ਨਿੱਜੀ ਪੱਤਰ ਪ੍ਰੇਰਕ
ਖੰਨਾ, 27 ਨਵੰਬਰ
ਕੰਪਿਊਟਰ ਅਧਿਆਪਕਾਂ ਵੱਲੋਂ ਸੰਵਿਧਾਨ ਦਿਵਸ ਨੂੰ ਸਮਰਪਿਤ ਸੂੁਬਾ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਜਾਰੀ ਕੀਤੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਸਾੜਦੇ ਹੋਏ ਰੋਸ ਪ੍ਰਦਰਸ਼ਨ ਕੀਤਾ। ਇਸ ਮੌਕੇ ਪਰਮਵੀਰ ਸਿੰਘ ਪੰਮੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਨ੍ਹਾਂ ਨਾਲ ਪਿਛਲੇ ਡੇਢ ਸਾਲ ਤੋਂ ਪੱਖਪਾਤ ਕੀਤਾ ਜਾ ਰਿਹਾ ਹੈ, ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਹੋਇਆ ਇੱਕ ਦਹਾਕੇ ਤੋਂ ਵੱਧ ਸਮਾਂ ਹੋ ਗਿਆ ਹੈ, ਪਰ ਨਾ ਤਾਂ ਉਨ੍ਹਾਂ ਨੂੰ 2014 ਏਸੀਪੀ ਸਕੀਮ ਦਾ ਲਾਭ ਦਿੱਤਾ ਗਿਆ ਅਤੇ ਨਾ ਹੀ ਪਿਛਲੇ ਪੰਜ ਸਾਲਾਂ ਦੌਰਾਨ ਇਨਟਰਮ ਰਿਲੀਫ ਵਜੋਂ 5 ਫ਼ੀਸਦੀ ਤਨਖਾਹ ਵਾਧੇ ਦਾ ਲਾਭ ਦਿੱਤਾ ਗਿਆ। ਅਵਤਾਰ ਸਿੰਘ, ਤੇਜਿੰਦਰ ਸਿੰਘ ਅਤੇ ਬਲਜੀਤ ਸਿੰਘ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕਾਂਗਰਸੀ ਆਗੂਆਂ ਨੇ ਉਨ੍ਹਾਂ ਦੇ ਸਾਰੇ ਲਾਭ ਬਹਾਲ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਤੱਕ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜਦੋਂ ਤੱਕ ਉਨ੍ਹਾਂ ਦੇ ਹੱਕ ਨਹੀਂ ਮਿਲਦੇ ਸੰਘਰਸ਼ ਲਗਾਤਾਰ ਜਾਰੀ ਰਹੇਗਾ।