ਠੇਕਾ ਮੁਲਾਜ਼ਮਾਂ ਵੱਲੋਂ ਬਿਜਲੀ ਮੰਤਰੀ ਦਾ ਘਿਰਾਓ
ਸਰਕਾਰ ’ਤੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਉਂਦਿਅਾਂ ਨਾਅਰੇਬਾਜ਼ੀ; ਪਰਿਵਾਰਾਂ ਸਣੇ ਸਡ਼ਕ ’ਤੇ ਧਰਨਾ ਲਾਇਅਾ; ਅਾਵਾਜਾਈ ਪ੍ਰਭਾਵਿਤ
ਇਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਦੇ ਠੇਕਾ ਮੁਲਾਜ਼ਮਾਂ ਨੇ ਮੰਗਲਵਾਰ ਨੂੰ ਫਿਰੋਜ਼ਪੁਰ ਰੋਡ ਆਰਤੀ ਚੌਕ ਨੇੜੇ ਸਥਿਤ ਬਿਜਲੀ ਮੰਤਰੀ ਸੰਜੀਵ ਅਰੋੜਾ ਦੇ ਘਰ ਦਾ ਘਿਰਾਓ ਕੀਤਾ ਹਾਲਾਂਕਿ ਪੁਲੀਸ ਨੇ ਮੁਲਾਜ਼ਮਾਂ ਨੂੰ ਪੰਜਾਹ ਮੀਟਰ ਦੂਰ ਰੋਕ ਲਿਆ ਪਰ ਮੁਲਾਜ਼ਮਾਂ ਨੇ ਨਾਅਰੇਬਾਜ਼ੀ ਕਰਦੇ ਹੋਏ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਾਅਦਾ ਕੀਤਾ ਸੀ ਕਿ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਸਮੂਹ ਆਊਟ ਸੋਰਸਡ ਠੇਕਾ ਕਾਮਿਆਂ ਨੂੰ ਵਿਭਾਗ ਵਿੱਚ ਪੱਕਾ ਕੀਤਾ ਜਾਵੇਗਾ ਪਰ ਤਿੰਨ ਸਾਲ ਬੀਤ ਜਾਣ ਤੋਂ ਬਾਅਦ ਵੀ ਕਿਸੇ ਕਾਮੇ ਨੂੰ ਪੱਕਾ ਨਹੀਂ ਕੀਤਾ ਗਿਆ। ਇਸ ਦੌਰਾਨ ਪਾਵਰਕੌਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮ ਵੀ ਰੋਸ ਮਾਰਚ ਕਰਦੇ ਉਨ੍ਹਾਂ ਦੇ ਘਰ ਦੇ ਬਾਹਰ ਪਹੁੰਚ ਗਏ। ਉਨ੍ਹਾਂ ਨੇ ਵੀ ਮੰਤਰੀ ਦੇ ਘਰ ਨੇੜੇ ਧਰਨਾ ਦਿੱਤਾ। ਪੰਜਾਬ ਦੀ ਪਾਵਰਕੌਮ ਅਤੇ ਟਰਾਂਸਕੋ ਕੰਟਰੈਕਟ ਐਂਪਲਾਈਜ਼ ਯੂਨੀਅਨ ਦੇ ਰਾਜ ਭਰ ਦੇ ਮੁਲਾਜ਼ਮ ਆਪਣੇ ਪਰਿਵਾਰਾਂ ਸਣੇ ਲੁਧਿਆਣਾ ਦੇ ਵੇਰਕਾ ਮਿਲਕ ਪਲਾਂਟ ਨੇੜੇ ਇਕੱਤਰ ਹੋਏ, ਉੱਥੋਂ ਉਹ ਆਰਤੀ ਚੌਕ ਤੱਕ ਮਾਰਚ ਕਰਦੇ ਹੋਏ ਫਿਰ ਗੁਰਦੇਵ ਨਗਰ ਸਥਿਤ ਮੰਤਰੀ ਦੀ ਰਿਹਾਇਸ਼ ਵੱਲ ਵਧੇ। ਮੰਤਰੀ ਦੀ ਰਿਹਾਇਸ਼ ਤੋਂ ਥੋੜ੍ਹੀ ਦੂਰੀ ’ਤੇ, ਮੁਲਾਜ਼ਮ ਆਪਣੇ ਪਰਿਵਾਰਾਂ ਨਾਲ ਧਰਨਾ ਦੇ ਕੇ ਬੈਠ ਗਏ। ਇਸ ਦੌਰਾਨ ਆਸ-ਪਾਸ ਦੀਆਂ ਸੜਕਾਂ ’ਤੇ ਗੱਡੀਆਂ ਦਾ ਭਾਰੀ ਜਾਮ ਲੱਗਾ ਰਿਹਾ। ਯੂਨੀਅਨ ਦੇ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਸਹੂਲਤਾਂ ਦਾ ਨਿੱਜੀਕਰਨ ਕਰਨ ਦੀਆਂ ਤਿਆਰੀਆਂ ਤੇਜ਼ ਕਰ ਰਹੀ ਹੈ, ਜੋ ਕਿ ਕਰਮਚਾਰੀਆਂ ਅਤੇ ਖਪਤਕਾਰਾਂ ਦੋਵਾਂ ਲਈ ਨੁਕਸਾਨਦੇਹ ਹੈ। ਉਨ੍ਹਾਂ ਕਿਹਾ ਕਿ ਠੇਕਾ ਕਰਮਚਾਰੀ ਕਈ ਸਾਲਾਂ ਤੋਂ ਪਾਵਰਕੌਮ ਨਾਲ ਕੰਮ ਕਰ ਰਹੇ ਹਨ ਪਰ ਉਨ੍ਹਾਂ ਨੂੰ ਕੋਈ ਲਾਭ ਨਹੀਂ ਮਿਲ ਰਿਹਾ ਹੈ। ਸੂਬਾ ਪ੍ਰਧਾਨ ਨੇ ਕਿਹਾ ਕਿ ਠੇਕਾ ਕਰਮਚਾਰੀ ਆਪਣੀ ਜਾਨ ਮਸ਼ੁਕਿਲ ਵਿੱਚ ਪਾਉਂਦੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਮੰਤਰੀ ਨੇ ਆਊਟਸੋਰਸ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਵਾਅਦਾ ਕੀਤਾ ਸੀ, ਪਰ ਅੱਜ ਮੰਤਰੀ ਸਾਹਿਬ ਉਨ੍ਹਾਂ ਨਾਲ ਮਿਲਣ ਲਈ ਤਿਆਰ ਨਹੀਂ ਹਨ। ਉਨ੍ਹਾਂ ਕਿਹਾ ਕਿ ਬਿਜਲੀ ਮੰਤਰੀ ਵਿਰੁੱਧ ਉਨ੍ਹਾਂ ਦਾ ਵਿਰੋਧ ਜਾਰੀ ਰਹੇਗਾ। ਬਲਿਹਾਰ ਸਿੰਘ ਨੇ ਕਿਹਾ ਕਿ ਬਿਜਲੀ ਮੁਲਾਜ਼ਮਾਂ ਨੇ ਕਈ ਮੰਗਾਂ ਰੱਖੀਆਂ ਹਨ। ਮੁੱਖ ਮੰਗਾਂ ਵਿੱਚ ਪਾਵਰਕੌਮ ਦਾ ਨਿੱਜੀਕਰਨ ਬੰਦ ਕਰਨਾ, ਠੇਕੇਦਾਰ ਕੰਪਨੀਆਂ ਨੂੰ ਖਤਮ ਕਰਨਾ ਅਤੇ ਸਾਰੇ ਆਊਟਸੋਰਸ ਕੀਤੇ ਕਰਮਚਾਰੀਆਂ ਨੂੰ ਸਿੱਧੇ ਵਿਭਾਗ ਵਿੱਚ ਭਰਤੀ ਕਰਨਾ, ਘੱਟੋ-ਘੱਟ ਉਜਰਤ ਕਾਨੂੰਨ ਲਾਗੂ ਕਰਨਾ ਅਤੇ ਬਿਜਲੀ ਦਾ ਕਰੰਟ ਲੱਗਣ ਕਾਰਨ ਮਾਰੇ ਗਏ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਸਥਾਈ ਨੌਕਰੀਆਂ, ਪੈਨਸ਼ਨਾਂ ਅਤੇ ਕਾਨੂੰਨੀ ਮੁਆਵਜ਼ਾ ਦੇਣਾ ਸ਼ਾਮਲ ਹੈ। ਉਨ੍ਹਾਂ ਝੂਠੇ ਕੇਸ ਵੀ ਖਾਰਜ ਕਰਨ ਦੀ ਮੰਗ ਕੀਤੀ। ਸੂਬਾ ਜਰਨਲ ਸਕੱਤਰ ਰਾਜੇਸ਼ ਕੁਮਾਰ ਮੌੜ ਤੇ ਸੂਬਾ ਪ੍ਰੈੱਸ ਸਕੱਤਰ ਇੰਦਰਪ੍ਰੀਤ ਸਿੰਘ ਨੇ ਦਸਿਆ ਕਿ ਬਿਜਲੀ ਵਿਭਾਗ ਅੰਦਰ ਕੰਮ ਕਰਦੇ ਆਊਟ ਸੋਰਸਡ ਕਾਮਿਆਂ ਦਾ ਧਨਾਢ ਕੰਪਨੀਆਂ ਵੱਲੋਂ ਸ਼ੋਸ਼ਣ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਨੀਅਨ ਵੱਲੋਂ ਨਿੱਜੀਕਰਨ ਦੀ ਨੀਤੀ ਰੱਦ ਕਰਕੇ ਸਮੂਹ ਕਾਮਿਆਂ ਨੂੰ ਸਿੱਧਾ ਵਿਭਾਗ ਵਿੱਚ ਸ਼ਾਮਲ ਕਰਨ, ਘੱਟੋ ਘੱਟ ਗੁਜ਼ਾਰੇ ਯੋਗ ਤਨਖਾਹ ਲਾਗੂ ਕਰਨ, ਹਾਦਸਾ ਪੀੜਤ ਲਈ ਪੱਕੀ ਨੌਕਰੀ, ਪੱਕੀ ਪੈਨਸ਼ਨ ਦੀ ਗਾਰੰਟੀ ਦੇਣ, ਕੱਢੇ ਕਾਮਿਆਂ ਨੂੰ ਤੁਰੰਤ ਬਹਾਲ ਕਰਨ ਦੀ ਮੰਗ ਕੀਤੀ ਜਾ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਸਣੇ ਵਿੱਤ ਮੰਤਰੀ, ਬਿਜਲੀ ਮੰਤਰੀ ਅਤੇ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਵਾਰ ਬੈਠਕਾਂ ਹੋਈਆਂ ਪਰ ਕਿਤੇ ਵੀ ਸੁਣਵਾਈ ਨਹੀਂ ਹੋਈ।

