ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 25 ਮਈ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਕੀਤੇ ਹੁਕਮਾਂ ਤੋਂ ਬਾਅਦ ਅੱਜ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਵੱਲੋ ਪੰਜਾਬ ਰਾਜ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅੱਜ ਸਕੂਲਾਂ ਦੀਆਂ ਬੱਸਾਂ ਦੀ ਚੈਕਿੰਗ ਕੀਤੀ ਗਈ। ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ, ਪੁਲੀਸ ਵਿਭਾਗ, ਸਿੱਖਿਆ ਵਿਭਾਗ, ਟਰਾਂਸਪੋਰਟ ਵਿਭਾਗ ਟੀਮ ਵੱਲੋ ਸਾਂਝੇ ਤੌਰ ’ਤੇ ਬੀਸੀਐੱਮ, ਸ਼ਾਸ਼ਤਰੀ ਨਗਰ ਅਤੇ ਆਰਐੱਸ ਮਾਡਲ ਸੀਨੀਅਰ ਸੈਕੰਡਰੀ, ਸ਼ਾਸ਼ਤਰੀ ਨਗਰ, ਲੁਧਿਆਣਾ ਵਿੱਚ ਸਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਚੈਕਿੰਗ ਦੌਰਾਨ ਸੇਫ ਸਕੂਲ ਵਾਹਨ ਪਾਲਿਸੀ ਦੀਆਂ ਸ਼ਰਤਾਂ ਪੂਰੀਆਂ ਨਾ ਕਰਨ ਵਾਲੇ ਸਕੂਲੀ ਵਾਹਨਾਂ ਦੇ ਚਲਾਨ ਵੀ ਕੱਟੇ ਗਏ ਹਨ। ਇਸ ਦੌਰਾਨ ਮੋਟਰ ਵਹੀਕਲ ਇੰਸਪੈਕਟਰ ਨਰੇਸ਼ ਕਲੇਰ ਵੱਲੋ ਸਕੂਲੀ ਵਾਹਨਾਂ ਦੇ ਡਰਾਈਵਰਾਂ ਨੂੰ ਇਹ ਗੱਲ ਸਪੱਸ਼ਟ ਕੀਤੀ ਗਈ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ’ਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਤੇ ਬੱਸਾਂ ਦੇ ਚਲਾਨ ਕੱਟੇ ਜਾਣਗੇ। ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਰਸ਼ਮੀ ਨੇ ਕਿਹਾ ਕਿ ਰੈਗੂਲਰ ਅਤੇ ਅਚਨਚੇਤ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾਵੇਗੀ। ਇਸ ਮੌਕੇ ਟ੍ਰਾਂਸਪੋਰਟ ਵਿਭਾਗ ਦੇ ਕਲਰਕ ਰਵਿੰਦਰ ਸਿੰਘ, ਹਰਮਿੰਦਰ ਸਿੰਘ ਰੌਮੀ, ਸਿੱਖਿਆ ਵਿਭਾਗ, ਸੰਦੀਪ ਸਿੰਘ ਸ਼ੋਸ਼ਲ ਵਰਕਰ (ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ), ਸਬ ਇੰਸਪੈਕਟਰ ਵਰਿੰਦਰ ਪਾਲ ਸਿੰਘ ਸ਼ਾਮਲ ਸਨ।