ਖੇਤਰੀ ਪ੍ਰਤੀਨਿਧ
ਲੁਧਿਆਣਾ, 1 ਜੁਲਾਈ
ਪੀਏਯੂ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਅਸ਼ੋਕ ਕੁਮਾਰ ਅਤੇ ਅੱਪਰ ਨਿਰਦੇਸ਼ਕ ਪਸਾਰ ਸਿੱਖਿਆ ਡਾ. ਜੀਐੱਸ ਸੋਢੀ ਦੀ ਅਗਵਾਈ ਹੇਠ ਖੇਤੀ ਵਿਗਿਆਨੀਆਂ ਨੇ ਅੱਜ ਜ਼ਿਲ੍ਹਾ ਬਠਿੰਡਾ ਦੇ ਬਲਾਕ ਸੰਗਤ ਦੇ ਪਿੰਡਾਂ ਦਾ ਦੌਰਾ ਕੀਤਾ।
ਇਸ ਦੌਰਾਨ ਉਨ੍ਹਾਂ ਗੁਰੂਸਰ ਸੈਨੇਵਾਲ, ਗਹਿਰੀ ਬੁੱਟਰ, ਮਸਾਣਾ, ਗੁਰਥੜੀ, ਪੱਕ ਕਲਾਂ ਅਤੇ ਫੱਲੜ ਵਿੱਚ ਨਰਮੇ ਦੀ ਫ਼ਸਲ ਦਾ ਸਰਵੇਖਣ ਕੀਤਾ। ਟੀਮ ਨੂੰ ਨਰਮੇ ਦੇ ਲਗਪਗ ਸਾਰੇ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਵੇਖਣ ਨੂੰ ਮਿਲਿਆ। ਕਈ ਖੇਤਾਂ ਵਿੱਚ ਹਮਲਾ ਆਰਥਿਕ ਕਗਾਰ ਤੋਂ ਉੱਪਰ ਵੀ ਪਾਇਆ ਗਿਆ। ਮਾਹਿਰਾਂ ਨੇ ਦੱਸਿਆ ਕਿ ਕਿਸੇ ਵੀ ਖੇਤ ਵਿੱਚ ਗੁਲਾਬੀ ਸੁੰਡੀ ਅਤੇ ਹਰੇ ਤੇਲੇ ਦਾ ਹਮਲਾ ਦੇਖਣ ਨੂੰ ਨਹੀਂ ਮਿਲਿਆ।
ਪੀਏਯੂ ਵਿਗਿਆਨੀਆਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਨਰਮੇ ਵਾਲੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਖਾਸ ਕਰਕੇ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਬਾਰੇ ਸੁਚੇਤ ਰਹਿਣ। ਉਨ੍ਹਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਜਿੱਥੇ ਨਰਮੇ ਦੇ ਹਾਨੀਕਾਰਕ ਕੀੜਿਆਂ ਦਾ ਹਮਲਾ ਆਰਥਿਕ ਕਗਾਰ ਤੋਂ ਵੱਧ ਹੋਵੇ ਉੱਥੇ ਚਿੱਟੀ ਮੱਖੀ ਦੇ ਹਮਲੇ ਤੋਂ ਰੋਕਥਾਮ ਲਈ ਨਿੰਬੀਸਡੀਨ ਜਾਂ ਅਚੂਕ ਇੱਕ ਲਿਟਰ ਜਾਂ ਪੀਏਯੂ ਨਿੰਮ ਦਾ ਘੋਲ 1200 ਮਿਲੀ ਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕੀਤਾ ਜਾਵੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਲੋੜ ਪੈਣ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ, ਫਾਰਮ ਸਲਾਹਕਾਰ ਸੇਵਾ, ਖੇਤਰੀ ਖੋਜ ਕੇਂਦਰ ਬਠਿੰਡਾ ਦੇ ਵਿਗਿਆਨੀਆਂ ਅਤੇ ਖੇਤੀਬਾੜੀ ਵਿਭਾਗ ਦੇ ਪਸਾਰ ਮਾਹਿਰਾਂ ਨਾਲ ਸੰਪਰਕ ਕੀਤਾ ਜਾਵੇ।