ਗਗਨਦੀਪ ਅਰੋੜਾ
ਲੁਧਿਆਣਾ, 10 ਅਕਤੂਬਰ
ਜ਼ਿਲ੍ਹਾ ਕਾਂਗਰਸ ਕਮੇਟੀ ਵੱਲੋਂ ਅੱਜ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਕੈਬਨਿਟ ਮੰਤਰੀ ਫੌਜਾ ਸਿੰਘ ਸਰਾਰੀ ਨੂੰ ਸਰਕਾਰ ਤੋਂ ਬਰਖਾਸਤ ਕਰਨ ਦੀ ਮੰਗ ਕਰਦਿਆਂ ਡੀਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਉਨ੍ਹਾਂ ਡੀਸੀ ਸੁਰਭੀ ਮਲਿਕ ਰਾਹੀਂ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਭੇਜਿਆ। ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਕਿਹਾ ਕਿ ਇੱਕ ਪਾਸੇ ‘ਆਪ’ ਦੀ ਸਰਕਾਰ ਭ੍ਰਿਸ਼ਟਾਚਾਰ ਖਤਮ ਕਰਨ ਦੇ ਦਾਅਵੇ ਕਰਦੀ ਹੈ ਤੇ ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੰਤਰੀ ਕਥਿਤ ਤੌਰ ’ਤੇ ਭ੍ਰਿਸ਼ਟਾਚਾਰ ਵਿੱਚ ਲਬਿੜੇ ਹੋਏ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਆਗੂ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਸਬੂਤ ਮਿਲਣ ਤੋਂ ਬਾਅਦ ਵੀ ਕੋਈ ਕਾਰਵਾਈ ਨਹੀਂ ਕਰ ਰਹੀ ਹੈ, ਜੋ ਸਰਕਾਰ ਦੀ ਕਾਰਜ ਪ੍ਰਣਾਲੀ ਅਤੇ ਦਾਅਵਿਆਂ ’ਤੇ ਇੱਕ ਵੱਡਾ ਸੁਆਲ ਹੈ। ਉਨ੍ਹਾਂ ‘ਆਪ’ ਖ਼ਿਲਾਫ਼ ਪ੍ਰਦਰਸ਼ਨ ਕਰਦਿਆਂ ਕੈਬਨਿਟ ਮੰਤਰੀ ਨੂੰ ਬਰਖਾਸਤ ਕਰਕੇ ਜੇਲ੍ਹ ਭੇਜਣ ਦੀ ਮੰਗ ਕੀਤੀ। ਇਸ ਮੌਕੇ ਮੇਅਰ ਬਲਕਾਰ ਸਿੰਘ ਸੰਧੂ, ਸਾਬਕਾ ਵਿਧਾਇਕ ਰਾਕੇਸ਼ ਪਾਂਡੇ, ਸੁਰਿੰਦਰ ਡਾਬਰ, ਕੁਲਦੀਪ ਸਿੰਘ ਵੈਦ, ਸੰਜੇ ਤਲਵਾੜ ਨੇ ਸਾਂਝੇ ਤੌਰ ’ਤੇ ਕਿਹਾ ਕਿ ਕਾਂਗਰਸ ਉੱਤੇ ਸਵਾਲ ਚੁੱਕਣ ਵਾਲੇ ਅੱਜ ਆਪਣੇ ਆਗੂ ਖ਼ਿਲਾਫ਼ ਸਬੂਤ ਮਿਲਣ ਮਗਰੋਂ ਵੀ ਕੋਈ ਕਾਰਵਾਈ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਤੋਂ ਹਰ ਵਰਗ ਪ੍ਰੇਸ਼ਾਨ ਹੈ। ਕਾਰੋਬਾਰ ਠੱਪ ਹੋਣ ਦੀ ਕਗਾਰ ’ਤੇ ਹਨ, ਸਰਕਾਰੀ ਮੁਲਾਜ਼ਮ ਆਪਣੀਆਂ ਮੰਗਾਂ ਦੀ ਪੂਰਤੀ ਲਈ ਸੜਕਾਂ ’ਤੇ ਹਨ। ਇਸ ਮੌਕੇ ਡਿਪਟੀ ਮੇਅਰ ਸਾਮ ਸੁੰਦਰ ਮਲਹੋਤਰਾ, ਮਨੀਸਾ ਕਪੂਰ, ਕੇ.ਕੇ ਬਾਵਾ, ਵਿਕਰਮ ਜੀਤ ਸਿੰਘ ਬਾਜਵਾ, ਜਗਤਾਰ ਸਿੰਘ ਜੱਗਾ (ਜਗਰਾਉਂ), ਸਰਬਜੀਤ ਕੌਰ ਅਤੇ ਗੁਰਦੇਵ ਲਾਪਰਾ ਹਾਜ਼ਰ ਸਨ।