ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 24 ਅਕਤੂਬਰ
ਪੰਜਾਬ ਰੋਡਵੇਜ਼ ਨੂੰ ਬਚਾਉਣ ਤੇ ਕੱਚੇ ਕਰਮੀਆਂ ਨੂੰ ਪੱਕੇ ਕਰਨ ਦੀ ਮੰਗ ਸਬੰਧੀ ਪੰਜਾਬ ਰੋਡਵੇਜ਼ ਐਕਸ਼ਨ ਕਮੇਟੀ ਤੇ ਪਨਬਸ ਠੇਕਾ ਵਰਕਰ ਯੂਨੀਅਨ ਵੱਲੋਂ ਸਾਂਝੇ ਤੌਰ ’ਤੇ ਸੰਘਰਸ਼ ਕਰਦੇ ਹੋਏ ਦਸਹਿਰੇ ਦੇ ਇੱਕ ਦਿਨ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਮੌਂਟੈਕ ਸਿੰਘ ਆਹਲੂਵਾਲੀਆ ਦੇ ਕੁੰਭਕਰਨ, ਮੇਘਨਾਥ ਤੇ ਰਾਵਣ ਰੂਪੀ ਪੁਤਲੇ ਫੂਕੇ ਗਏ। ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਤੇ ਮੁੱਖ ਮੰਤਰੀ ਖਿਲਾਫ਼ ਨਾਅਰੇਬਾਜ਼ੀ ਕੀਤੀ ਤੇ ਸਾਰਿਆਂ ਨੂੰ ਕੁੰਭਕਰਨੀ ਨੀਂਦ ’ਚੋਂ ਜਾਗ ਕੇ ਮੁਲਾਜ਼ਮਾਂ ਦਾ ਧਿਆਨ ਰੱਖਣ ਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕਰਨ ਦੀ ਗੱਲ ਕੀਤੀ। ਡਿੱਪੂ ਪ੍ਰਧਾਨ ਸਮਸ਼ੇਰ ਸਿੰਘ ਨੇ ਕਿਹਾ ਕਿ ਸਰਕਾਰ ਠੇਕੇ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਲਗਾਤਾਰ ਨਜ਼ਰਅੰਦਾਜ਼ ਕਰਦੀ ਆ ਰਹੀ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਸਰਕਾਰ ਵਿਰੁੱਧ ਗੁੱਸੇ ਦੀ ਲਹਿਰ ਹੈ।
ਸਮਰਾਲਾ (ਡੀਪੀਐੱਸ ਬੱਤਰਾ): ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਅੱਜ ਸਮਰਾਲਾ ’ਚ ਠੇਕਾ ਮੁਲਾਜ਼ਮਾਂ ਵੱਲੋਂ ਪੱਕੇ ਨਾ ਕਰਨ ਅਤੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020, ਨਵੇਂ ਕਿਰਤ ਕਾਨੂੰਨਾਂ ਸਮੇਤ ਹੋਰ ਕਾਲੇ ਕਾਨੂੰਨਾਂ ਨੂੰ ਰੱਦ ਨਾ ਕਰਨ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਸੂਬਾ ਆਗੂ ਕੁਲਦੀਪ ਸਿੰਘ ਬੁੱਢੇਵਾਲ ਤੇ ਹੋਰ ਆਗੂਆਂ ਨੇ ਸੂਬਾ ਅਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ‘ਵੈੱਲਫੇਅਰ ਐਕਟ 2016’ ਅਧੀਨ ਲਿਆ ਕੇ ਰੈਗੂਲਰ ਕੀਤਾ ਜਾਵੇ ਅਤੇ ਐਕਟ ਤੋਂ ਬਾਹਰ ਰੱਖੀਆਂ ਕੈਟਾਗਿਰੀਆਂ ਵੱਖ-ਵੱਖ ਠੇਕੇਦਾਰਾਂ, ਕੰਪਨੀਆਂ, ਠੇਕਾ ਪ੍ਰਣਾਲੀ, ਆਊਟ ਸੋਰਸ ਆਦਿ ਨੂੰ ਐਕਟ ਵਿੱਚ ਸ਼ਾਮਲ ਕੀਤਾ ਜਾਵੇ, ਠੇਕਾ ਮੁਲਾਜ਼ਮਾਂ ਦੀਆਂ ਛਾਂਟੀਆਂ ਬੰਦ ਕੀਤੀਆਂ ਜਾਣ ਅਤੇ ਛਾਂਟੀ ਕੀਤੇ ਠੇਕਾ ਮੁਲਾਜ਼ਮਾਂ ਨੂੰ ਤੁਰੰਤ ਬਹਾਲ ਕੀਤਾ ਜਾਵੇ।
ਵੱਖ ਵੱਖ ਜਥੇਬੰਦੀਆਂ ਨੇ ਮੋਦੀ ਸਰਕਾਰ ਦੀ ਅਰਥੀ ਫੂਕੀ
ਖੰਨਾ (ਪੱਤਰ ਪ੍ਰੇਰਕ): ਅੱਜ ਇਥੇ ਬਿਜਲੀ ਮੁਲਾਜ਼ਮਾਂ, ਠੇਕਾ ਕਾਮਿਆਂ, ਕਿਸਾਨਾਂ ਤੇ ਮਜ਼ਦੂਰਾਂ ਨੇ ਸਾਂਝੇ ਤੌਰ ’ਤੇ ਡਿਵੀਜ਼ਨ ਦਫ਼ਤਰ ਅੱਗੇ ਗੇਟ ਰੈਲੀ ਕੀਤੀ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕੀ। ਇਸ ਮੌਕੇ ਜਗਦੇਵ ਸਿੰਘ, ਅਵਤਾਰ ਸਿੰਘ, ਮਲਕੀਤ ਸਿੰਘ ਅਤੇ ਚਰਨਜੀਤ ਸਿੰਘ ਨੇ ਕਿਹਾ ਕਿ ਮੋਦੀ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ, ਬਿਜਲੀ ਸੋਧ ਬਿੱਲ-2020, ਕਿਰਤ ਕਾਨੂੰਨਾਂ ਨੂੰ ਖ਼ਤਮ ਕਰਨ, ਸਰਕਾਰੀ ਅਦਾਰਿਆਂ ਦਾ ਨਿੱਜੀਕਰਨ ਅਤੇ ਲੋਕ ਸਭਾ ਵਿਚ ਪੇਸ਼ ਲੇਬਰ ਕੋਡ ਬਿੱਲ ਵਾਪਸ ਕਰਵਾਉਣ ਲਈ ਲਗਾਤਾਰ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮੰਗ ਕੀਤੀ ਕਿ ਖੇਤੀ ਕਾਨੂੰਨ, ਠੇਕਾ ਕਾਮਿਆਂ ਨੂੰ ਪੱਕੇ ਰੁਜ਼ਗਾਰ ਦਾ ਪ੍ਰਬੰਧ, ਨਵੀਂ ਅਤੇ ਪੱਕੀ ਭਰਤੀ ਦੀ ਗਰੰਟੀ, ਆਹਲੂਵਾਲੀਆ ਵੱਲੋਂ ਪੇਸ਼ ਕੀਤੀ ਰਿਪੋਰਟ ਰੱਦ ਕੀਤੀ ਜਾਵੇ।