ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਜਨਵਰੀ
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਦੇ 14 ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜਨ ਵਾਲੇ ਉਮੀਦਵਾਰਾਂ ਵੱਲੋਂ ਮੀਡੀਆ ’ਤੇ ਕੀਤੇ ਜਾਣ ਵਾਲੇ ਖਰਚ ਉਤੇ ਨਿਗਾਹ ਰੱਖਣ ਲਈ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕਰ ਦਿੱਤੀ ਗਈ ਹੈ, ਜਿਸਨੇ ਆਪਣਾ ਕੰਮ ਚੋਣ ਜ਼ਾਬਤੇ ਦੇ ਨਾਲ ਹੀ ਸ਼ੁਰੂ ਕਰ ਦਿੱਤਾ। ਡੀਸੀ ਵਰਿੰਦਰ ਕੁਮਾਰ ਸ਼ਰਮਾ ਨੇ ਐੱਮਸੀ ਸੈਂਟਰ ਦਾ ਦੌਰਾ ਕੀਤਾ ਤੇ ਉਥੇ ਕੀਤੇ ਜਾ ਰਹੇ ਕੰਮ ਨੂੰ ਦੇਖਿਆ। ਉਨ੍ਹਾਂ ਹਦਾਇਤ ਕੀਤੀ ਕਿ ਸਾਰੇ ਉਮੀਦਵਾਰਾਂ ਵੱਲੋਂ ਮੀਡੀਆ, ਜਿਸ ਵਿਚ ਅਖਬਾਰ, ਰੇਡੀਓ, ਟੀਵੀ, ਈ-ਪੇਪਰ ਅਤੇ ਸੋਸ਼ਲ ਮੀਡੀਆ ਆਦਿ ਸ਼ਾਮਲ ਹਨ, ਉਪਰ ਤਿੱਖੀ ਨਜ਼ਰ ਰੱਖੀ ਜਾਵੇ ਤੇ ਜੇਕਰ ਕਿਸੇ ਵੀ ਉਮੀਦਵਾਰ ਦਾ ਇਸ਼ਤਿਹਾਰ ਮਿਲਦਾ ਹੈ ਤਾਂ ਉਸ ਨੂੰ ਉਸਦੇ ਚੋਣ ਖਰਚੇ ਵਿਚ ਸ਼ਾਮਿਲ ਕਰਨ ਲਈ ਸਬੰਧਤ ਰਿਟਰਨਿੰਗ ਅਧਿਕਾਰੀ ਨੂੰ ਤੁਰੰਤ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇਹ ਖਰਚਾ ਉਸਦੇ ਚੋਣ ਖਰਚੇ ਵਿਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਇਲੈਕਟ੍ਰਾਨਿਕ ਮੀਡੀਆ, ਜਿਸ ਵਿਚ ਈ-ਪੇਪਰ ਤੇ ਸੋਸ਼ਲ ਮੀਡੀਆ ਵੀ ਸ਼ਾਮਲ ਹਨ, ਵਿਚ ਇਸ਼ਤਿਹਾਰ ਦੇਣ ਲਈ ਐੱਮਸੀ ਕੋਲੋਂ ਪ੍ਰਵਾਨਗੀ ਲੈਣੀ ਜ਼ਰੂਰੀ ਹੈ ਅਤੇ ਇਸ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਲੁਧਿਆਣਾ ਦੇ ਦਫਤਰ ਵਿਚ ਪਹੁੰਚ ਕੀਤੀ ਜਾਵੇ। ਕਮੇਟੀ ਇਸ ਦੀ ਜਿੱਥੇ ਸਕਰਪਿਟ ਵੇਖੇਗੀ, ਉਥੇ ਇਸ਼ਤਿਾਹਰ ਬਣਾਉਣ ਤੇ ਲਗਾਉਣ ਉਤੇ ਆਏ ਖਰਚੇ ਦੀ ਜਾਣਕਾਰੀ ਲੈ ਕੇ ਇਹ ਆਗਿਆ ਦੇਵੇਗੀ। ਉਨਾਂ ਕਿਹਾ ਕਿ ਇਸ ਖਰਚੇ ਦੀ ਸਾਰੀ ਅਦਾਇਗੀ ਚੈੱਕ ਨਾਲ ਕੀਤੀ ਜਾਣੀ ਵੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਅਦਾਰਾ ਉਮੀਦਵਾਰ ਦੀ ਲਿਖਤੀ ਆਗਿਆ ’ਤੇ ਕਮੇਟੀ ਦੀ ਪ੍ਰਵਾਨਗੀ ਤੋਂ ਬਿਨਾਂ ਇਸ਼ਤਿਹਾਰ ਲਗਾ ਦਿੰਦਾ ਹੈ ਤਾਂ ਉਸ ਵਿਰੁੱਧ 171 ਐੱਚ ਇੰਡੀਅਨ ਪੈਨਲ ਕੋਡ ਤਹਿਤ ਕੇਸ ਦਰਜ ਕਰਵਾਇਆ ਜਾਵੇਗਾ।