ਖੇਤਰੀ ਪ੍ਰਤੀਨਿਧ
ਲੁਧਿਆਣਾ, 30 ਮਈ
ਪਰਵਾਸੀ ਪੰਜਾਬੀ ਆਲੋਚਕ ਤੇ ਵਿਦਵਾਨ ਚਿੰਤਕ ਡਾ. ਹਰਚੰਦ ਸਿੰਘ ਬੇਦੀ ਦਾ ਅਚਾਨਕ ਵਿਛੋੜਾ ਪੰਜਾਬੀ ਸਾਹਿਤ ਜਗਤ ਤੇ ਆਲੋਚਨਾ ਜਗਤ ਲਈ ਬਹੁਤ ਵੱਡਾ ਘਾਟਾ ਹੈ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਹਿੱਤ ਆਨਲਾਈਨ ਇਕੱਤਰਤਾ ਕੀਤੀ ਗਈ, ਜਿਸ ਵਿਚ ਸਾਬਕਾ ਉਪ ਕੁਲਪਤੀ ਡਾ. ਐੱਸਪੀ ਸਿੰਘ, ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਪ੍ਰੋ. ਮਨਜੀਤ ਸਿੰਘ ਛਾਬੜਾ, ਡਾ. ਜਸਵਿੰਦਰ ਸਿੰਘ, ਪ੍ਰੋਫੈਸਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਸਮੇਤ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ।
ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਨੂੰ ਸ਼ਰਧਾਂਜਲੀਆਂ
ਜਗਰਾਉਂ (ਨਿੱਜੀ ਪੱਤਰ ਪ੍ਰੇਰਕ): ਬੀਤੇ ਦਿਨੀਂ ਕਰੋਨਾ ਦੀ ਮਾਰ ਕਾਰਨ ਅਕਾਲ ਚਲਾਣਾ ਕਰ ਗਏ ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਦੇ ਆਗੂ ਚਿਮਨ ਸਿੰਘ ਭੂੰਦੜੀ ਨਮਿੱਤ ਸ਼ਰਧਾਂਜਲੀ ਸਮਾਗਮ ਪਿੰਡ ਭੂੰਦੜੀ ਵਿੱਚ ਹੋਇਆ। ਇਸ ’ਚ ਪਿੰਡ ਅਤੇ ਇਲਾਕਾ ਵਾਸੀਆਂ ਤੋਂ ਇਲਾਵਾ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਵਿਛੜੇ ਆਗੂ ਨੂੰ ਸ਼ਰਧਾਂਜਲੀ ਭੇਟ ਕੀਤੀ। ਜਥੇਬੰਦੀ ਦੇ ਪ੍ਰਧਾਨ ਡਾ. ਸੁਖਦੇਵ ਭੂੰਦੜੀ ਤੋਂ ਇਲਾਵਾ ਇਨਕਲਾਬੀ ਕੇਂਦਰ ਪੰਜਾਬ ਦੇ ਜਨਰਲ ਸਕੱਤਰ ਕੰਵਲਜੀਤ ਖੰਨਾ, ਟੈਕਸਟਾਈਲ ਵਰਕਰਜ਼ ਯੂਨੀਅਨ ਦੇ ਪ੍ਰਧਾਨ ਰਾਜਵਿੰਦਰ ਲੁਧਿਆਣਾ ਆਦਿ ਨੇ ਕਿਹਾ ਕਿ ਕਾਮਰੇਡ ਚਿਮਨ ਸਿੰਘ ਸਾਰੀ ਉਮਰ ਕਿਰਤੀ ਲੋਕਾਂ ਲਈ ਜੂਝਣ ਵਾਲਾ ਯੋਧਾ ਸੀ।