ਨਿੱਜੀ ਪੱਤਰ ਪ੍ਰੇਰਕ
ਖੰਨਾ/ਦੋਰਾਹਾ, 2 ਦਸੰਬਰ
ਕੇਂਦਰ ਸਰਕਾਰ ਜਦੋਂ ਤੱਕ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨਹੀਂ ਮੰਨ ਲੈਂਦੀ ਉਦੋਂ ਤੱਕ ਲਗਾਤਾਰ ਕਿਸਾਨ ਜਥਿਆਂ ਦਾ ਝੁਕਾਅ ਦਿੱਲੀ ਵੱਲ ਬਰਕਰਾਰ ਰੱਖਿਆ ਜਾਵੇਗਾ। ਇਹ ਗੱਲ ਅੱਜ ਇਥੇ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਸੀਨੀਅਰ ਆਗੂ ਪ੍ਰਗਟ ਸਿੰਘ ਕੋਟ ਪਨੈਚ ਨੇ ਖੰਨਾ ਰੇਲਵੇ ਸਟੇਸ਼ਨ ਤੋਂ ਜਥਾ ਦਿੱਲੀ ਰਵਾਨਾ ਕਰਦਿਆਂ ਕਹੀ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗਾਂ ਮਨਵਾਉਣ ਲਈ ਸਾਰੇ ਵਰਗਾਂ ਦੀ ਸਿਦਕਦਿਲੀ ਲਈ ਸਮੁੱਚੇ ਭਾਈਚਾਰਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਬੇਸ਼ੱਕ ਇਹੋ-ਜਿਹੇ ਰਾਜਨੀਤਕਾਂ ’ਤੇ ਹਮੇਸ਼ਾਂ ਸ਼ੱਕ ਬਣਿਆ ਹੋਇਆ ਹੈ, ਇਸ ਦੇ ਬਾਵਜੂਦ ਕਿਸਾਨ ਅੰਦੋਲਨ ਨੇ ਇਕ ਅਜਿਹਾ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਕਾਰਨ ਰਹਿੰਦੀ ਦੁਨੀਆ ਤੱਕ ਪ੍ਰਧਾਨ ਮੰਤਰੀ ਮੋਦੀ ਨੂੰ ਲਾਹਨਤਾਂ ਪੈਂਦੀਆਂ ਰਹਿਣਗੀਆਂ। ਗੁਰਮੇਲ ਸਿੰਘ ਸਿਹੌੜਾ ਅਤੇ ਅਮਰਜੀਤ ਸਿੰਘ ਨੇ ਕਿਹਾ ਕਿ ਕੁਝ ਸਾਲਾਂ ਤੋਂ ਰਾਜਨੀਤੀ ’ਚ ਪੈਦਾ ਹੋਇਆ ਵਪਾਰੀਕਰਨ ਲੋਕਾਂ ਲਈ ਤਬਾਹੀ ਦਾ ਕਾਰਨ ਬਣਿਆ ਹੋਇਆ ਹੈ, ਜੋ ਸਿਆਸੀ ਪਾਰਟੀਆਂ ਲਈ ਕਈ-ਕਈ ਪੁਸ਼ਤਾਂ ਦੀ ਕਮਾਈ ਦਾ ਸਾਧਨ ਬਣ ਚੁੱਕਿਆ ਹੈ। ਇਸ ਮੌਕੇ ਬਲਵਿੰਦਰ ਸਿੰਘ, ਸਵਰਨ ਸਿੰਘ, ਭੋਲਾ ਸਿੰਘ ਅਤੇ ਬਿੱਟੂ ਸਿਹੌੜਾ ਨੇ ਸੰਬੋਧਨ ਕੀਤਾ।
ਲਲਹੇੜੀ ਰੋਡ ’ਤੇ ਧਰਨਾ ਜਾਰੀ
ਇਥੋਂ ਦੇ ਲਲਹੇੜੀ ਚੌਕ ਵਿੱਚ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 68ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਨੇ ਤਿੰਨ ਖੇਤੀ ਕਾਨੂੰਨ ਰੱਦ ਕਰਨ ’ਤੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਹੋਣਾ ਕਿਸਾਨਾਂ-ਮਜ਼ਦੂਰਾਂ ਦੀ ਏਕਤਾ ਦੀ ਜਿੱਤ ਹੈ। ਉਨ੍ਹਾਂ ਕਿਸਾਨ ਸੰਘਰਸ਼ ਵਿਚ ਯੋਗਦਾਨ ਪਾਉਣ ਵਾਲੇ ਸਮੂਹ ਸੰਘਰਸ਼ੀ, ਕਿਰਤ ਕਿਸਾਨਾਂ-ਮਜ਼ਦੂਰਾਂ ਨੂੰ ਲੋਕ ਸੰਘਰਸ਼ ਦੀ ਜਿੱਤ ਦੀ ਵਧਾਈ ਦਿੱਤੀ।