ਸੀਵਰੇਜ ਬੋਰਡ ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫ਼ਸਰਾਂ ਦੀ ਕਲਾਸ ਲਾਈ
ਮੰਤਰੀ ਅਤੇ ਰਾਜ ਸਭਾ ਮੈਂਬਰ ਵੱਲੋਂ ਬੁੱਢੇ ਦਰਿਆ ਦੇ ਪੁਨਰ ਸੁਰਜੀਤੀ ਪ੍ਰਾਜੈਕਟ ਦੀ ਸਮੀਖਿਆ
ਬੁੱਢੇ ਦਰਿਆ ਨੂੰ ਸਾਫ਼ ਕਰਨ ਦੇ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਬੁੱਢਾ ਦਰਿਆ ਪੁਨਰ ਸੁਰਜੀਤੀ ਪ੍ਰਾਜੈਕਟ ਦੇ ਤਹਿਤ ਅੱਜ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਸੀਵਰੇਜ ਬੋਰਡ ਦੇ ਅਫ਼ਸਰਾਂ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫ਼ਸਰਾਂ ਦੀ ਕਲਾਸ ਲਗਾਈ। ਦੋਵਾਂ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸਰਕਾਰ ਵੱਲੋਂ ਬੁੱਢਾ ਦਰਿਆ ਨੂੰ ਸਾਫ਼ ਕਰਨ ਲਈ ਸ਼ੁਰੂ ਕੀਤੇ ਗਏ ਪ੍ਰਾਜੈਕਟ ਵਿੱਚ ਇਨ੍ਹਾਂ ਦੋਵਾਂ ਬੋਰਡਾਂ ਦੇ ਅਧਿਕਾਰੀ ਸਹੀ ਕੰਮ ਨਹੀਂ ਕਰ ਰਹੇ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਤੇ ਰਾਜ ਸਭਾ ਮੈਂਬਰ ਨੇ ਅੱਜ ਐੱਸ ਟੀ ਪੀ ਜਮਾਲਪੁਰ ਵਿੱਚ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ ਡਬਲਯੂ ਐੱਸ ਐੱਸ ਬੀ) ਅਤੇ ਨਗਰ ਨਿਗਮ ਦੇ ਸਬੰਧਤ ਸਟਾਫ ਨੂੰ ਸੀਵਰ ਟਰੀਟਮੈਂਟ ਪਲਾਂਟਾਂ (ਐੱਸ ਟੀ ਪੀ) ਅਤੇ ਐਫਲੂਐਂਟ ਟਰੀਟਮੈਂਟ ਪਲਾਂਟਾਂ (ਈ ਟੀ ਪੀ) ਦੇ ਸਹੀ ਕੰਮਕਾਜ ਨੂੰ ਯਕੀਨੀ ਬਣਾਉਣ ਲਈ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਅਤੇ ਅਣਗਹਿਲੀ ਦੀ ਸੂਰਤ ਵਿੱਚ ਉਨ੍ਹਾਂ ਖ਼ਿਲਾਫ਼ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਐੱਮ ਪੀ ਸੀਚੇਵਾਲ ਨੇ ਨਗਰ ਨਿਗਮ ਅਤੇ ਪੀ ਪੀ ਸੀ ਬੀ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਬੁੱਢੇ ਦਰਿਆ ਵਿੱਚ ਗੋਹਾ ਅਤੇ ਅਣਸੋਧਿਆ ਉਦਯੋਗਿਕ ਪਾਣੀ ਸੁੱਟਣ ਤੋਂ ਰੋਕਣ ਅਤੇ ਜਿੱਥੇ ਵੀ ਜ਼ਰੂਰੀ ਹੋਵੇ, ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਅਤੇ ਐਮ.ਪੀ ਸੀਚੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਬੁੱਢੇ ਦਰਿਆ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਹ ਨਿਯਮਿਤ ਤੌਰ ’ਤੇ ਜ਼ਮੀਨੀ ਪੱਧਰ ’ਤੇ ਪ੍ਰਗਤੀ ਦੀ ਨਿਗਰਾਨੀ ਕਰ ਰਹੇ ਹਨ ਅਤੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਕੰਮਾਂ ਲਈ ਸਮਾਂ-ਸੀਮਾਵਾਂ ਵੀ ਨਿਰਧਾਰਤ ਕੀਤੀਆਂ ਗਈਆਂ ਹਨ ਅਤੇ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਇਸ ਸਬੰਧ ਵਿੱਚ ਕੋਈ ਵੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਕਿਸੇ ਵੀ ਦੇਰੀ ਦੀ ਸੂਰਤ ਵਿੱਚ ਅਧਿਕਾਰੀਆਂ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਬੁੱਢੇ ਦਰਿਆ ਦੇ ਕੰਢੇ ’ਤੇ ਐੱਮ ਪੀ ਸੀਚੇਵਾਲ ਦੁਆਰਾ ਸਥਾਪਿਤ ‘ਸੰਗਤ ਘਾਟ’ ਦਾ ਦੌਰਾ ਵੀ ਕੀਤਾ। ਵਿਧਾਇਕ ਦਲਜੀਤ ਸਿੰਘ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਨਗਰ ਨਿਗਮ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਤਾਜਪੁਰ ਰੋਡ ਡੇਅਰੀ ਕੰਪਲੈਕਸ ਵਿਖੇ ਡੇਅਰੀ ਮਾਲਕਾਂ ਨਾਲ ਮੀਟਿੰਗ ਵੀ ਕੀਤੀ। ਡੇਅਰੀ ਮਾਲਕਾਂ ਨੂੰ ਬੁੱਢੇ ਦਰਿਆ ਵਿੱਚ ਗੋਹਾ ਸੁੱਟਣਾ ਬੰਦ ਕਰਨ ਅਤੇ ਅਧਿਕਾਰੀਆਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ ਗਈ ਨਹੀਂ ਤਾਂ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

