Charanjit Singh Channi: ਚੰਨੀ ਨੇ ਕਾਂਗਰਸੀ ਆਗੂਆਂ ਨਾਲ ਵਿਚਾਰ ਵਟਾਂਦਰਾ ਕੀਤਾ
ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਦੌਰੇ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਹਲਕਾ ਦੱਖਣੀ ਦੇ...
ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਦੌਰੇ ਦੌਰਾਨ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਕੇ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ।
ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ, ਹਲਕਾ ਦੱਖਣੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ ਅਤੇ ਹਲਕਾ ਆਤਮ ਨਗਰ ਦੇ ਆਗੂ ਕਮਲਜੀਤ ਸਿੰਘ ਕੜਵਲ ਸਮੇਤ ਕਈ ਆਗੂ ਹਾਜ਼ਰ ਸਨ। ਸ੍ਰੀ ਚੰਨੀ ਨੇ ਕਿਹਾ ਕਿ ਹਾਲ ਹੀ ਵਿੱਚ ਹੋਈਆਂ ਨਗਰ ਨਿਗਮ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਮਜ਼ਬੂਤ ਸਥਿਤੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਪੰਜਾਬ ਵਿੱਚ ਅਗਲੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਅਗਵਾਈ ਹੇਠ ਸਰਕਾਰ ਬਣੇਗੀ।
ਉਨ੍ਹਾਂ ਕਿਹਾ ਕਿ ਲੋਕਾਂ ਨੇ ਪੁਲੀਸ ਦੀ ਦਖਲਅੰਦਾਜ਼ੀ ਦੇ ਬਾਵਜੂਦ ਜਿਸ ਦਲੇਰੀ ਨਾਲ ਆਮ ਆਦਮੀ ਪਾਰਟੀ ਦੇ ਜਬਰ ਦਾ ਮੁਕਾਬਲਾ ਕਰਦਿਆਂ ਕਾਂਗਰਸ ਪਾਰਟੀ ਦੇ ਹੱਕ ਵਿੱਚ ਫ਼ਤਵਾ ਦਿੱਤਾ ਹੈ ਉਸ ਨਾਲ ਕਾਂਗਰਸੀ ਵਰਕਰਾਂ ਦੇ ਹੌਸਲੇ ਬੁਲੰਦ ਹੋਏ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਤੰਤਰੀ ਕਦਰਾਂ ਕੀਮਤਾਂ ਦੀ ਘਾਣ ਕਰਦਿਆਂ ਚੋਣਾਂ ਵਿੱਚ ਵਰਤੀ ਸਰਕਾਰੀ ਮਸ਼ੀਨਰੀ ਦੇ ਬਾਵਜੂਦ ‘ਆਪ’ ਨੂੰ ਉਹ ਪ੍ਰਾਪਤੀ ਨਹੀਂ ਹੋਈ ਜਿਸ ਦੀ ਸਰਕਾਰ ਵੱਲੋਂ ਆਸ ਲਗਾਈ ਗਈ ਸੀ।
ਇਸ ਮੌਕੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦਾ ਇੱਕ ਇੱਕ ਵਰਕਰ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਇੱਕ ਕਰੇਗਾ। ਈਸ਼ਵਰਜੋਤ ਚੀਮਾ ਅਤੇ ਕਮਲਜੀਤ ਸਿੰਘ ਕੜਵਲ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ਵਿੱਚ ਲੋਕ ‘ਆਪ’ ਨੂੰ ਮੂੰਹ ਨਹੀਂ ਲਾਉਣਗੇ।
ਗਡਵਾਸੂ ਦੇ ਮੁਲਾਜ਼ਮਾਂ ਦਾ ਵਫ਼ਦ ਚੰਨੀ ਨੂੰ ਮਿਲਿਆ
ਲੁਧਿਆਣਾ (ਖੇਤਰੀ ਪ੍ਰਤੀਨਿਧ): ਗਡਵਾਸੂ ਯੂਨੀਵਰਸਿਟੀ, ਲੁਧਿਆਣਾ ਦੇ ਨਾਨ-ਟੀਚਿੰਗ ਕਰਮਚਾਰੀਆਂ ਦੀ ਯੂਨੀਅਨ ਦੇ ਵਫ਼ਦ ਨੇ ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ। ਇਸ ਮੌਕੇ ਵਫ਼ਦ ਨੇ ਯੂਨੀਅਨ ਵੱਲੋਂ ਮੰਗ ਪੱਤਰ ਸੌਂਪਦੇ ਹੋਏ ਯੂਨੀਵਰਸਿਟੀ ਦੀਆਂ ਸਮੱਸਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਵਫ਼ਦ ਨੇ ਦੱਸਿਆ ਕਿ ਸਰਕਾਰ ਵੱਲੋਂ ਯੂਨੀਵਰਸਿਟੀਆਂ ਨੂੰ ਤਨਖ਼ਾਹਾਂ ਅਤੇ ਹੋਰ ਵਿੱਤੀ ਲੋੜਾਂ ਲਈ ਸਮੇਂ ਸਿਰ ਗਰਾਂਟਾਂ ਜਾਰੀ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਯੂਨੀਵਰਸਿਟੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਂਦਿਆਂ ਬਕਾਇਆ ਗਰਾਂਟਾਂ ਤੁਰੰਤ ਜਾਰੀ ਕਰੇ ਅਤੇ ਭਵਿੱਖ ਵਿੱਚ ਫੰਡਾਂ ਦੀ ਸਮੇਂ ਸਿਰ ਉਪਲਬਧਤਾ ਯਕੀਨੀ ਬਣਾਏ। ਯੂਨੀਅਨ ਨੇ ਇਹ ਵੀ ਮੰਗ ਕੀਤੀ ਕਿ ਯੂਨੀਵਰਸਿਟੀ ਦੇ ਸੁਚਾਰੂ ਸੰਚਾਲਨ ਲਈ ਕੇਂਦਰ ਸਰਕਾਰ ਵੱਲੋਂ ਵਿਸ਼ੇਸ਼ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਵੇ। ਇਸ ਮੌਕੇ ਸ੍ਰੀ ਚੰਨੀ ਨੇ ਵਫ਼ਦ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਉਨ੍ਹਾਂ ਦੀਆਂ ਮੰਗਾਂ ਨੂੰ ਅੱਗੇ ਉਠਾਉਣ ਦਾ ਭਰੋਸਾ ਦਿੱਤਾ।

