ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 26 ਫਰਵਰੀ
ਪੰਥਕ ਦਲ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਹਿੱਸੇਦਾਰੀ ਖਤਮ ਕਰਨ ਦੇ ਫ਼ੈਸਲੇ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਜੇ ਕੇਂਦਰ ਸਰਕਾਰ ਨੇ ਪੰਜਾਬ ਦੇ ਹੱਕਾਂ ਨੂੰ ਨਜ਼ਰਅੰਦਾਜ਼ ਕਰਨ ਦੀ ਕੋਸ਼ਿਸ਼ ਕੀਤੀ ਤਾਂ ਜਥੇਬੰਦੀ ਵੱਲੋਂ ਭਾਜਪਾ ਆਗੂਆਂ ਦਾ ਘਿਰਾਓ ਕੀਤਾ ਜਾਵੇਗਾ। ਅੱਜ ਇੱਥੇ ਇਕ ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਸੀਨੀਅਰ ਆਗੂ ਭਵਨ ਸਿੰਘ ਸਿੱਧੂ ਨੇ ਕਿਹਾ ਕਿ ਕੇਂਦਰ ਨੇ ਭਾਖੜਾ ਮੈਨੇਜਮੈਂਟ ਬੋਰਡ ’ਚੋਂ ਪੰਜਾਬ ਦੀ ਹਿੱਸੇਦਾਰੀ ਖ਼ਤਮ ਕਰ ਦਿੱਤੀ ਹੈ, ਜੋ ਪੰਜਾਬ ਨਾਲ ਵਿਤਕਰੇ ਦੀ ਸਿਖਰ ਹੈ।
ਉਨ੍ਹਾਂ ਕਿਹਾ ਕਿ ਜਦੋਂ ਤੋਂ ਭਾਰਤ ਆਜ਼ਾਦ ਹੋਇਆ ਹੈ, ਉਦੋਂ ਤੋਂ ਹੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰੇਬਾਜ਼ੀ ਕਰਦੀ ਆ ਰਹੀ ਹੈ। ਆਜ਼ਾਦੀ ਤੋਂ ਬਾਅਦ ਸਿੱਖਾਂ ਨੂੰ ਜਰਾਇਮ ਪੇਸ਼ਾ ਕਹਿ ਕੇ ਭੰਡਿਆ ਗਿਆ ਅਤੇ ਫਿਰ ਪੰਜਾਬ ਨੂੰ ਟੁਕੜਿਆਂ ’ਚ ਵੰਡਕੇ ਚੰਡੀਗੜ੍ਹ ਦੀਆਂ ਨੌਕਰੀਆਂ ਵਿਚ ਪੰਜਾਬੀਆਂ ਦੀ ਹਿੱਸੇਦਾਰੀ ਘਟਾਉਂਦੇ ਘਟਾਉਂਦੇ ਅੱਜ ਬਿਲਕੁਲ ਖਤਮ ਕਰ ਦਿੱਤੀਆਂ ਗਈਆਂ ਹਨ। ਪੰਥਕ ਦਲ ਪੰਜਾਬ ਇਨ੍ਹਾਂ ਸਾਰੇ ਮੁੱਦਿਆਂ ਦੇ ਹੱਲ ਲਈ ਲਈ ਕੇਂਦਰ ਨਾਲ ਗੱਲਬਾਤ ਕਰੇਗਾ।