ਪੱਤਰ ਪ੍ਰੇਰਕ
ਪਾਇਲ, 21 ਜੁਲਾਈ
ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕੇਂਦਰ ਸਰਕਾਰ ਦੇ ਕਥਿਤ ਇਸ਼ਾਰੇ ’ਤੇ ਈਡੀ ਵੱਲੋਂ ਕਾਂਗਰਸ ਪਾਰਟੀ ਦੇ ਨੇਤਾਵਾਂ ਨੂੰ ਗਿਣੀ ਮਿਥੀ ਸਾਜਿਸ਼ ਤਹਿਤ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਪਰ ਕਾਂਗਰਸ ਪਾਰਟੀ ਈਡੀ ਤੋਂ ਡਰਨ ਵਾਲੀ ਨਹੀਂ ਹੈ।
ਇੱਥੇ ਆਪਣੇ ਦਫ਼ਤਰ ਤੋਂ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਚੰਡੀਗੜ੍ਹ ਰਵਾਨਾ ਹੋਣ ਮੌਕੇ ਸ੍ਰੀ ਲੱਖਾ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਈਡੀ ਰਾਹੀਂ ਅਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਜੀਲੈਂਸ ਰਾਹੀਂ ਥੱਲੇ ਤੋਂ ਲੈ ਕੇ ਉੱਪਰ ਤੱਕ ਕਾਂਗਰਸੀਆਂ ਨੂੰ ਡਰਾ ਧਮਕਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਨੇ ਸਿਆਸੀ ਲਾਹਾ ਲੈਣ ਲਈ ਸ੍ਰੀ ਰਾਹੁਲ ਗਾਂਧੀ ਨੂੰ ਈਡੀ ਰਾਹੀਂ ਪੁੱਛ ਪੜਤਾਲ ਦੇ ਬਹਾਨੇ ਤੰਗ ਪ੍ਰੇਸ਼ਾਨ ਕੀਤਾ ਅਤੇ ਹੁਣ ਕਾਂਗਰਸ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਵੀ ਈਡੀ ਰਾਹੀਂ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨੂੰ ਕਾਂਗਰਸ ਪਾਰਟੀ ਵੀ ਬਰਦਾਸ਼ਤ ਨਹੀਂ ਕਰੇਗੀ। ਇਸ ਮੌਕੇ ਕਿਸਾਨ ਸੈੱਲ ਹਲਕਾ ਪਾਇਲ ਦੇ ਚੇਅਰਮੈਨ ਗੁਰਮੇਲ ਸਿੰਘ ਗਿੱਲ ਬੇਰ ਕਲਾਂ, ਸੂਬਾ ਸਕੱਤਰ ਕੁਲਵੀਰ ਸਿੰਘ ਸੋਹੀਆ, ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ ਘਲੋਟ ਅਤੇ ਕਾਂਗਰਸੀ ਵਰਕਰ ਹਾਜ਼ਰ ਸਨ।