ਖੇਤਰੀ ਪ੍ਰਤੀਨਿਧ
ਲੁਧਿਆਣਾ, 19 ਨਵੰਬਰ
ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਦੇ ਅਹੁਦੇਦਾਰਾਂ ਅਤੇ ਕਾਰਜਕਾਰੀ ਮੈਂਬਰਾਂ ਦੀ ਮੀਟਿੰਗ ਪੈਨਸ਼ਨਰਜ਼ ਭਵਨ ਲੁਧਿਆਣਾ ਵਿਚ ਸੂਬਾ ਪ੍ਰਧਾਨ ਬਖਸ਼ੀਸ਼ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਪ੍ਰਧਾਨਗੀ ਮੰਡਲ ਵਿੱਚ ਸਰਪ੍ਰਸਤ ਪਿਆਰਾ ਸਿੰਘ, ਵਿੱਤ ਸਕੱਤਰ ਪ੍ਰੇਮ ਅਗਰਵਾਲ, ਜਨਰਲ ਸਕੱਤਰ ਕਰਮ ਸਿੰਘ ਧਨੋਆ, ਕਨਫੈਡਰੇਸ਼ਨ ਦੇ ਸੂਬਾਈ ਮੁੱਖ ਬੁਲਾਰੇ ਵਜੋਂ ਰਾਜ ਕੁਮਾਰ ਅਰੋੜਾ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ ਵੱਖ ਬੁਲਾਰਿਆਂ ਨੇ ਪੈਨਸ਼ਨਰਜ਼ ਦੀਆਂ ਲੰਮੇ ਸਮੇਂ ਤੋਂ ਸਰਕਾਰ ਵੱਲ ਪੈਂਡਿੰਗ ਪਈਆਂ ਮੰਗਾਂ- ਡੀਏ ਦੀਆਂ ਕਿਸ਼ਤਾਂ ਜਾਰੀ ਕਰਨੀਆਂ, ਰਹਿੰਦਾ ਡੀ ਏ ਦਾ ਬਕਾਇਆ, ਪੇਅ ਕਮਿਸ਼ਨ ਦੀ ਰਿਪੋਰਟ ਲਾਗੂ ਕਰਨ, ਮੈਡੀਕਲ ਭੱਤੇ ਵਿੱਚ ਵਾਧਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ। ਇਸ ਤੋਂ ਇਲਾਵਾ ਪਿਛਲੇ ਸਮੇਂ ਦੌਰਾਨ ਪੈਨਸ਼ਨਰਜ਼ ਦੀਆਂ ਸਰਕਾਰ ਨਾਲ ਹੋਈਆਂ ਮੀਟਿੰਗਾਂ ਵੀ ਸਾਂਝੀਆਂ ਕੀਤੀਆਂ ਗਈਆਂ।
ਪਾਵਰਕੌਮ ਪੈਨਸ਼ਨਰਾਂ ਵੱਲੋਂ ਪਟਿਆਲਾ ਧਰਨੇ ਲਈ ਲਾਮਬੰਦੀ
ਸਮਰਾਲਾ (ਪੱਤਰ ਪ੍ਰੇਰਕ): ਪੰਜਾਬ ਰਾਜ ਪਾਵਰਕੌਮ ਪੈਨਸ਼ਨਰਜ਼ ਐਸੋਸੀਏਸ਼ਨ ਮੰਡਲ ਸਮਰਾਲਾ ਦੇ ਅਹੁਦੇਦਾਰਾਂ ਦੀ ਮੀਟਿੰਗ ਸਕਿੰਦਰ ਸਿੰਘ ਮੰਡਲ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 25 ਨਵੰਬਰ ਨੂੰ ਪਟਿਆਲਾ ਵਿਖੇ ਸਾਂਝਾ ਸੰਘਰਸ਼ ਤਾਲਮੇਲ ਕਮੇਟੀ ਪੰਜਾਬ ਦੇ ਸੱਦੇ ਤ’ੇ ਦਿੱਤੇ ਜਾ ਰਹੇ ਧਰਨੇ ਅਤੇ ਮੋਤੀ ਮਹਿਲ ਵੱਲ ਕੱਢੇ ਜਾ ਰਹੇ ਵਿਸ਼ਾਲ ਮਾਰਚ ਦੀਆਂ ਤਿਆਰੀਆਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਅਤੇ ਇਸੇ ਤਿਆਰੀ ਦੇ ਸਬੰਧ ਵਿੱਚ ਇੱਕ ਬੱਸ ਮਾਛੀਵਾੜਾ ਸਾਹਿਬ ਅਤੇ ਇੱਕ ਬੱਸ ਕੋਹਾੜਾ ਤੋਂ ਸਵੇਰੇ ਰਵਾਨਾ ਹੋਵੇਗੀ। ਉਨ੍ਹਾਂ ਧਰਨੇ ਲਈ ਲਾਮਬੰਦੀ ਕਰਦਿਆਂ ਸੰਘਰਸ਼ ਛੇੜਨ ਦਾ ਐਲਾਨ ਕੀਤਾ।