ਼ ਮੁਕੰਮਲ ਰੱਖਣ।
ਉਨ੍ਹਾਂ ਦੱਸਿਆ ਕਿ ਪੁਲੀਸ ਵਲੋਂ 12 ਮੋਟਰਸਾਈਕਲਾਂ ਦੇ ਚਲਾਨ ਕੱਟੇ ਗਏ ਅਤੇ 3 ਮੋਟਰਸਾਈਕਲ ਨੂੰ ਥਾਣੇ ਵਿਚ ਬੰਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੇ ਨਾਕੇ ਲਗਾ ਕੇ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਅਮਰਜੀਤ ਸਿੰਘ, ਕਰਨੈਲ ਸਿੰਘ, ਅਸ਼ਵਨੀ ਕੁਮਾਰ, ਜਗਦੇਵ ਸਿੰਘ (ਸਾਰੇ ਸਹਾਇਕ ਥਾਣੇਦਾਰ) ਵੀ ਮੌਜੂਦ ਸਨ।