ਗਾਜਾ ਵਿੱਚ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਨਿਖੇਧੀ
ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਯੂਨੀਅਨ ਦੇ ਸੂਬਾਈ ਚੇਅਰਮੈਨ ਬਲਵਿੰਦਰ ਜੰਮੂ, ਕਾਰਜਕਾਰੀ ਪ੍ਰਧਾਨ ਜੈ ਸਿੰਘ ਛਿੱਬਰ, ਸਕੱਤਰ ਜਨਰਲ ਭੂਸ਼ਨ ਸੂਦ ਅਤੇ ਜਥੇਬੰਦਕ ਸਕੱਤਰ ਸੰਤੋਖ ਗਿੱਲ ਨੇ ਗਾਜਾ ਵਿੱਚ ਇਜ਼ਰਾਈਲੀ ਫੌਜ ਵੱਲੋਂ ਇਕ ਹਵਾਈ ਹਮਲੇ ਵਿੱਚ ਅਲ-ਜਜ਼ੀਰਾ ਦੇ ਪੱਤਰਕਾਰ ਮੁਹੰਮਦ ਕਰੀਕੇਹ ਸਣੇ ਚਾਰ ਹੋਰ ਪੱਤਰਕਾਰਾਂ ਨੂੰ ਨਿਸ਼ਾਨਾ ਬਣਾ ਕੇ ਜਾਨ ਤੋਂ ਮਾਰ ਦੇਣ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੱਤਰਕਾਰਾਂ ਦੀ ਟੀਮ ਗਾਜਾ ਵਿੱਚ ਭੁੱਖਮਰੀ ਦਾ ਸ਼ਿਕਾਰ ਹੋ ਰਹੇ ਬੇਕਸੂਰ ਫ਼ਲਸਤੀਨੀ ਲੋਕਾਂ ਬਾਰੇ ਸਿੱਧੀ ਜਾਣਕਾਰੀ ਨਸ਼ਰ ਕਰ ਰਹੀ ਸੀ। ਪੱਤਰਕਾਰ ਆਗੂਆਂ ਨੇ ਕਿਹਾ ਕਿ 22 ਮਹੀਨੇ ਤੋਂ ਜਾਰੀ ਯੁੱਧ ਦੌਰਾਨ ਇਹ ਪਹਿਲਾ ਮੌਕਾ ਹੈ ਜਦੋਂ ਇਜ਼ਰਾਈਲੀ ਫ਼ੌਜ ਨੇ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣ ਦੀ ਸਿੱਧੇ ਤੌਰ ’ਤੇ ਜ਼ਿੰਮੇਵਾਰੀ ਵੀ ਕਬੂਲ ਕੀਤੀ ਹੈ। ਉਨ੍ਹਾਂ ਇਜ਼ਰਾਈਲੀ ਫ਼ੌਜ ਦੀ ਇਸ ਕਾਇਰਤਾ ਭਰੀ ਕਾਰਵਾਈ ਦੀ ਨਿੰਦਾ ਕਰਦਿਆਂ ਇਸ ਵਿਰੁੱਧ ਅਵਾਜ਼ ਬੁਲੰਦ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਯੁੱਧ ਦੌਰਾਨ ਪੱਤਰਕਾਰਾਂ ਦੀ ਸੁਰੱਖਿਆ ਬਾਰੇ ਕਮੇਟੀ ਨੇ ਵੀ ਜੋਖ਼ਮ ਭਰੇ ਹਾਲਾਤ ਵਿੱਚ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਬਦਲਾਲਊ ਢੰਗ ਨਾਲ ਨਿਸ਼ਾਨਾ ਬਣਾਉਣ ਦੀ ਨਿੰਦਾ ਕੀਤੀ ਹੈ। ਪੱਤਰਕਾਰ ਆਗੂਆਂ ਨੇ ਕੌਮਾਂਤਰੀ ਪੱਧਰ ’ਤੇ ਪੱਤਰਕਾਰਾਂ ਦੇ ਹਿੱਤਾਂ ਦੀ ਰਾਖੀ ਲਈ ਲੜਨ ਵਾਲੀਆਂ ਜਥੇਬੰਦੀਆਂ ਸਣੇ ਸੰਯੁਕਤ ਰਾਸ਼ਟਰ ਨੂੰ ਵੀ ਇਜ਼ਰਾਈਲੀ ਸਰਕਾਰ ਵਿਰੁੱਧ ਆਵਾਜ਼ ਬੁਲੰਦ ਕਰਨ ਲਈ ਸੱਦਾ ਦਿੱਤਾ ਹੈ।