ਸਤਵਿੰਦਰ ਬਸਰਾ
ਲੁਧਿਆਣਾ, 1 ਜੁਲਾਈ
ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਦੇ ਅਧਿਕਾਰਾਂ ਨੂੰ ਬਹਾਲ ਨਾ ਕੀਤੇ ਜਾਣ ਦੇ ਰੋਸ ਵਜੋਂ ਅਤੇ ਅੱਜ ਰੈਗੂਲਰ ਹੋਣ ਦੇ 10 ਸਾਲ ਪੂਰੇ ਹੋਣ ’ਤੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਜਾਰੀ ਰੈਗੂਲਰ ਆਰਡਰ ਦੀਆਂ ਕਾਪੀਆਂ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ। ਉਨ੍ਹਾਂ ਨੇ ਇਸ ਮੌਕੇ 4 ਜੁਲਾਈ ਨੂੰ ਪਟਿਆਲਾ ਵਿੱਚ ਮਹਾ ਰੈਲੀ ਕਰਨ ਦਾ ਐਲਾਨ ਵੀ ਕੀਤਾ। ਕੰਪਿਊਟਰ ਅਧਿਆਪਕ ਆਗੂ ਪ੍ਰਦੀਪ ਮਲੂਕਾ, ਪ੍ਰਭਜੋਤ ਸਿੰਘ ਬੱਲ, ਪਰਮਵੀਰ ਸਿੰਘ ਪੰਮੀ, ਗੁਰਦੀਪ ਸਿੰਘ ਬੈਂਸ, ਰਾਜਦੀਪ ਮਾਨਸਾ, ਹਰਵੀਰ ਸਿੰਘ ਫ਼ਤਹਿਗੜ੍ਹ ਸਾਹਿਬ, ਨਰਿੰਦਰ ਕੁਲਾਰ ਲੁਧਿਆਣਾ, ਜੌਨੀ ਸਿੰਗਲਾ ਆਦਿ ਨੇ ਦੱਸਿਆ ਕਿ ਉਹ ਆਪਣੇ ਜਾਇਜ਼ ਅਧਿਕਾਰਾਂ ਲਈ ਪਿਛਲੇ ਇੱਕ ਦਹਾਕੇ ਤੋਂ ਲਗਾਤਾਰ ਸੰਘਰਸ਼ ਦੀ ਰਾਹ ’ਤੇ ਹਨ ਪਰ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਝੂਠੇ ਵਾਅਦਿਆਂ ਤੋਂ ਇਲਾਵਾ ਹੋਰ ਕੁੱਝ ਵੀ ਨਹੀਂ ਦਿੱਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦੀ ਵਾਅਦਾਖ਼ਿਲਾਫ਼ੀ ਕਾਰਨ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵਿਚ ਜਬਰਦਸਤ ਰੋਸ ਪਾਇਆ ਜਾ ਰਿਹਾ ਹੈ ਅਤੇ ਹੁਣ ਉਹ ਆਪਣੇ ਅਧਿਕਾਰਾਂ ਦੀ ਪ੍ਰਾਪਤੀ ਤੱਕ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੇ ਆਰਡਰ ਵਿਚ ਦਰਜ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਅਨੁਸਾਰ ਉਨ੍ਹਾਂ ਨੂੰ ਬਣਦੇ ਲਾਭ ਦਿੱਤੇ ਜਾਣ ਅੇ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਪਿਛਲੇ ਸਮੇਂ ਦੇ ਦੌਰਾਨ ਕਿਸੇ ਵੀ ਕਾਰਨ ਮੌਤ ਹੋ ਚੁੱਕੀ ਹੈ, ਉਨ੍ਹਾਂ ਦੇ ਵਾਰਸਾਂ ਨੂੰ ਮਾਲੀ ਸਹਾਇਤਾ ਦੇ ਨਾਲ-ਨਾਲ ਸਰਕਾਰੀ ਨੌਕਰੀ ਦਿੱਤੀ ਜਾਵੇ। ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਮਾਂ ਰਹਿੰਦੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਸ਼ਰਤ ਨਾ ਮੰਨਿਆ ਗਿਆ ਤਾਂ ਉਹ ਸੰਘਰਸ਼ ਨੂੰ ਹੋਰ ਤੇਜ਼ ਕਰਨਗੇ।