ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਅਤੇ ਸੂਬਾਈ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਚਲਾਈ ਜਾ ਰਹੀ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਨੇ ਹਾਕਮ ਧਿਰ ਦੀ ਨੀਂਦ ਉਡਾ ਦਿੱਤੀ ਹੈ।
ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਬੈਂਸ ਨੇ ਕਿਹਾ ਕਿ ਮਾਲਵਾ ਖੇਤਰ ਦੇ ਪਿੰਡ-ਪਿੰਡ ਅਤੇ ਸ਼ਹਿਰ-ਸ਼ਹਿਰ ਵਿੱਚ ਹੋ ਰਹੀਆਂ ਵਿਸ਼ਾਲ ਮੀਟਿੰਗਾਂ ਦੌਰਾਨ ਉਮੜ ਰਿਹਾ ਭਾਰੀ ਜਨ-ਸੈਲਾਬ ਇਸ ਗੱਲ ਦਾ ਪ੍ਰਮਾਣ ਹੈ ਕਿ ਸੂਬੇ ਦੇ ਲੋਕ ਹੁਣ ‘ਆਪ’ ਨੂੰ ਸੱਤਾ ਤੋਂ ਲਾਂਭੇ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦੋਸ਼ ਲਾਇਆ ਕਿ ਬਦਲਾਅ ਦੇ ਨਾਂ ’ਤੇ ਪੰਜਾਬ ਦੇ ਲੋਕਾਂ ਨਾਲ ਬਹੁਤ ਵੱਡਾ ਧੋਖਾ ਹੋਇਆ ਹੈ। ਅੱਜ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਤਬਾਹ ਹੋ ਚੁੱਕੀ ਹੈ, ਸ਼ਰੇਆਮ ਗੈਂਗਸਟਰ ਰਾਜ ਚੱਲ ਰਿਹਾ ਹੈ ਅਤੇ ਨਸ਼ਾ ਘਰ-ਘਰ ਤੱਕ ਪਹੁੰਚ ਚੁੱਕਾ ਹੈ।
ਸ੍ਰੀ ਬੈਂਸ ਨੇ ਕਿਹਾ ਕਿ ਹੁਣ ਕਾਂਗਰਸ ਪਾਰਟੀ ਦਾ ਹਰ ਇੱਕ ਬੂਥ ਯੋਧਾ ਮੈਦਾਨ ਵਿੱਚ ਉਤਰ ਚੁੱਕਾ ਹੈ ਅਤੇ ਇਸ ਅਰਾਜਕਤਾ ਵਾਲੀ ਸਰਕਾਰ ਦੀ ਇੱਟ ਨਾਲ ਇੱਟ ਵਜਾ ਦਿੱਤੀ ਜਾਵੇਗੀ। ਬੂਥ ਪੱਧਰ ਦੀਆਂ ਮੀਟਿੰਗਾਂ ਰਾਹੀਂ ਸਰਕਾਰ ਦੀਆਂ ਨਾਕਾਮੀਆਂ ਨੂੰ ਘਰ-ਘਰ ਤੱਕ ਨੰਗਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਮਾਲਵੇ ਦੇ ਲੋਕਾਂ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੀ ਅਸਲ ਖੁਸ਼ਹਾਲੀ, ਅਮਨ, ਸ਼ਾਂਤੀ ਅਤੇ ਵਿਕਾਸ ਸਿਰਫ਼ ਕਾਂਗਰਸ ਪਾਰਟੀ ਦੇ ਰਾਜ ਵਿੱਚ ਹੀ ਸੰਭਵ ਹੈ।

