ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 25 ਦਸੰਬਰ
ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਨੇ ਪੰਜਾਬ ਦੀ ਕਾਂਗਰਸ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਉਹ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ ਨਹੀਂ ਤਾਂ ਵਿਧਾਨ ਸਭਾ ਚੋਣਾਂ ਦੌਰਾਨ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨ ਲਈ ਤਿਆਰ ਰਹੇ। ਅੱਜ ਮੁੱਖ ਦਫ਼ਤਰ ਵਿੱੱਚ ਹੋਈ ਸੂਬਾ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਅਜਮੇਰ ਸਿੰਘ ਲੱਖੋਵਾਲ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜ ਸਾਲ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਤਾਂ ਪ੍ਰਾਪਤ ਕਰ ਲਈ ਸੀ ਪਰ ਉਸ ਵੱਲੋਂ ਇੱਕ ਵੀ ਵਾਅਦਾ ਨਹੀਂ ਪੂਰਾ ਕੀਤਾ ਗਿਆ। ਇਸ ਕਾਰਨ ਲੋਕਾਂ ਵਿੱਚ ਰੋਸ ਹੈ। ਉਨ੍ਹਾਂ ਕਿਹਾ ਕਿ 32 ਕਿਸਾਨ ਜਥੇਬੰਦੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਹੋਈ ਮੀਟਿੰਗ ਦੌਰਾਨ ਸਰਕਾਰ ਨੂੰ ਕਿਸਾਨਾਂ ਦੀਆਂ ਮੰਨੀਆਂ ਗਈਆਂ ਮੰਗਾਂ ਲਾਗੂ ਕਰਨ ਲਈ ਕਿਹਾ ਹੈ ਪਰ ਮੁੱਖ ਮੰਤਰੀ ਵੱਲੋਂ ਟਾਲ ਮਟੋਲ ਵਾਲੀ ਨੀਤੀ ਅਖਤਿਆਰ ਕੀਤੀ ਹੋਈ ਹੈ ਜਿਸ ਦਾ ਕਿਸਾਨ ਜਥੇਬੰਦੀਆਂ ਡਟ ਕੇ ਵਿਰੋਧ ਕਰਨਗੀਆਂ। ਜਨਰਲ ਸਕੱਤਰ ਹਰਿੰਦਰ ਸਿੰਘ ਲੱਖੋਵਾਲ ਨੇ ਕਿਸਾਨਾਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਦਿੰਦਿਆਂ ਕਿਹਾ ਕਿ ਸਰਕਾਰ ਸਮੁੱਚੇ ਕਰਜ਼ੇ ਮਾਫ਼ ਕਰੇ, ਕਿਸਾਨ ਸੰਘਰਸ਼ ਦੌਰਾਨ ਮ੍ਰਿਤਕਾਂ ਨੂੰ ਤੁਰੰਤ ਮੁਆਵਜ਼ਾ ਤੇ ਨੌਕਰੀ ਦਿੱਤੀ ਜਾਵੇ, ਬੇਰੁਜ਼ਗਾਰਾਂ ਲਈ ਰੁਜ਼ਗਾਰ ਦਾ ਪ੍ਰਬੰਧ ਕੀਤਾ ਜਾਵੇ ਅਤੇ ਕਿਸਾਨਾਂ ਦੀਆਂ ਐਕੁਆਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਯੋਗ ਮੁਆਵਜ਼ਾ ਦਿੱਤਾ ਜਾਵੇ। ਮੀਟਿੰਗ ਦੌਰਾਨ ਰਾਮਕਰਨ ਸਿੰਘ ਰਾਮਾਂ, ਅਵਤਾਰ ਸਿੰਘ ਮੇਹਲੋਂ, ਨਛੱਤਰ ਸਿੰਘ ਵੈਦਵਾਨ, ਪਰਮਿੰਦਰ ਸਿੰਘ ਪਾਲਮਾਜਰਾ, ਗੁਰਵਿੰਦਰ ਸਿੰਘ ਕੂੰਮਕਲਾਂ, ਸਿਮਰਜੀਤ ਸਿੰਘ ਘੁੱਦੂਵਾਲਾ ਅਤੇ ਹਰਮਿੰਦਰ ਸਿੰਘ ਖਹਿਰਾ ਹਾਜ਼ਰ ਸਨ।