ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 29 ਜੂਨ
ਭਾਰਤੀ ਕਮਿਊਨਿਸਟ ਪਾਰਟੀ ਜ਼ਿਲ੍ਹਾ ਲੁਧਿਆਣਾ ਨੇ ਉਦੈਪੁਰ ਵਿੱਚ ਹੋਏ ਕਤਲ ਅਤੇ ਉਸ ਤੋਂ ਬਾਅਦ ਵਾਪਰੀਆਂ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਮੀਟਿੰਗ ਦੌਰਾਨ ਆਗੂਆਂ ਨੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਕੇ ਉਨ੍ਹਾਂ ਦੇ ਪਿੱਛੇ ਕੰਮ ਕਰ ਰਹੀਆਂ ਤਾਕਤਾਂ ਦਾ ਜਲਦੀ ਪਤਾ ਲਗਾ ਕੇ ਸਾਰੀ ਸੱਚਾਈ ਲੋਕਾਂ ਸਾਹਮਣੇ ਲਿਆਉਣ ਦੀ ਮੰਗ ਕੀਤੀ।
ਪਾਰਟੀ ਆਗੂਆਂ ਕਾਮਾਰੇ ਡੀ.ਪੀ. ਮੌੜ, ਡਾ. ਅਰੁਣ ਮਿੱਤਰਾ, ਰਮੇਸ਼ ਰਤਨ, ਚਮਕੌਰ ਸਿੰਘ, ਵਿਜੈ ਕੁਮਾਰ ਅਤੇ ਐੱਮ.ਐੱਸ. ਭਾਟੀਆ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਸੀ ਭਾਈਚਾਰਾ ਅਤੇ ਸਦਭਾਵਨਾ ਬਣਾਈ ਰੱਖਣ। ਆਗੂਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵੀ ਚਾਹੀਦਾ ਹੈ ਕਿ ਉਹ ਦੇਸ਼ ਵਿੱਚ ਭਾਈਚਾਰਾ ਅਤੇ ਸਦਭਾਵਨਾ ਬਣਾਈ ਰੱਖਣ ਲਈ ਲੋਕਾਂ ਨੂੰ ਸੰਬੋਧਨ ਕਰਨ।
ਉਨ੍ਹਾਂ ਕਿਹਾ ਕਿ ਦੰਗਿਆਂ ਦਾ ਫ਼ਾਇਦਾ ਕਿਸ ਨੂੰ ਹੁੰਦਾ ਹੈ ਇਹ ਵੀ ਜਾਨਣ ਦੀ ਲੋੜ ਹੈ। ਜਦੋਂ ਵੀ ਕਿਸੇ ਸੂਬੇ ਵਿੱਚ ਚੋਣਾਂ ਹੋਣੀਆਂ ਹੁੰਦੀਆਂ ਹਨ, ਉੱਥੇ ਦੰਗੇ ਸ਼ੁਰੂ ਹੋ ਜਾਂਦੇ ਹਨ। ਮੀਟਿੰਗ ਦੌਰਾਨ ਗਹਿਲੋਤ ਸਰਕਾਰ ਵੱਲੋਂ ਸਥਿਤੀ ’ਤੇ ਕਾਬੂ ਪਾਉਣ ਲਈ ਕੀਤੀ ਕਾਰਵਾਈ ’ਤੇ ਵੀ ਤਸੱਲੀ ਪ੍ਰਗਟਾਈ ਗਈ। ਆਗੂਆਂ ਨੇ ਦੇਸ਼ ਵਿੱਚ ਵਧ ਰਹੀ ਮਹਿੰਗਾਈ ਤੇ ਬੇਰੁਜ਼ਗਾਰੀ ਦੀ ਨਿਖੇਧੀ ਵੀ ਕੀਤੀ।