ਲੁਧਿਆਣਾ (ਖੇਤਰੀ ਪ੍ਰਤੀਨਿਧ): ਯੋਜਨਾ ਕਮਿਸ਼ਨ ਦੇ ਸਾਬਕਾ ਡਿਪਟੀ ਚੇਅਰਮੈਨ ਮੌਨਟੇਕ ਸਿੰਘ ਆਹਲੂਵਾਲੀਆ ਦੀ ਅਗਵਾਈ ਹੇਠ ਕਾਇਮ ਕੀਤੀ ਕਮੇਟੀ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਨੂੰ ਡੈਮੋਕਰੈਟਿਕ ਟੀਚਰਜ਼ ਫਰੰਟ (ਡੀਟੀਐੱਫ) ਪੰਜਾਬ ਦੇ ਆਗੂਆਂ ਨੇ ਲੋਕ ਮਾਰੂ ਐਲਾਨਿਆ ਹੈ। ਦਵਿੰਦਰ ਸਿੰਘ ਪੂਨੀਆ ਅਤੇ ਜਨਰਲ ਸਕੱਤਰ ਜਸਵਿੰਦਰ ਸਿੰਘ ਝਬੇਲਵਾਲੀ ਨੇ ਕਿਹਾ ਕਿ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰ ਕੇ ਸੱਤਾ ਵਿੱਚ ਆਈ ਕਾਂਗਰਸ ਸਰਕਾਰ ਲੋਕਾਂ ਵਾਸਤੇ ਰੁਜ਼ਗਾਰ ਦੇ ਸਾਰੇ ਰਸਤੇ ਬੰਦ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮੇਟੀ ਦੀਆਂ ਸਿਫ਼ਾਰਸ਼ਾਂ ਨੂੰ ਕਿਸੇ ਵੀ ਹਾਲਤ ਵਿਚ ਲਾਗੂ ਨਹੀਂ ਹੋਣ ਦੇਣਗੇ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਇਨਕਲਾਬੀ ਕੇਂਦਰ ਪੰਜਾਬ ਨੇ ਮੌਨਟੇਕ ਸਿੰਘ ਆਹਲੂਵਾਲੀਆ ਵੱਲੋਂ ਕੀਤੀਆਂ ਸਿਫ਼ਾਰਸ਼ਾਂ ਰੱਦ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਆਹਲੂਵਾਲੀਆ ਤੋਂ ਇਹ ਆਸ ਤਾਂ ਕੀਤੀ ਹੀ ਨਹੀਂ ਜਾ ਸਕਦੀ ਸੀ ਕਿ ਉਹ ਕਾਰਪੋਰੇਟ ਅਦਾਰਿਆਂ ਅਤੇ ਪੂੰਜੀਪਤੀਆਂ ’ਤੇ ਟੈਕਸ ਲਾਉਣ ਦੀ ਸਿਫ਼ਾਰਸ਼ ਕਰਨਗੇ ਜਾਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਦੇ ਤਨਖ਼ਾਹਾਂ ਭੱਤਿਆਂ ਅਤੇ ਅਣਗਿਣਤ ਪੈਨਸ਼ਨਾਂ ਬੰਦ ਕਰਨ ਦੀ ਸਿਫ਼ਾਰਸ਼ ਕਰਨਗੇ। ਇਨਕਲਾਬੀ ਕੇਂਦਰ ਪੰਜਾਬ ਦੇ ਪ੍ਰਧਾਨ ਨਰਾਇਣ ਦੱਤ ਅਤੇ ਜਨਰਲ ਸਕੱਤਰ ਕਮਲਜੀਤ ਖੰਨਾ ਨੇ ਕਿਹਾ 1995 ‘ਚ ਨਿੱਜੀਕਰਨ, ਤੇ ਖੁੱਲ੍ਹੀ ਮੰਡੀ ਦੇ ਇਸ ਅਲੰਬਰਦਾਰ ਤੋਂ, ਜੋ ਊਸ ਨੇ ਕੀਤਾ ਇਸੇ ਦੀ ਤਵੱਕੋ ਕੀਤੀ ਜਾ ਸਕਦੀ ਸੀ।