ਨਿੱਜੀ ਪੱਤਰ ਪ੍ਰੇਰਕ
ਖੰਨਾ, 4 ਜਨਵਰੀ
ਪੰਜਾਬ ਪ੍ਰਦੇਸ਼ ਕਾਂਗਰਸ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਦਿਲਬਰ ਮੁਹੰਮਦ ਖਾਨ ਨੇ ਆਪਣੀ ਹੀ ਪਾਰਟੀ ਨਾਲ ਨਾਰਾਜ਼ਗੀ ਜ਼ਾਹਰ ਕਰਦਿਆਂ ਕਿਹਾ ਕਿ ਪਾਰਟੀ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਵਾਲੇ ਘੱਟ ਗਿਣਤੀ ਵਰਗਾਂ ਦੇ ਲੋਕਾਂ ਨੂੰ ਹੀ ਪਾਰਟੀ ਵੱਲੋਂ ਅੱਖੋਂ-ਪਰੋਖੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪੰਜਾਬ ਦੇ ਵਕਫ ਬੋਰਡ ਤੇ ਹੋਰਾਂ ਰਾਜਾਂ ਦੇ ਲੋਕਾਂ ਦਾ ਬੋਲਬਾਲਾ ਹੈ, ਉਥੇ ਸਿਆਸੀ ਤੌਰ ’ਤੇ ਵੀ ਮਾਲੇਰਕੋਟਲਾ ਦੇ ਇਕ ਪਰਿਵਾਰ ਨੂੰ ਹੀ ਤਰਜੀਹ ਦਿੱਤੀ ਜਾ ਰਹੀ ਹੈ। ਇਸ ਕਾਰਨ ਪਾਰਟੀ ਵਰਕਰਾਂ ਵਿਚ ਪਾਰਟੀ ਲਈ ਰੋਸ ਤੇ ਨਮੋਸ਼ੀ ਹੈ। ਖਾਨ ਨੇ ਕਿਹਾ ਕਿ ਜੇਕਰ ਹੁਣ ਵੀ ਪਾਰਟੀ ਨੇ ਪੰਜਾਬ ਦੇ ਹੋਰਨਾਂ ਹਿੱਸਿਆਂ ਵਿਚ ਵੱਸਦੇ ਘੱਟ ਗਿਣਤੀ ਵਰਗਾਂ ਦੇ ਲੋਕਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਅਤੇ ਉਨ੍ਹਾਂ ਨੂੰ ਬਣਦੀ ਸਿਆਸੀ ਜ਼ਿੰਮੇਵਾਰੀ ਨਾ ਦਿੱਤੀ ਤਾਂ ਇਸ ਦਾ ਖਮਿਆਜ਼ਾ ਪਾਰਟੀ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭੁਗਤਣਾ ਪੈ ਸਕਦਾ ਹੈ, ਜਿਸ ਦੀ ਜ਼ਿੰਮੇਵਾਰੀ ਪਾਰਟੀ ਹਾਈਕਮਾਨ ਦੀ ਹੋਵੇਗੀ। ਉਨ੍ਹਾਂ ਮੰਗ ਕੀਤੀ ਕਿ ਵਿਧਾਨ ਸਭਾ ਚੋਣਾਂ ਵਿਚ ਘੱਟੋ-ਘੱਟ 8 ਹਲਕਿਆਂ ਤੋਂ ਇਨ੍ਹਾਂ ਨੂੰ ਪਾਰਟੀ ਟਿਕਟ ਦਿੱਤੀ ਜਾਣੀ ਚਾਹੀਦੀ ਹੈ।