ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਦਸੰਬਰ
ਸਨਅਤੀ ਸ਼ਹਿਰ ਵਿੱਚ ਵੀ 3 ਜਨਵਰੀ ਤੋਂ 15 ਤੋਂ 18 ਸਾਲ ਦੀ ਉਮਰ ਦੇ ਬੱਚਿਆਂ ਲਈ ਟੀਕੇ ਲਗਾਏ ਜਾਣਗੇ, ਇਸ ਦੇ ਲਈ ਅੱਜ ਨਗਰ ਨਿਗਮ ਕੌਂਸਲਰ ਮਮਤਾ ਆਸ਼ੂ ਅਤੇ ਵਧੀਕ ਡਿਪਟੀ ਕਮਿਸ਼ਨਰ ਜਗਰਾਉਂ-ਕਮ-ਨੋਡਲ ਅਫ਼ਸਰ ਟੀਕਾਕਰਨ ਡਾ. ਨਯਨ ਜੱਸਲ ਨੇ ਅੱਜ ਸਕੂਲਾਂ ਦੇ ਪ੍ਰਿੰਸੀਪਲਾਂ ਨਾਲ ਮੀਟਿੰਗ ਕੀਤੀ। ਇਹ ਮੀਟਿੰਗ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਬੱਚਤ ਭਵਨ ਵਿਖੇ ਹੋਈ ਅਤੇ ਇਸ ਵਿੱਚ ਵੱਖ-ਵੱਖ ਨਾਮੀ ਸਕੂਲਾਂ ਦੇ ਪ੍ਰਿੰਸੀਪਲਾਂ ਨੇ ਸ਼ਮੂਲੀਅਤ ਕੀਤੀ। ਅੱਜ ਦੀ ਮੀਟਿੰਗ ਵਿੱਚ ਟੀਕਾਕਰਨ ਸਬੰਧੀ ਵਿਚਾਰ ਵਟਾਂਦਰੇ ਕੀਤੇ ਗਏ। ਕੌਂਸਲਰ ਮਮਤਾ ਆਸ਼ੂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕਰਨ ਕਿਉਂਕਿ ਟੀਕਾਕਰਨ ਕੋਵਿਡ ਨਾਲ ਲੜਨ ਵਿੱਚ ਮਦਦ ਕਰਦਾ ਹੈ। ਉਨ੍ਹਾਂ ਕਿਹਾ ਕਿ 15 ਤੋਂ 18 ਸਾਲ ਦੀ ਉਮਰ ਦੇ ਵੱਧ ਤੋਂ ਵੱਧ ਬੱਚਿਆਂ ਨੂੰ ਕਵਰ ਕਰਨ ਲਈ ਸਕੂਲਾਂ ਵਿੱਚ ਵਿਸ਼ੇਸ਼ ਕੈਂਪ ਵੀ ਲਗਾਏ ਜਾਣਗੇ। ਡਾ. ਨਯਨ ਜੱਸਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਨੂੰ ਅਜੇ ਤੱਕ ਟੀਕਾਕਰਨ ਦੀ ਦੂਜੀ ਡੋਜ਼ ਨਹੀਂ ਲਗਵਾਈ ਹੈ, ਉਨ੍ਹਾਂ ਨੂੰ ਵੀ ਅੱਗੇ ਆਉਣਾ ਚਾਹੀਦਾ ਹੈ ਅਤੇ ਆਪਣਾ ਪੂਰਾ ਟੀਕਾਕਰਨ ਕਰਵਾਉਣਾ ਚਾਹੀਦਾ ਹੈ। ਉਨ੍ਹਾਂ ਦੱਸਿਆ ਕਿ ਕੁਝ ਲੋਕਾਂ ਵਿੱਚ ਅਜੇ ਵੀ ਇਹ ਗਲਤ ਧਾਰਨਾ ਹੈ ਕਿ ਕੋਵਿਡ-19 ਟੀਕਾਕਰਨ ਸੁਰੱਖਿਅਤ ਨਹੀਂ ਹੈ।