ਖੁੱਲ੍ਹੇ ’ਚ ਕੂੜਾ ਸੁੱਟਣ ਵਾਲਿਆਂ ਦੇ ਚਲਾਨ ਕੱਟੇ
ਖੁੱਲ੍ਹੇ ਵਿੱਚ ਕੂੜਾ ਸੁੱਟਣ ਵਾਲਿਆਂ ਵਿਰੁੱਧ ਰਾਤ ਦੀ ਗਸ਼ਤ ਹੋਰ ਤੇਜ਼ ਕਰਦੇ ਹੋਏ ਨਗਰ ਨਿਗਮ ਦੀਆਂ ਟੀਮਾਂ ਨੇ ਬੁੱਧਵਾਰ ਰਾਤ ਅਤੇ ਵੀਰਵਾਰ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ 36 ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੀਤੇ। ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਦੇ ਨਿਰਦੇਸ਼ਾਂ ’ਤੇ ਕੰਮ ਕਰਦੇ ਹੋਏ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਦੀ ਅਗਵਾਈ ਵਿੱਚ ਚਲਾਨ ਕੱਟੇ। ਇਹ ਚਲਾਨ ਫਿਰੋਜ਼ਪੁਰ ਰੋਡ, ਪੈਵਿਲੀਅਨ ਮਾਲ ਦੇ ਨੇੜੇ, ਰੋਜ਼ ਗਾਰਡਨ, ਘੁਮਾਰ ਮੰਡੀ, ਰਾਣੀ ਝਾਂਸੀ ਰੋਡ, ਰੱਖ ਬਾਗ, ਫੁਹਾਰਾ ਚੌਕ ਸਣੇ ਹੋਰ ਇਲਾਕਿਆਂ ਵਿੱਚ ਜਾਰੀ ਕੀਤੇ ਗਏ।
ਸ਼ਹਿਰ ਵਿੱਚ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾ ਰਹੀਆਂ ਹਨ। ਵਸਨੀਕਾਂ ਨੂੰ ਕੂੜੇ ਨੂੰ ਘਟਾਉਣ, ਮੁੜ ਵਰਤੋਂ ਅਤੇ ਰੀਸਾਈਕਲ ਕਰਨ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਵਸਨੀਕਾਂ ਨੂੰ ਇਹ ਵੀ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕੂੜਾ, ਕੂੜਾ ਇਕੱਠਾ ਕਰਨ ਵਾਲਿਆਂ ਨੂੰ ਸੌਂਪਣ ਜਾਂ ਨਗਰ ਨਿਗਮ ਦੇ ਨਿਰਧਾਰਤ ਸਟੈਟਿਕ ਕੰਪੈਕਟਰ ਸਥਾਨਾਂ ’ਤੇ ਡੰਪ ਕਰਨ।
ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਅਤੇ ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ ਨੇ ਬੁੱਧਵਾਰ ਨੂੰ ਸਿਹਤ ਸ਼ਾਖਾ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ ਸੀ। ਅਧਿਕਾਰੀਆਂ ਨੂੰ ਉਲੰਘਣਾ ਕਰਨ ਵਾਲਿਆਂ ’ਤੇ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।
ਚਲਾਨ ਜਾਰੀ ਕਰਨ ਤੋਂ ਇਲਾਵਾ ਜਿਹੜੇ ਲੋਕ ਵਾਰ-ਵਾਰ ਉਲੰਘਣਾ ਕਰ ਰਹੇ ਹਨ, ਉਨ੍ਹਾਂ ਖ਼ਿਲਾਫ਼ ਐੱਫ ਆਈ ਆਰ ਵੀ ਦਰਜ ਕੀਤੀਆਂ ਜਾਣਗੀਆਂ। ਨਗਰ ਨਿਗਮ ਕਮਿਸ਼ਨਰ ਡੇਚਲਵਾਲ ਨੇ ਕਿਹਾ ਕਿ ਸ਼ਹਿਰ ਭਰ ਵਿੱਚ ਸਫਾਈ ਨੂੰ ਯਕੀਨੀ ਬਣਾਉਣ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਖੁੱਲ੍ਹੇ ਵਿੱਚ ਕੂੜਾ ਸੁੱਟਣਾ ਬੰਦ ਕਰਕੇ ਅਧਿਕਾਰੀਆਂ ਦਾ ਸਮਰਥਨ ਕਰਨ।
