ਗੁਰੂਸਰ ਸੁਧਾਰ (ਸੰਤੋਖ ਗਿੱਲ): ਕਿਲ੍ਹਾ ਰਾਏਪੁਰ ਵਿਚ ਅਡਾਨੀਆਂ ਦੀ ਖ਼ੁਸ਼ਕ ਬੰਦਰਗਾਹ ਸਾਹਮਣੇ ਲੜੀਵਾਰ ਧਰਨਾ ਪ੍ਰਦਰਸ਼ਨ ਕਰਨ ਵਾਲੇ ਅੰਦੋਲਨਕਾਰੀਆਂ ਨੇ ਅੱਜ ਪੱਖੋਵਾਲ-ਡੇਹਲੋਂ ਮੁੱਖ ਮਾਰਗ ਉੱਪਰ ਰੋਸ ਮਾਰਚ ਕੀਤਾ। ਵਿਵਾਦਿਤ ਖੇਤੀ ਕਾਨੂੰਨਾਂ, ਕਾਰਪੋਰੇਟ ਘਰਾਣਿਆਂ ਅਤੇ ਮੋਦੀ ਹਕੂਮਤ ਵਿਰੁੱਧ ਸੰਯੁਕਤ ਕਿਸਾਨ ਮੋਰਚੇ ਅਤੇ ਜਮਹੂਰੀ ਕਿਸਾਨ ਸਭਾ ਵੱਲੋਂ ਲੜੀਵਾਰ ਧਰਨੇ ਦੀ ਅਗਵਾਈ ਮਹਿੰਦਰ ਕੌਰ, ਅਮਨਦੀਪ ਕੌਰ ਅਤੇ ਸੁਖਵਿੰਦਰ ਕੌਰ ਨੇ ਕੀਤੀ। ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦੇ ਜ਼ਿਲ੍ਹਾ ਸਕੱਤਰ ਹਰਨੇਕ ਸਿੰਘ ਗੁੱਜਰਵਾਲ ਅਤੇ ਜਮਹੂਰੀ ਕਿਸਾਨ ਸਭਾ ਦੇ ਗੁਰਉਪਦੇਸ਼ ਸਿੰਘ ਘੁੰਗਰਾਣਾ ਨੇ ਸੰਬੋਧਨ ਕਰਦਿਆਂ ਕਿਸਾਨਾਂ ਦਾ ਸਿਰ ਭੰਨਣ ਦੇ ਹੁਕਮ ਦੇਣ ਵਾਲੇ ਅਧਿਕਾਰੀ ਦੀ ਪਿੱਠ ਥਾਪੜਨ ਵਾਲੇ ਮੁੱਖ ਮੰਤਰੀ ਖੱਟਰ ਦੀ ਨਿੰਦਾ ਕੀਤੀ। ਕਿਸਾਨ ਆਗੂਆਂ ਨੇ ਮੁੱਖ ਮੰਤਰੀ ਵੱਲੋਂ ਬਿਨਾ ਸ਼ਰਤ ਮੁਆਫ਼ੀ ਮੰਗਣ ਅਤੇ ਗ਼ੈਰਕਾਨੂੰਨੀ ਹੁਕਮ ਦੇਣ ਵਾਲੇ ਅਫ਼ਸਰ ਨੂੰ ਤੁਰੰਤ ਬਰਖ਼ਾਸਤ ਕਰਨ ਦੀ ਮੰਗ ਕੀਤੀ ਹੈ। ਜਮਹੂਰੀ ਕਿਸਾਨ ਸਭਾ ਦੇ ਜ਼ਿਲ੍ਹਾ ਸਕੱਤਰ ਰਘਵੀਰ ਸਿੰਘ ਬੈਨੀਪਾਲ, ਜਗਤਾਰ ਸਿੰਘ ਚਕੋਹੀ, ਸੁਰਜੀਤ ਸਿੰਘ ਸੀਲੋਂ, ਅਮਰੀਕ ਸਿੰਘ ਜੜਤੌਲੀ, ਅਮਰਜੀਤ ਸਿੰਘ ਸਹਿਜਾਦ ਨੇ ਸੰਬੋਧਨ ਕਰਦਿਆਂ ਕਾਨੂੰਨਾਂ ਦੀ ਵਾਪਸੀ ਤੱਕ ਘੋਲ ਜਾਰੀ ਰੱਖਣ ਦਾ ਅਹਿਦ ਦੁਹਰਾਇਆ।