ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 14 ਸਤੰਬਰ
ਸਾਫ-ਸੁਥਰਾ ਅਤੇ ਹਰਿਆਵਲ ਭਰਿਆ ਵਾਤਾਵਰਨ ਮੁਹੱਈਆ ਕਰਾਉਣ ਦੇ ਮੰਤਵ ਨਾਲ ਵਿਧਾਨ ਸਭਾ ਹਲਕਾ ਲੁਧਿਆਣਾ ਉਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵੱਲੋਂ ਵਾਰਡ ਨੰਬਰ-87 ’ਚ ਗ੍ਰੀਨ ਬੈਲਟ ਅਧੀਨ ਪਾਰਕਾਂ ਦੇ ਨਵੀਨੀਕਰਨ ਦੀ ਸ਼ੁਰੂਆਤ ਕਰਵਾਈ ਗਈ। ਇਸ ਪ੍ਰਾਜੈਕਟ ’ਤੇ ਕਰੀਬ 83 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਚਿਰੌਕਣੀ ਮੰਗ ਨੂੰ ਬੂਰ ਪੈਣ ਤੋਂ ਬਾਅਦ ਸਥਾਨਕ ਵਸਨੀਕਾਂ ਵੱਲੋਂ ਵਿਧਾਇਕ ਦਾ ਧੰਨਵਾਦ ਵੀ ਕੀਤਾ ਗਿਆ। ਵਿਧਾਇਕ ਮਦਨ ਲਾਲ ਬੱਗਾ ਨੇ ਕਿਹਾ ਕਿ ਸ਼ਹਿਰ ਵਾਸੀਆਂ ਲਈ ਸਵੇਰੇ-ਸ਼ਾਮ ਦੀ ਸੈਰ ਕਰਨ ਅਤੇ ਬੱਚਿਆਂ ਦੇ ਮਨੋਰੰਜਨ ਲਈ ਜਿੱਥੇ ਨਵੇਂ ਪਾਰਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਉਥੇ ਸਾਰੇ ਪਾਰਕਾਂ ਦਾ ਸੁੰਦਰੀਕਰਨ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਾਰਕਾਂ ਦੇ ਸੁੰਦਰੀਕਰਨ ਤਹਿਤ ਨਵੇਂ ਫੁੱਲਾਂ ਦੇ ਬੂਟੇ, ਬੱਚਿਆਂ ਲਈ ਝੂਲੇ, ਨੌਜਵਾਨਾਂ ਨੂੰ ਕਸਰਤ ਕਰਨ ਲਈ ਓਪਨ ਜਿਮ, ਪਾਰਕਾਂ ਦੀ ਚਾਰਦੀਵਾਰੀ ਦੀ ਮੁਰੰਮਤ, ਗਰਿੱਲਾਂ ਲਗਾਉਣਾ, ਛਾਂਦਾਰ ਰੁੱਖਾਂ ਦੇ ਬੂਟੇ ਲਗਾਉਣ ਤੋਂ ਇਲਾਵਾ ਬਜ਼ੁਰਗਾਂ ਨੂੰ ਸਵੇਰ-ਸ਼ਾਮ ਦੀ ਸੈਰ ਲਈ ਸਮਰਪਿਤ ਫੁਟਪਾਥ ਵੀ ਬਣਾਏ ਜਾ ਰਹੇ ਹਨ। ਵਿਧਾਇਕ ਬੱਗਾ ਨੇ ਕਿਹਾ ਕਿ ਸਰਕਾਰ ਆਪਣੇ ਵਸਨੀਕਾਂ ਨੂੰ ਸਾਫ-ਸੁੱਥਰਾ ਤੇ ਹਰਿਆ ਭਰਿਆ ਵਾਤਾਵਰਨ ਪ੍ਰਦਾਨ ਕਰਨ ਲਈ ਵਚਨਬੱਧ ਹੈ।