ਇਥੋਂ ਦੇ ਵਾਰਡ ਨੰਬਰ-19 ਆਨੰਦ ਨਗਰ ਵਿੱਚ ਡਾ. ਬੀਆਰ ਅੰਬੇਡਕਰ ਭਵਨ ਦੇ ਹਾਲ ਨੂੰ ਹੋਰ ਵੱਡਾ ਕਰਨ ਲਈ ਅੱਜ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੇ ਪਿਤਾ ਭੁਪਿੰਦਰ ਸਿੰਘ ਸੌਂਦ ਨੇ ਕਰੀਬ 33 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਲ ਦੀ ਉਸਾਰੀ ਸ਼ੁਰੂ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਵਾਰਡ ਦੇ ਵਿਕਾਸ ਲਈ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਵੱਧ ਤੋਂ ਵੱਧ ਫੰਡ ਲਿਆਂਦੇ ਜਾਣਗੇ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੋਣਾਂ ਦੌਰਾਨ ਕੀਤਾ ਇਕ ਇਕ ਵਾਅਦਾ ਪੂਰਾ ਕੀਤਾ ਹੈ ਅਤੇ ਭਵਿੱਖ ਵਿਚ ਵੀ ਵਿਕਾਸ ਕਾਰਜ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਕੌਂਸਲਰ ਰੂਬੀ ਭਾਟੀਆ ਅਤੇ ਹਰਜੀਤ ਸਿੰਘ ਭਾਟੀਆ ਨੇ ਕੈਬਨਿਟ ਮੰਤਰੀ ਸੌਂਦ ਦਾ ਧੰਨਵਾਦ ਕਰਦਿਆਂ ਕਿਹਾ ਕਿ ਡਾ.ਅੰਬੇਦਕਰ ਭਵਨ ਦੀ ਇਮਾਰਤ ਵੱਡੀ ਹੋਣ ਨਾਲ ਲੋਕਾਂ ਨੂੰ ਵੱਖ ਵੱਖ ਤਰ੍ਹਾਂ ਦੇ ਧਾਰਮਿਕ ਸਮਾਗਮਾਂ ਅਤੇ ਵਿਆਹ ਪ੍ਰੋਗਰਾਮਾਂ ਲਈ ਰਾਹਤ ਮਿਲੇਗੀ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਵੱਲੋਂ ਬਾਲੀ ਰਾਮ ਨੇ ਸ੍ਰੀ ਸੌਂਦ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ। ਇਸ ਮੌਕੇ ਸੀਨੀਅਰ ਆਗੂ ਰਾਜਿੰਦਰ ਸਿੰਘ ਜੀਤ, ਕੌਂਸਲਰ ਪਰਮਪ੍ਰੀਤ ਸਿੰਘ ਪੌਂਪੀ, ਗੌਰਵ ਮੋਦਗਿੱਲ ਤੇ ਹੋਰ ਹਾਜ਼ਰ ਸਨ।