ਸਤਵਿੰਦਰ ਬਸਰਾ
ਲੁਧਿਆਣਾ, 21 ਸਤੰਬਰ
ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਨਾਂ ਭਰੋਸੇ ‘ਚ ਲਏ ਖੇਤੀ ਆਰਡੀਨੈਂਸ ਲਾਗੂ ਕਰਨ ਦੇ ਵਿਰੋਧ ’ਚ ਕਾਂਗਰਸ ਵੱਲੋਂ ਸੂਬੇ ਵਿੱਚ ਹਲਕਾ ਪੱਧਰ ’ਤੇ ਰੋਸ ਧਰਨੇ ਦਿੱਤੇ ਗਏ। ਇਸ ਤਹਿਤ ਲੁਧਿਆਣਾ ਵਿੱਚ ਦਿੱਤੇ ਗਏ ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੁਰਿੰਦਰ ਡਾਵਰ ਨੇ ਕਿਹਾ ਕਿ ਕੇਂਦਰ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਐਮ.ਐਸ.ਪੀ. ਨੂੰ ਖਤਮ ਕਰਨ ਲਈ ਕਿਸਾਨ ਵਿਰੋਧੀ ਆਰਡੀਨੈਂਸ ਲੈ ਕੇ ਆ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਕਰਜ਼ੇ ਦੀ ਮਾਰ ਹੇਠਾਂ ਦੱਬਿਆ ਪਿਆ ਹੈ ਤੇ ਖੁਦਕਸ਼ੀਆਂ ਕਰ ਰਿਹਾ ਹੈ। ਵਿਧਾਨ ਸਭਾ ਹਲਕਾ ਗਿੱਲ ਅਧੀਨ ਪੈਂਦੇ ਫੁਲਾਂਵਾਲ ਚੌਕ ਵਿਖੇ ਵਿਧਾਇਕ ਕੁਲਦੀਪ ਸਿੰਘ ਵੈਦ ਦੀ ਅਗਵਾਈ ਵਿਚ ਪਿੰਡਾਂ ਦੇ ਪੰਚਾਂ-ਸਰਪੰਚਾਂ, ਕਿਸਾਨਾਂ ਅਤੇ ਹੋਰ ਆਗੂਆਂ ਵੱਲੋਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।
ਰਾਏਕੋਟ (ਰਾਮ ਗੋਪਾਲ ਰਾਏਕੋਟੀ): ਕੇਂਦਰ ਸਰਕਾਰ ਵਲੋਂ ਸੰਸਦ ਵਿੱਚ ਪਾਸ ਕੀਤੇ ਗਏ ਖੇਤੀਬਾੜੀ ਸੋਧ ਬਿਲਾਂ ਦੇ ਵਿਰੋਧ ਵਿੱਚ ਅੱਜ ਇੱਥੇ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਦੀ ਅਗਵਾਈ ’ਚ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਰੋਸ ਧਰਨੇ ਵਿੱਚ ਵੱਡੀ ਗਿਣਤੀ ’ਚ ਕਾਂਗਰਸੀ ਵਰਕਰ ਅਤੇ ਕਿਸਾਨ ਪੁੱਜੇ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਡਾ. ਅਮਰ ਸਿੰਘ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਭਾਰੀ ਵਿਰੋਧ ਦੇ ਬਾਵਜੂਦ ਸੰਸਦ ਵਿੱਚ ਖੇਤੀਬਾੜੀ ਨਾਲ ਸਬੰਧਤ ਤਿੰਨ ਬਿੱਲ ਪਾਸ ਕਰਕੇ ਕਿਸਾਨਾਂ ਨਾਲ ਧੋਖਾ ਕੀਤਾ ਹੈ, ਉਨ੍ਹਾਂ ਕਿਹਾ ਕਿ ਦੇਸ਼ ਦੇ ਅੰਨ੍ਹ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪਾਉਣ ਵਾਲਾ ਪੰਜਾਬ ਦਾ ਅੰਨਦਾਤਾ ਕਿਸਾਨ ਸਭ ਤੋਂ ਵੱਧ ਪ੍ਰਭਾਵਿਤ ਹੋਵੇਗਾ। ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਬਿ ਅਤੇ ਕਾਮਿਲ ਬੋਪਾਰਾਏ ਨੇ ਕਿਹਾ ਕਿ ਕਾਂਗਰਸ ਇਸ ਮੁੱਦੇ ’ਤੇ ਕਿਸਾਨਾਂ ਦੇ ਹੱਕ ਵਿੱਚ ਡੱਟ ਕੇ ਖੜ੍ਹੀ ਹੈ।
