ਗੁਲਜ਼ਾਰ ਸਿੰਘ ਖ਼ੁਦਕੁਸ਼ੀ ਮਾਮਲੇ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੈਂਬਰਾਂ ਨੇ ਪੁਲੀਸ ਕਮਿਸ਼ਨਰ ਦਫ਼ਤਰ ਵਿੱਚ ਪ੍ਰਦਰਸ਼ਨ ਕੀਤਾ। ਇਸ ਦੌਰਾਨ ਉਨ੍ਹਾਂ ਸੂਬੇ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਐੱਫ ਆਈ ਆਰ ਦਰਜ ਕਰਨ ਦੀ ਮੰਗ ਲਈ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੂੰ ਮੰਗ ਪੱਤਰ ਸੌਂਪਿਆ। ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਸੰਜੇ ਤਲਵਾੜ ਦੀ ਅਗਵਾਈ ਹੇਠ ਸਾਬਕਾ ਵਿਧਾਇਕਾਂ ਅਤੇ ਸੀਨੀਅਰ ਆਗੂਆਂ ਦਾ ਵਫ਼ਦ ਪੁਲੀਸ ਕਮਿਸ਼ਨਰ ਦਫ਼ਤਰ ਪੁੱਜਿਆ, ਜਿਥੇ ਉਨ੍ਹਾਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪੁਲੀਸ ਕਮਿਸ਼ਨਰ ਦਫ਼ਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੰਜੇ ਤਲਵਾੜ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਗੰਭੀਰ ਸਵਾਲ ਚੁੱਕੇ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਪੰਜਾਬ ਅੰਦਰ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਲੀਹੋਂ ਲਹਿ ਚੁੱਕੀ ਹੈ ਅਤੇ ਆਮ ਜਨਤਾ ਇਨਸਾਫ਼ ਲਈ ਭਟਕਣ ਲਈ ਮਜਬੂਰ ਹੈ। ਤਲਵਾੜ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਲਗਾਉਣਾ ਮਹਿਜ਼ ਡਰਾਮਾ ਸਾਬਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਲੰਧਰ ਬਾਈਪਾਸ ’ਤੇ ਬਾਬਾ ਸਾਹਿਬ ਦੀ ਮੂਰਤੀ ਨਾਲ ਹੋਈ ਬੇਅਦਬੀ ਦੇ ਮਾਮਲੇ ਵਿੱਚ ਹੁਣ ਤੱਕ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣਾ ਪੁਲੀਸ ਪ੍ਰਸ਼ਾਸਨ ਦੀ ਨਾਕਾਮੀ ਨੂੰ ਦਰਸਾਉਂਦਾ ਹੈ।
ਮ੍ਰਿਤਕ ਗੁਲਜ਼ਾਰ ਸਿੰਘ ਦੇ ਆਖ਼ਰੀ ਬਿਆਨ ਦਾ ਹਵਾਲਾ ਦਿੰਦਿਆਂ ਕਾਂਗਰਸੀ ਆਗੂ ਨੇ ਕਿਹਾ ਕਿ ਕਾਨੂੰਨ ਮੁਤਾਬਕ ਮਰਨ ਤੋਂ ਪਹਿਲਾਂ ਦਿੱਤਾ ਬਿਆਨ ਸਭ ਤੋਂ ਵੱਡਾ ਸਬੂਤ ਹੁੰਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਪੁਲੀਸ ਮਹਿਜ਼ ਰਸਮੀ ਕਾਰਵਾਈ ਕਰ ਰਹੀ ਹੈ ਅਤੇ ਨਾਮਜ਼ਦ ਪੰਜ ਮੁਲਜ਼ਮਾਂ ’ਤੇ ਕੇਸ ਦਰਜ ਕਰਨ ਦੇ ਬਾਵਜੂਦ ਮੁੱਖ ਮੁਲਜ਼ਮ ਚੀਮਾ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਤਲਵਾੜ ਨੇ ਚਿਤਾਵਨੀ ਦਿੱਤੀ ਕਿ ਜੇਕਰ ਵਿੱਤ ਮੰਤਰੀ ਖ਼ਿਲਾਫ਼ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਪਾਰਟੀ ਪੂਰੇ ਸੂਬੇ ਵਿੱਚ ਤਿੱਖਾ ਅੰਦੋਲਨ ਵਿੱਢੇਗੀ। ਇਸ ਮੌਕੇ ’ਤੇ ਸਾਬਕਾ ਸੁਰਿੰਦਰ ਡਾਵਰ, ਸਿਮਰਜੀਤ ਸਿੰਘ ਬੈਂਸ, ਕੁਲਦੀਪ ਵੈਦ, ਬਲਵਿੰਦਰ ਸਿੰਘ ਬੈਂਸ ਤੇ ਹੋਰ ਕੌਂਸਲਰ ਮੌਜੂਦ ਸਨ।

