ਖੇਤਰੀ ਪ੍ਰਤੀਨਿਧ
ਲੁਧਿਆਣਾ, 12 ਮਾਰਚ
ਸ਼ਹਿਰ ਦੀਆਂ ਵੱਖ-ਵੱਖ ਸਿੱਖਿਆ ਸੰਸਥਾਵਾਂ ਵਿੱਚ ਪੁਰਾਣੇ ਵਿਦਿਆਰਥੀਆਂ ਦੇ ਮਿਲਣੀ ਸਮਾਗਮ ਕਰਵਾਏ ਗਏ। ਗੁੱਜਰਖਾਨ ਕੈਂਪਸ ਦੇ ਗੁਰੂ ਨਾਨਕ ਖਾਲਸਾ ਕਾਲਜ ਫਾਰ ਵਿਮੈਨ ਦੇ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਵੱਲੋਂ ਐਲੂਮਨੀ ਮੀਟ ਕਰਵਾਈ ਗਈ। ਇਸ ਵਿੱਚ ਕਾਲਜ ਦੇ ਸਾਬਕਾ ਵਿਦਿਆਰਥੀ ਜੋ ਕਈ ਸਕੂਲਾਂ ,ਸਰਕਾਰੀ ਅਤੇ ਅਰਧ ਸਰਕਾਰੀ ਅਦਾਰਿਆਂ ਵਿੱਚ ਸੇਵਾਵਾਂ ਦੇ ਰਹੇ ਹਨ, ਇਕੱਠੇ ਹੋਏ। ਇਨ੍ਹਾਂ ਸਾਬਕਾ ਵਿਦਿਆਰਥੀਆਂ ਨੂੰ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ 42 ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ। ਐੱਸਸੀਡੀ ਸਰਕਾਰੀ ਕਾਲਜ ਵਿੱਚ ਕਰਵਾਈ ਅਲੂਮਨੀ ਮੀਟ ਦੌਰਾਨ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਪੰਜਾਬ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਅਧੀਨ ਪੰਜਾਬ ਦੇ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਕੰਮ ਕਰਦੇ ਉਨ੍ਹਾਂ ਅਧਿਆਪਕਾਂ ਨੂੰ ਬੁਲਾਇਆ ਗਿਆ ਜੋ ਸਰਕਾਰੀ ਕਾਲਜਾਂ ਵਿੱਚੋਂ ਪੜ੍ਹੇ ਹੋਏ ਸਨ। ਉਨ੍ਹਾਂ ਨੇ ਕਾਲਜ ਦੀ ਬਿਹਤਰੀ ਲਈ ਆਪਣੇ ਸੁਝਾਅ ਵੀ ਦਿੱਤੇ।