ਸਮਰਾਲਾ (ਪੱਤਰ ਪ੍ਰੇਰਕ): ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਵੇਂ ਖੇਤੀਬਾੜੀ ਬਿੱਲਾਂ ਦਾ ਕਿਸਾਨਾਂ ਵੱਲੋਂ ਭਾਰੀ ਵਿਰੋਧ ਕੀਤਾ ਜਾ ਰਿਹਾ ਹੈ। ਅੱਜ ਸਮਰਾਲਾ ’ਚ ਵੀ ਕਾਂਗਰਸੀ ਵਰਕਰਾਂ ਨੇ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਅਗਵਾਈ ਵਿੱਚ ਕੇਂਦਰ ਸਰਕਾਰ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਵਿਧਾਇਕ ਢਿੱਲੋਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਨਵੇਂ ਖੇਤੀਬਾੜੀ ਬਿੱਲ ਇਕੱਲੇ ਕਿਸਾਨਾਂ ਨੂੰ ਹੀ ਨਹੀਂ ਬਲਕਿ ਸੂਬੇ ਦੇ ਹਰ ਵਰਗ ਨੂੰ ਆਰਥਿਕ ਤੌਰ ’ਤੇ ਤਬਾਹ ਕਰ ਦੇਣਗੇ। ਉਨ੍ਹਾਂ ਕਿਹਾ ਕਿ ਮੰਡੀਕਰਨ ਸਿਸਟਮ ਠੱਪ ਹੁੰਦੇ ਹੀ ਲੱਖਾਂ ਆੜ੍ਹਤੀ, ਮਜ਼ਦੂਰ, ਮੁਨੀਮ ਅਤੇ ਦੁਕਾਨਦਾਰ ਵਿਹਲੇ ਹੋ ਜਾਣਗੇ। ਉਨ੍ਹਾਂ ਕਿਹਾ ਕਿ ਨਵੇਂ ਖੇਤੀਬਾੜੀ ਬਿੱਲ ਕਿਸਾਨਾਂ ਨੂੰ ਕਾਰਪੋਰੇਟ ਘਰਾਣਿਆਂ ਦੀ ਗੁਲਾਮੀ ਕਰਨ ਲਈ ਮਜਬੂਰ ਕਰ ਦੇਣਗੇ, ਜਿਸ ਨੂੰ ਦੇਸ਼ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਇਹ ਬਿੱਲ ਰੱਦ ਕਰਵਾਉਣ ਲਈ ਪਾਰਟੀ ਹਰ ਤਰ੍ਹਾਂ ਦੀ ਲੜਾਈ ਲੜੇਗੀ।
ਪਾਇਲ (ਦੇਵਿੰਦਰ ਸਿੰਘ ਜੱਗੀ): ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਮਾਰੂ ਪਾਸ ਕੀਤੇ ਆਰਡੀਨੈਂਸਾਂ ਖਿਲਾਫ ਹਲਕਾ ਪਾਇਲ ਦੇ ਵੱਖ-ਵੱਖ ਪਿੰਡਾਂ, ਸ਼ਹਿਰਾਂ ਤੇ ਕਸਬਿਆਂ ਅੰਦਰ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵੱਲੋਂ ਧਰਨੇ ਲਗਾਏ ਗਏ। ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਪਿੰਡ ਕੱਦੋ ਵਿਖੇ ਪਾਰਟੀ ਵੱਲੋਂ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਦੇ ਖਿਲਾਫ ਕਾਂਗਰਸ ਪਾਰਟੀ ਕਿਸਾਨਾਂ, ਮਜਦੂਰਾਂ ਅਤੇ ਆੜਤੀਆਂ ਨਾਲ ਮੋਢੇ ਨਾਲ ਮੋਢਾ ਲਾ ਕੇ ਖੜ੍ਹੀ ਹੈ।