ਬੱਚੇ ਦੀ ਮੌਤ: ਵਿਧਾਇਕ ਗਰੇਵਾਲ ਅਤੇ ਡੀਸੀ ਵੱਲੋਂ ਪਰਿਵਾਰ ਨਾਲ ਮੁਲਾਕਾਤ
ਵਿਧਾਇਕ ਅਤੇ ਡਿਪਟੀ ਕਮਿਸ਼ਨਰ ਨੇ ਐਲਾਨ ਕੀਤਾ ਕਿ ਸੂਬਾ ਸਰਕਾਰ ਜਲਦੀ ਹੀ ਪਰਿਵਾਰ ਨੂੰ 4 ਲੱਖ ਰੁਪਏ ਦੀ ਐਕਸਗ੍ਰੇਸ਼ੀਆ ਰਾਸ਼ੀ ਦੇਵੇਗੀ। ਇਸ ਤੋਂ ਇਲਾਵਾ ਪਰਿਵਾਰ ਨੂੰ ਅਸਥਾਈ ਤੌਰ ’ਤੇ ਢੁੱਕਵੀਂ ਜਗ੍ਹਾ ’ਤੇ ਤਬਦੀਲ ਕਰਨ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣੀ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ ਅਤੇ ਹਰ ਸੰਭਵ ਸਹਾਇਤਾ ਦੇਣ ਲਈ ਵਚਨਬੱਧ ਹਨ। ਵਿਧਾਇਕ ਗਰੇਵਾਲ ਅਤੇ ਡੀਸੀ ਜੈਨ ਨੇ ਇਲਾਕੇ ਵਿੱਚ ਨੁਕਸਾਨੇ ਗਏ ਘਰਾਂ ਦਾ ਵਿਆਪਕ ਸਰਵੇਖਣ ਕਰਨ ਦੇ ਵੀ ਆਦੇਸ਼ ਦਿੱਤੇ। ਨਗਰ ਨਿਗਮ ਅਤੇ ਹੋਰ ਸਬੰਧਤ ਵਿਭਾਗਾਂ ਦੀ ਇੱਕ ਟੀਮ ਤੁਰੰਤ ਸਰਵੇਖਣ ਕਰੇਗੀ, ਇਹ ਯਕੀਨੀ ਬਣਾਏਗੀ ਕਿ ਸਾਰੇ ਪ੍ਰਭਾਵਿਤ ਪਰਿਵਾਰਾਂ ਨੂੰ ਢੁਕਵਾਂ ਮੁਆਵਜ਼ਾ ਮਿਲੇ। ਪ੍ਰਸ਼ਾਸਨ ਹੜ੍ਹਾਂ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਭੋਜਨ ਰਾਸ਼ਨ ਵੀ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਨਿਵਾਸੀਆਂ ਦੀ ਸੁਰੱਖਿਆ ਨੂੰ ਵਧਾਉਣ ਅਤੇ ਭਾਰੀ ਬਾਰਿਸ਼ ਕਾਰਨ ਹੋਣ ਵਾਲੀਆਂ ਭਵਿੱਖ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਰਗਰਮ ਉਪਾਅ ਕਰ ਰਿਹਾ ਹੈ।