ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 11 ਅਕਤੂਬਰ
ਸਥਾਨਕ ਬਹਾਦੁਰ ਕੇ ਰੋਡ ’ਤੇ ਅੱਜ ਸੜਕ ਦੀ ਉਸਾਰੀ ਦਾ ਕੰਮ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਚੌਧਰੀ ਮਦਨ ਲਾਲ ਬੱਗਾ ਵੱਲੋਂ ਸ਼ੁਰੂ ਕਰਵਾਇਆ ਗਿਆ। ਵਿਧਾਇਕਾਂ ਨੇ ਇਸ ਮੌਕੇ ’ਤੇ ਦਾਅਵਾ ਕੀਤਾ ਕਿ ਇਹ ਕੰਮ ਜਲਦ ਮੁਕੰਮਲ ਕਰਕੇ ਲੋਕਾਂ ਦੀ ਆਵਾਜਾਈ ਲਈ ਸਮਰਪਿਤ ਕੀਤਾ ਜਾਵੇਗਾ। ਇਹ ਸੜਕ ਹਲਕਾ ਲੁਧਿਆਣਾ ਉਤਰੀ ਅਤੇ ਪੂਰਬੀ ਦੋਵਾਂ ਹਲਕਿਆਂ ਵਿੱਚ ਪੈਂਦੀ ਹੈ ਜੋ ਲੰਮੇ ਸਮੇਂ ਤੋਂ ਟੁੱਟੀ ਪਈ ਸੀ। ਇਸ ਸੜਕ ਦੇ ਨਿਰਮਾਣ ਨਾਲ ਬਹਾਦੁਰਕੇ ਰੋਡ ’ਤੇ ਉਦਯੋਗਿਕ ਇਕਾਈਆਂ ਤੇ ਵਪਾਰੀ ਵਰਗ ਨੂੰ ਵੱਡੀ ਰਾਹਤ ਮਿਲੇਗੀ। ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਉੱਤਰੀ ਹਲਕੇ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਸਾਂਝੇ ਤੌਰ ’ਤੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਇਲਾਕੇ ਦੇ ਲੋਕ ਇਸ ਖਸਤਾ ਹਾਲਤ ਸੜਕ ਕਾਰਨ ਪ੍ਰੇਸ਼ਾਨ ਸਨ।
ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਵਾਹਨਾਂ ਦੀ ਆਵਾਜਾਈ ਸੁਖਾਵੀਂ ਹੋ ਜਾਵੇਗੀ ਤੇ ਵਸਨੀਕਾਂ ਨੂੰ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਾਜੈਕਟ ਦੀ ਗੁਣਵੱਤਾ ਅਤੇ ਰਫ਼ਤਾਰ ਨੂੰ ਪਹਿਲ ਦੇਣ ਦੀ ਹਦਾਇਤ ਕਰਦਿਆਂ ਕਿਹਾ ਕਿ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।