ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 20 ਦਸੰਬਰ
ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਦੀ ਦੇਖ-ਰੇਖ ਹੇਠ ਹਲਕਾ ਸੈਂਟਰਲ ਦੇ ਇਲਾਕੇ ਵਾਰਡ ਨੰਬਰ-56 ਦੇ ਢੋਕਾਂ ਮੁਹੱਲਾ ਵਿੱਚ ਮੀਟਿੰਗ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਪੀਏਸੀ ਮੈਂਬਰ ਪ੍ਰਿਤਪਾਲ ਸਿੰਘ ਉਚੇਚੇ ਤੌਰ ’ਤੇ ਸ਼ਾਮਲ ਹੋਏ। ਯੂਥ ਅਕਾਲੀ ਦਲ ਹਲਕਾ ਸੈਂਟਰਲ ਦੇ ਪ੍ਰਧਾਨ ਸਿਮਰਨ ਓਬਰਾਏ ਵੱਲੋਂ ਰੱਖੀ ਮੀਟਿੰਗ ਦੌਰਾਨ ਪ੍ਰਿਤਪਾਲ ਸਿੰਘ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਹਮੇਸ਼ਾਂ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਵਿਕਾਸ ਹੋਇਆ ਹੈ। ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਪੰਜਾਬ ਦਾ ਕੁੱਝ ਨਹੀਂ ਸਵਾਰਿਆ ਅਤੇ ਹੁਣ ਚੰਨੀ ਸਰਕਾਰ ਵੀ ਝੂਠੇ ਵਾਅਦੇ ਕਰ ਕੇ ਲੋਕਾਂ ਨੂੰ ਗੁਮਰਾਹ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਆਪਣੀ ਹੀ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹ ਰਹੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਅਕਾਲੀ-ਬਸਪਾ ਨੂੰ ਇਕ ਵਾਰ ਮੌਕਾ ਦੇਣ ਤਾਂ ਜੋ ਪਿਛਲੇ ਸਮੇਂ ਦੌਰਾਨ ਸ਼ੁਰੂ ਹੋਏ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾ ਸਕੇ।