ਜਸਬੀਰ ਸਿੰਘ ਸ਼ੇਤਰਾ
ਜਗਰਾਉਂ, 30 ਅਕਤੂਬਰ
ਤਿੰਨ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਸਥਾਨਕ ਰੇਲਵੇ ਪਾਰਕ ਜਗਰਾਉਂ ’ਚ ਚੱਲ ਰਿਹਾ ਕਿਸਾਨ ਮੋਰਚਾ ਅੱਜ 396ਵੇਂ ਦਿਨ ’ਚ ਦਾਖਲ ਹੋ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਟਿਕਰੀ ਬਾਰਡਰ ’ਤੇ ਬੈਰੀਕੇਡ ਹਟਾਉਣ ਦੇ ਬਹਾਨੇ ਲੱਗੇ ਮੋਰਚੇ ਨੂੰ ਚੁਕਾਉਣ ਦੀ ਸਾਜ਼ਿਸ਼ ਕਿਸਾਨਾਂ ਨੇ ਅੱਧੀ ਰਾਤ ਆਪਣੀ ਏਕਤਾ ਦੇ ਜ਼ੋਰ ’ਤੇ ਨਾਕਾਮ ਕੀਤੀ ਹੈ। ਮੌਕੇ ’ਤੇ ਪੰਹੁਚੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ ਗਿੱਲ ਨੇ ਬੈਰੀਕੇਡ ਤੋੜਨ ਵਾਲੀ ਜੇਸੀਬੀ ਦੇ ਮੂਹਰੇ ਪੈ ਕੇ ਦਿੱਲੀ ਪੁਲੀਸ ਦੀ ਸਾਜਿਸ਼ ਨੂੰ ਨਾਕਾਮ ਬਣਾਇਆ। ਰਾਤ ਸਮੇਂ ਬਾਰਡਰ ’ਤੇ ਇਕੱਤਰ ਕਿਸਾਨਾਂ ਨੇ ਧਰਨਾ ਸ਼ੁਰੂ ਕਰਕੇ ਮੋਦੀ ਹਕੂਮਤ ਨੂੰ ਇਸ ਸਾਜਿਸ਼ ਤੋਂ ਬਾਜ ਆਉਣ ਦੀ ਚਿਤਾਵਨੀ ਦਿੱਤੀ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀਆਂ ਇਨ੍ਹਾਂ ਚਾਲਾਂ ਨੂੰ ਹਰ ਕੁਰਬਾਨੀ ਦੇ ਕੇ ਰੋਕਿਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਦੀ ਐਮਰਜੈਂਸੀ ਅਪੀਲ ’ਤੇ ਅੱਜ ਬੀਕੇਯੂ ਏਕਤਾ ਡਕੌਂਦਾ ਦੀ ਜ਼ਿਲ੍ਹਾ ਕਮੇਟੀ ਦੀ ਮੀਟਿੰਗ ’ਚ ਇਸ ਹਾਲਾਤ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ’ਚ ਇੰਦਰਜੀਤ ਸਿੰਘ ਧਾਲੀਵਾਲ, ਗੁਰਪ੍ਰੀਤ ਸਿੰਘ ਸਿੱਧਵਾਂ, ਜਗਤਾਰ ਸਿੰਘ ਦੇਹੜਕਾ ਆਦਿ ਸ਼ਾਮਲ ਹੋਏ। ਮੀਟਿੰਗ ’ਚ ਸਰਬਸੰਮਤੀ ਨਾਲ ਫ਼ੈਸਲਾ ਕੀਤਾ ਗਿਆ ਕਿ ਪਹਿਲੀ ਨਵੰਬਰ ਸ਼ਾਮ ਚਾਰ ਵਜੇ ਰੇਲਵੇ ਸਟੇਸ਼ਨ ਜਗਰਾਉਂ ਤੋਂ ਬਹਾਦਰਗੜ੍ਹ ਟਿਕਰੀ ਬਾਰਡਰ ’ਤੇ ਪਹੁੰਚਣ ਲਈ ਜ਼ਿਲ੍ਹਾ ਕਮੇਟੀ ਦੀ ਅਗਵਾਈ ’ਚ ਕਿਸਾਨ ਇਕੱਤਰ ਹੋਣਗੇ। ਇਕ ਮਤੇ ਰਾਹੀਂ ਪੰਜਾਬ ਸਰਕਾਰ ਤੋਂ ਕਿਸਾਨ ਅੰਦੋਲਨ ਦੇ ਸ਼ਹੀਦ ਪਰਿਵਾਰਾਂ ਦੇ ਵਾਰਸਾਂ ਲਈ ਨੌਕਰੀ ਦੇ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਗਈ। ਕਿਸਾਨਾਂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਤੇ ਪ੍ਰਸ਼ਾਸਨ ਜਾਣਬੁੱਝ ਕੇ ਮਾਮਲੇ ਲਟਕਾ ਰਿਹਾ ਹੈ। ਧਰਨੇ ਨੂੰ ਤਰਸੇਮ ਸਿੰਘ ਬੱਸੂਵਾਲ, ਹਰਬੰਸ ਲਾਲ, ਬਲਬੀਰ ਸਿੰਘ ਨੇ ਵੀ ਸੰਬੋਧਨ ਕੀਤਾ।
ਕਿਸਾਨ ਮੋਰਚੇ ’ਚ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ
ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਲਲਹੇੜੀ ਚੌਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 35ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਕਿਸਾਨ ਅੰਦੋਲਨ ਸਦਕਾ ਅੱਜ ਦੇਸ਼ ਦੇ ਹਰ ਨਾਗਰਿਕ ਵਿਚ ਕ੍ਰਾਂਤੀਕਾਰੀ ਜਾਗਰੂਕਤਾ ਪੈਦਾ ਹੋਈ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਘਰਸ਼ ਇੰਨਾ ਲੰਬਾ ਹੋਣ ਦੇ ਬਾਵਜੂਦ ਵੀ ਅਜੇ ਤੱਕ ਸ਼ਾਂਤੀਪੂਰਨ ਤੇ ਅਨੁਸ਼ਾਸ਼ਨ ਦੇ ਦਾਇਰੇ ਵਿਚ ਹੈ ਅਤੇ ਇਤਿਹਾਸ ਵਿਚ ਇਕ ਮਿਸਾਲ ਕਾਇਮ ਕਰੇਗਾ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਦੇਸ਼ ਦੇ ਅੰਨਦਾਤਿਆਂ ਨੂੰ ਅੱਖੋਂ ਪਰੋਖੇ ਕਰ ਰਹੀ ਹੈ। ਕਿਸਾਨਾਂ ਨੇ ਕਿਹਾ ਕਿ ਉਹ ਕਿਸੇ ਵੀ ਹਾਲ ਵਿਚ ਕਾਲੇ ਕਾਨੂੰਨ ਰੱਦ ਕਰਵਾ ਕੇ ਹੀ ਆਪਣੇ ਘਰ ਵਾਪਸ ਮੁੜਾਂਗੇ।