ਦੇਸ਼ ਅਤੇ ਸੂਬੇ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਵਿਰੁੱਧ ਕਾਂਗਰਸ ਪਾਰਟੀ ਨੇ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ। ਜ਼ਿਲ੍ਹਾ ਕਾਂਗਰਸ ਕਮੇਟੀ (ਸ਼ਹਿਰੀ) ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਸੰਜੇ ਤਲਵਾੜ ਦੀ ਅਗਵਾਈ ਹੇਠ ਟਿੱਬਾ ਰੋਡ ਸਥਿਤ ਦਫ਼ਤਰ ਅੱਗੇ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਇਕੱਠੇ ਹੋ ਕੇ ਧਰਨਾ ਦਿੱਤਾ ਅਤੇ ਦੋਵਾਂ ਸਰਕਾਰਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਸੰਜੇ ਤਲਵਾੜ ਨੇ ਦੱਸਿਆ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੀਟਿੰਗ ਵਿੱਚ ਉਲੀਕੀ ਗਈ ਰਣਨੀਤੀ ਮੁਤਾਬਕ ਅੱਜ ਸੂਬੇ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਇਹ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਖੰਡ, ਪਿਆਜ਼, ਰਾਸ਼ਨ, ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਵਿੱਚ ਕੀਤੀ ਜਾ ਰਹੀ ਬੇਰੋਕ ਵਾਧੇ ਨੇ ਆਮ ਅਤੇ ਗਰੀਬ ਜਨਤਾ ਦਾ ਲੱਕ ਤੋੜ ਕੇ ਰੱਖ ਦਿੱਤਾ ਹੈ। ਹਰ ਲੰਘਦੇ ਦਿਨ ਨਾਲ ਨਿੱਤ ਵਰਤੋਂ ਦੀਆਂ ਚੀਜ਼ਾਂ ਦੇ ਭਾਅ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੁੰਦੇ ਜਾ ਰਹੇ ਹਨ। ਸਾਬਕਾ ਵਿਧਾਇਕ ਨੇ ਦੋਸ਼ ਲਾਇਆ ਕਿ ਦੋਵਾਂ ਸਰਕਾਰਾਂ ਦੀਆਂ ਗਲਤ ਨੀਤੀਆਂ, ਨਾਕਾਮੀਆਂ ਅਤੇ ਲੋਕ-ਵਿਰੋਧੀ ਫ਼ੈਸਲਿਆਂ ਦਾ ਖ਼ਾਮਿਆਜ਼ਾ ਸਿੱਧੇ ਤੌਰ ’ਤੇ ਆਮ ਨਾਗਰਿਕਾਂ ਨੂੰ ਭੁਗਤਣਾ ਪੈ ਰਿਹਾ ਹੈ।
ਤਲਵਾੜ ਨੇ ਕਿਹਾ ਕਿ ਕਾਂਗਰਸ ਪਾਰਟੀ ਆਮ ਲੋਕਾਂ ਦੇ ਹੱਕਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਇਨ੍ਹਾਂ ਸਰਕਾਰਾਂ ਦੀਆਂ ਨੀਤੀਆਂ ਖ਼ਿਲਾਫ਼ ਸੰਘਰਸ਼ ਜਾਰੀ ਰੱਖੇਗੀ। ਇਸ ਮੌਕੇ ਪਾਰਟੀ ਦੇ ਸੀਨੀਅਰ ਆਗੂਆਂ ਤੋਂ ਇਲਾਵਾ ਬਲਾਕ ਪ੍ਰਧਾਨ, ਕੌਂਸਲਰ, ਸਾਬਕਾ ਕੌਂਸਲਰ, ਵਾਰਡ ਵਲੰਟੀਅਰ, ਮੰਡਲ ਇੰਚਾਰਜ, ਯੂਥ ਕਾਂਗਰਸ, ਮਹਿਲਾ ਕਾਂਗਰਸ ਅਤੇ ਐੱਨ ਐੱਸ ਯੂ ਆਈ ਦੇ ਅਹੁਦੇਦਾਰਾਂ ਮੌਜੂਦ ਸਨ।

