ਪੈਨਸ਼ਨਰਾਂ ਨਾਲ ਮੀਟਿੰਗ ਰੱਦ ਕਰਨ ਦੀ ਨਿਖੇਧੀ
ਅੱਜ ਇਥੇ ਗੌਰਮਿੰਟ ਪੈਨਸ਼ਨਰਜ਼ ਐਸੋਸੀਏਸ਼ਨ ਦੇ ਮੈਬਰਾਂ ਦੀ ਇੱਕਤਰਤਾ ਪਵਨ ਕੁਮਾਰ ਕੌਸ਼ਲ ਦੀ ਪ੍ਰਧਾਨਗੀ ਹੇਠਾ ਹੋਈ, ਜਿਸ ਵਿੱਚ ਪੈਨਸ਼ਨਰਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਦੇ ਅਰੰਭ ਵਿੱਚ ਸਭ ਤੋਂ ਪਹਿਲਾਂ ਪੈਨਸ਼ਨਰ ਚਰਨ ਸਿੰਘ ਲੰਡਾ ਦੀ ਅਚਾਨਕ ਹੋਈ ਮੌਤ ’ਤੇ ਦੋ ਮਿੰਟ ਦਾ ਮੋਨ ਧਾਰਨ ਕਰ ਕੇ ਸ਼ਰਧਾਂਜਲੀ ਭੇਟ ਕੀਤੀ ਗਈ। ਇਸ ਮੌਕੇ ਪੈਨਸ਼ਨਰਾਂ ਨੇ ਆਪਣੀਆਂ ਹੱਕੀਂ ਮੰਗਾਂ ਸਬੰਧੀ ਵਿੱਤ ਮੰਤਰੀ ਵੱਲੋਂ 27 ਅਕਤੂਬਰ ਨੂੰ ਪੈਨਸ਼ਰਾਂ ਨਾਲ ਗੱਲਬਾਤ ਕਰਨ ਦਾ ਸਮਾਂ ਦੇ ਉਪਰੰਤ ਮੌਕੇ ’ਤੇ ਆ ਕੇ ਮੀਟਿੰਗ ਰੱਦ ਕਰਨ ਦੀ ਤਿੱਖੇ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਸਿਰਫ਼ ਲਾਰੇ ਲਾਊ ਨੀਤੀ ਅਪਣਾ ਰਹੀ ਹੈ ਅਤੇ ਸਾਢੇ ਤਿੰਨ ਸਾਲ ਦਾ ਸਮਾਂ ਬੀਤ ਜਾਣ ’ਤੇ ਵੀ ਹੁਣ ਤੱਕ ਪੈਨਸ਼ਨਰਾਂ ਨਾਲ ਕੀਤਾ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਰਣਜੀਤ ਸਿੰਘ ਟਿਵਾਣਾ ਨੇ ਕਿਹਾ ਕਿ ਜਨਵਰੀ 2016 ਤੋਂ ਜੂਨ 2021 ਤੱਕ ਯੱਕ ਮੁਸ਼ਤ ਅਦਾ ਕਰਨ ਦੀ ਬਜਾਏ 12 ਤੋਂ 42 ਕਿਸ਼ਤਾਂ ਵਿੱਚ ਅਦਾ ਕਰਨਾ ਪੈਨਸ਼ਨਰਾਂ ਨਾਲ ਇਕ ਕੋਝਾ ਮਜ਼ਾਕ ਹੈ। ਉਨ੍ਹਾਂ ਮੰਗ ਕੀਤੀ ਕਿ ਪੈਨਸ਼ਨਰਾਂ ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਲਦ ਲਾਗੂ ਕੀਤੀਆਂ ਜਾਣ, ਪੈਨਸ਼ਨ 2.59 ਗੁਣਾਂਕ ਨਾਲ ਦੁਹਰਾਈ ਜਾਵੇ ਆਦਿ। ਮੀਟਿੰਗ ਵਿਚ ਫੈਸਲਾ ਕੀਤਾ ਗਿਆ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਜਲਦ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਕਮਲਜੀਤ ਸਿੰਘ, ਪਿਆਰਾ ਸਿੰਘ, ਰੁਪਿੰਦਰ ਸਿੰਘ ਆਦਿ ਹਾਜ਼ਰ ਸਨ।
