ਕੇਂਦਰ ਸਰਕਾਰ ਵੱਲੋਂ ਮਨਰੇਗਾ ਸਕੀਮ ਵਿੱਚ ਤਬਦੀਲੀ ਖਿਲਾਫ਼ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ ਸੂਬਾਈ ਇੰਚਾਰਜ ਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਹੇਠ ਮਨਰੇਗਾ ਬਚਾਓ ਰੈਲੀਆਂ ਸ਼ੁਰੂ ਕੀਤੀਆਂ ਗਈਆਂ ਹਨ। ਇਸੇ ਤਹਿਤ ਕਾਂਗਰਸੀ ਆਗੂ ਵਿਧਾਨ ਸਭਾ ਹਲਕਾ ਸਾਹਨੇਵਾਲ ਦੇ ਪਿੰਡ ਰਾਮਗੜ੍ਹ ਵਿੱਚ ਪਹੁੰਚੇ ਜਿੱਥੇ ਹਲਕਾ ਇੰਚਾਰਜ ਵਿਕਰਮ ਸਿੰਘ ਬਾਜਵਾ ਦੀ ਹਾਜ਼ਰੀ ਵਿੱਚ ਉਨ੍ਹਾਂ ਮਨਰੇਗਾ ਮਜ਼ਦੂਰਾਂ ਨਾਲ ਚਰਚਾ ਕੀਤੀ। ਸ੍ਰੀ ਵੜਿੰਗ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਗਰੀਬਾਂ ਦੀ ਰੋਜ਼ੀ ਰੋਟੀ ਮਗਨਰੇਗਾ ਸਕੀਮ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਪਰ ਕਾਂਗਰਸ ਪਾਰਟੀ ਕਿਸੇ ਵੀ ਕੀਮਤ ’ਤੇ ਇਹ ਸਕੀਮ ਖਤਮ ਨਹੀਂ ਹੋਣ ਦੇਵੇਗੀ ਅਤੇ ਸੂਬਾ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਵਿਚ ਅੰਤਿਮ ਦਮ ਤੱਕ ਲੜਾਈ ਲੜੇਗੀ। ਸੂੁਬਾ ਇੰਚਾਰਜ ਭੁਪੇਸ਼ ਬਘੇਲ ਨੇ ਆਪਣੀ ਸਰਕਾਰ ਦੀਆਂ ਪ੍ਰਾਪਤੀਆਂ ਦੱਸਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਆਪਣੇ ਰਾਜ ’ਚ ਗਰੀਬਾਂ ਦੇ ਹੱਕਾਂ ਲਈ ਬਹੁਤ ਸਾਰੇ ਫੈਸਲੇ ਲਏ ਸਨ ਅਤੇ ਉਹ ਪੰਜਾਬ ਦੇ ਅੰਦਰ ਵੀ ਉਨ੍ਹਾਂ ਫੈਸਲਿਆਂ ਨੂੰ ਲਾਗੂ ਕਰਵਾਉਣਗੇ। ਇਸ ਮੌਕੇ ਸੰਸਦ ਮੈਂਬਰ ਡਾਕਟਰ ਅਮਰ ਸਿੰਘ, ਸਾਬਕਾ ਮੰਤਰੀ ਵਿਜੈ ਇੰਦਰ ਸਿੰਗਲਾ, ਸਾਧੂ ਸਿੰਘ ਧਰਮਸੋਤ, ਗੁਰਕੀਰਤ ਸਿੰਘ ਕੋਟਲੀ, ਮਲਕੀਤ ਸਿੰਘ ਦਾਖਾ, ਸਾਬਕਾ ਵਿਧਾਇਕ ਲਖਬੀਰ ਸਿੰਘ ਲੱਖਾ, ਸੰਜੇ ਤਲਵਾੜ, ਸਿਮਰਜੀਤ ਸਿੰਘ ਬੈਂਸ ਤੇ ਹੋਰ ਹਾਜ਼ਰ ਸਨ।
ਕਾਂਗਰਸੀ ਆਗੂ ਵੱਲੋਂ ਭੂਪੇਸ਼ ਬਘੇਲ ਨਾਲ ਮੁਲਾਕਾਤ
ਲੁਧਿਆਣਾ: (ਗੁਰਿੰਦਰ ਸਿੰਘ): ਲੁਧਿਆਣਾ ਸ਼ਹਿਰੀ ਜ਼ਿਲ੍ਹਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਕਾਂਗਰਸੀ ਆਗੂ ਪਵਨ ਦੀਵਾਨ ਦੀ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਭੂਪੇਸ਼ ਬਘੇਲ ਨਾਲ ਮੁਲਾਕਾਤ ਕੀਤੀ। ਭੂਪੇਸ਼ ਬਘੇਲ ਨੇ ਸ੍ਰੀ ਦੀਵਾਨ ਨੂੰ ਜ਼ਮੀਨੀ ਪੱਧਰ ’ਤੇ ਹੋਰ ਤੇਜ਼ੀ ਨਾਲ ਕੰਮ ਕਰਨ ਅਤੇ ਲੋਕਾਂ ਨੂੰ ਕਾਂਗਰਸ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਆਪ ਸਰਕਾਰ ਦੀ ਨਾਕਾਮੀਆਂ ਬਾਰੇ ਜਾਣੂ ਕਰਵਾਉਣ ਲਈ ਪ੍ਰੇਰਿਤ ਕੀਤਾ।

