ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਮੁੱਖ ਤਰਜੀਹ: ਸੌਂਦ
ਪਿੰਡ ਪੰਜਰੁੱਖਾ ’ਚ ਨਵੇਂ ਬਣੇ ਮੈਦਾਨ ਦਾ ਕੈਬਨਿਟ ਮੰਤਰੀ ਵੱਲੋਂ ਉਦਘਾਟਨ
ਨੇੜਲੇ ਪਿੰਡ ਪੰਜਰੁੱਖਾ ਵਿੱਚ 32 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਮਾਡਲ ਪਲੇਅ ਗਰਾਊਂਡ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਉਦਘਾਟਨ ਕਰ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ।
ਸ੍ਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾ ਕੇ ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੋੜਨਾ ਹੈ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਗਭਗ 1,250 ਕਰੋੜ ਰੁਪਏ ਦੀ ਲਾਗਤ ਨਾਲ 3,100 ਤੋਂ ਵੱਧ ਮਾਡਲ ਪਲੇਅ ਗਰਾਊਂਡ ਤਿਆਰ ਕਰਨ ਦੀ ਯੋਜਨਾ ’ਤੇ ਕੰਮ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਵੱਡੀ ਗਿਣਤੀ ਵਿੱਚ ਖੇਡ ਮੈਦਾਨ ਤਿਆਰ ਕਰ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਬਾਕੀ ਪਲੇਅ ਗਰਾਊਂਡ ਵੀ ਮੁਕੰਮਲ ਹੋਣ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਆਪਣੇ ਪਿੰਡਾਂ ਵਿੱਚ ਹੀ ਖੇਡ ਅਭਿਆਸ ਕਰਨ ਲਈ ਉੱਚ ਪੱਧਰੀ ਮੌਕੇ ਪ੍ਰਾਪਤ ਹੋਣਗੇ। ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪਿੰਡ ਪੰਜਰੁੱਖਾ ਵਿੱਚ ਬਣਾਇਆ ਗਿਆ ਇਹ ਖੇਡ ਮੈਦਾਨ ਆਧੁਨਿਕ ਸਹੂਲਤਾਂ ਨਾਲ ਲੈਸ ਹੈ। ਇੱਥੇ ਵਾਲੀਬਾਲ ਗਰਾਊਂਡ, ਵਾਕਿੰਗ ਟਰੈਕ, ਝੂਲੇ, ਰਾਤ ਸਮੇਂ ਖੇਡਾਂ ਲਈ ਸਟਰੀਟ ਲਾਈਟਾਂ, ਟਾਇਲਟ ਬਲਾਕ, ਸਬਮਰਸੀਬਲ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਸ ਨਾਲ ਬੱਚਿਆਂ, ਨੌਜਵਾਨਾਂ, ਮਹਿਲਾਵਾਂ ਅਤੇ ਬਜ਼ੁਰਗਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਨੂੰ ਲਾਭ ਮਿਲੇਗਾ।
ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਨੌਜਵਾਨ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ ਗਿਆ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦਾ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਜਤਿੰਦਰਜੋਤ ਸਿੰਘ ਜੋਤੀ, ਪ੍ਰਧਾਨ ਸੁਰਿੰਦਰ ਸਿੰਘ ਕੋਠੇ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀ ਹਾਜ਼ਰ ਸਨ।

