ਸਤਵਿੰਦਰ ਬਸਰਾ
ਲੁਧਿਆਣਾ, 3 ਅਗਸਤ
ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ ’ਤੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਲੁਧਿਆਣਾ ਇਕਾਈ ਵਲੋਂ ਜਲ ਸਪਲਾਈ ਵਿਭਾਗ ਦੇ ਪ੍ਰਤਾਪ ਚੌਕ ਡਿਵੀਜ਼ਨ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਜਾਣਕਾਰੀ ਮੁਤਾਬਿਕ ਜਲ ਸਪਲਾਈ ਕਾਮਿਆਂ ਨੇ ਦੋ ਦਿਨ ਸਮੂਹਿਕ ਛੁੱਟੀ ਲੈ ਕੇ 48 ਘੰਟੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਨ ਮਗਰੋਂ ਇਸ ਰੋਸ ਪ੍ਰਦਰਸ਼ਨ ’ਚ ਹਿੱਸਾ ਲਿਆ ਅਤੇ ਪੰਜਾਬ ਸਰਕਾਰ ਦੀਆਂ ਲੋਕ ਅਤੇ ਠੇਕਾ ਮੁਲਾਜ਼ਮ ਵਿਰੋਧੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਨਾਅਰੇਬਾਜ਼ੀ ਕੀਤੀ।
ਰੋਸ ਮੁਜ਼ਾਹਰੇ ਨੂੰ ਸੰਬੋਧਨ ਕਰਦਿਆਂ ਚਰਨ ਸਿੰਘ, ਜਗਜੀਤ ਸਿੰਘ, ਹਰਪ੍ਰੀਤ ਸਿੰਘ ਗਰੇਵਾਲ, ਬਲਜਿੰਦਰ ਗਰੇਵਾਲ ਜਸਵੰਤ ਸਿੰਘ ਤੇ ਰਣਜੀਤ ਸਿੰਘ ਸਣੇ ਹੋਰਨਾਂ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਵਿਭਾਗ ’ਚ ਇਨਲਿਸਟਮੈਂਟ, ਕੰਪਨੀਆਂ, ਸੁਸਾਇਟੀਆਂ, ਆਊਟਸੋਰਸਿੰਗ ਤਹਿਤ ਪੇਂਡੂ ਜਲ ਘਰਾਂ ਅਤੇ ਦਫ਼ਤਰਾਂ ’ਚ ਵੱਖ -ਵੱਖ ਰੈਗੂਲਰ ਪੋਸਟਾਂ ’ਤੇ ਸੇਵਾਵਾਂ ਦੇ ਰਹੇ ਕੰਟਰੈਕਟ ਵਰਕਰਾਂ ਦਾ ਸਬੰਧਤ ਵਿਭਾਗ ’ਚ ਰਲੇਵਾਂ ਕਰਕੇ ਰੈਗੂਲਰ ਕਰਨ ਦੀ ਮੰਗ ਲਈ ਸ਼ਾਂਤਮਈ ਢੰਗ ਨਾਲ ਸੰਘਰਸ਼ ਚੱਲ ਰਿਹਾ ਹੈ। ਪਰ ਤ੍ਰਾਸਦੀ ਇਹ ਹੈ ਕਿ ਪੰਜਾਬ ਸਰਕਾਰ ਇਨ੍ਹਾਂ ਠੇਕਾ ਵਰਕਰਾਂ ਦੀਆਂ ਜਾਇਜ਼ ਅਤੇ ਹੱਕੀ ਮੰਗਾਂ ਦਾ ਹੱਲ ਕਰਨ ਲਈ ਤਿਆਰ ਨਹੀਂ ਹੈ। ਉਨ੍ਹਾਂ ਦੱਸਿਆ ਕਿ ਲੋੋਕਾਂ ਦੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਅਤੇ ਮੁੱਢਲੀ ਸਹੂਲਤ ਦੇਣ ਵਾਲੇ ਪੇਂਡੂ ਜਲ ਸਪਲਾਈ ਸਕੀਮਾਂ ਦਾ ਪ੍ਰਬੰਧ ਪ੍ਰਾਈਵੇਟ ਕੰਪਨੀ ਨੂੰ ਦੇ ਕੇ ਨਿੱਜੀਕਰਨ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਵਿਰੁੱਧ ਸਮੁੱਚੇ ਪੰਜਾਬ ਦੇ ਜਲ ਸਪਲਾਈ ਕਾਮਿਆਂ ਵਲੋਂ 3-4 ਅਗਸਤ ਨੂੰ 48 ਘੰਟੇ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਕੇ ਲਗਾਤਾਰ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਠੇਕਾ ਵਰਕਰਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵਲੋਂ ਪਹਿਲਾਂ ਤਿਆਰ ਕੀਤੀ ਪ੍ਰਪੋਜ਼ਲ ਨੂੰ ਤੁਰੰਤ ਲਾਗੂ ਕਰਨਾ ਅਤੇ ਸਬੰਧਤ ਵਿਭਾਗ ’ਚ ਠੇਕਾ ਵਰਕਰਾਂ ਦਾ ਰਲੇਵਾਂ ਕਰਕੇ ਰੈਗੂਲਰ ਕਰਨਾ, ਕਿਸੇ ਵੀ ਠੇਕਾ ਕਾਮੇ ਦੀ ਛਾਂਟੀ ਨਾ ਕਰਨਾ ਅਤੇ ਵਰਕਰਾਂ ਦੀ ਤਨਖਾਹ ਘੱਟੋ-ਘੱਟ 18000 ਨੂੰ ਲਾਗੂ ਕੀਤਾ ਜਾਵੇ।
ਖੰਨਾ (ਜੋਗਿੰਦਰ ਸਿੰਘ ਓਬਰਾਏ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ ’ਤੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ ਦੋ ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਰੋਸ ਮੁਜ਼ਾਹਰਾ ਕੀਤਾ। ਕਰਮ ਚੰਦ ਫਰੋਰ, ਦਲਵੀਰ ਸਿੰਘ ਅਤੇ ਰਵਿੰਦਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਦਾ ਹੱਲ ਨਹੀਂ ਹੁੰਦਾ ਸੰਘਰਸ਼ ਲਗਾਤਾਰ ਜਾਰੀ ਰਹੇਗਾ।