ਠੇਕਾ ਕਾਮਿਆਂ ਵੱਲੋਂ ਤਰਨ ਤਾਰਨ ’ਚ ਪੱਕੇ ਮੋਰਚੇ ਦਾ ਐਲਾਨ
ਪਿਛਲੇ 15-16 ਸਾਲਾਂ ਤੋਂ ਪੰਜਾਬ ਦੀਆਂ ਸਰਕਾਰੀ ਆਈ ਟੀ ਆਈਜ਼ ਵਿੱਚ 15 ਹਜ਼ਾਰ ਰੁਪਏ ਪ੍ਰੀਤ ਮਹੀਨਾ ਠੇਕੇ ’ਤੇ ਕੰਮ ਕਰਨ ਵਾਲੇ ਕਰਾਫ਼ਟ ਇੰਸਟਰਕਟਰਾਂ ਦੇ ਸਬਰ ਦਾ ਪਿਆਲਾ ਹੁਣ ਭਰ ਗਿਆ ਹੈ। ਠੇਕਾ ਅਧਿਆਪਕਾਂ ਨੇ ਵਿਧਾਨ ਸਭਾ ਚੋਣ ਸਮੇਂ 6 ਨਵੰਬਰ ਵੀਰਵਾਰ ਨੂੰ ਸਰਕਾਰ ਦੀਆਂ ਮੁਲਾਜ਼ਮ ਅਤੇ ਲੋਕ ਮਾਰੂ ਨੀਤੀਆਂ ਵਿਰੁੱਧ ਤਰਨ ਤਾਰਨ ਵਿੱਚ ਦਿੱਤੇ ਜਾਣ ਵਾਲੇ ਧਰਨੇ ਨੂੰ ਪੱਕੇ ਮੋਰਚੇ ਵਿੱਚ ਤਬਦੀਲ ਕਰਨ ਦਾ ਐਲਾਨ ਕੀਤਾ ਹੇ। ਯੂਨੀਅਨ ਦੇ ਸੂਬਾਈ ਆਗੂ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਮਨਰਾਜ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ, ਗੁਰਜਿੰਦਰ ਸਿੰਘ ਅਤੇ ਪਰਮਜੀਤ ਕੌਰ ਨੇ ਮੀਟਿੰਗ ਬਾਅਦ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਵਿਧਾਨ ਸਭਾ ਚੋਣਾਂ ਸਮੇਂ ਕੀਤੇ ਵਾਅਦਿਆਂ ਤੋਂ ਮੁੱਕਰੀ ਸਰਕਾਰ ਦੀਆਂ ਨੀਤੀਆਂ ਬਾਰੇ ਤਰਨ ਤਾਰਨ ਦੇ ਲੋਕਾਂ ਨੂੰ ਜਾਗਰੂਕ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਅਧਿਆਪਕ ਆਗੂਆਂ ਨੇ ਦੋਸ਼ ਲਾਇਆ ਕਿ ਅਖ਼ਬਾਰਾਂ ਵਿੱਚ ਇਸ਼ਤਿਹਾਰ ਅਤੇ ਰੁਜ਼ਗਾਰ ਦਫ਼ਤਰਾਂ ਰਾਹੀ ਸਾਰੀਆਂ ਯੋਗਤਾਵਾਂ ਪੂਰੀਆਂ ਕਰਨ ਬਾਅਦ ਪਾਰਦਰਸ਼ੀ ਢੰਗ ਨਾਲ ਚੁਣੇ ਜਾਣ ਦੇ ਬਾਵਜੂਦ ਪਿਛਲੇ ਕਰੀਬ 15 ਸਾਲ ਤੋਂ ਉਹ ਰੈਗੂਲਰ ਕਰਨ ਦੀ ਝਾਕ ਲਾਈ ਬੈਠੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਪਿਛਲੇ 3 ਸਾਲਾਂ ਤੋਂ ਉਨ੍ਹਾਂ ਦੀਆਂ ਕੋਸ਼ਿਸ਼ ਨੂੰ ਬੂਰ ਨਹੀਂ ਪਿਆ। ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਵਿੱਤ ਮੰਤਰੀ ਹਰਪਾਲ ਚੀਮਾ, ਕੈਬਨਿਟ ਮੰਤਰੀ ਅਮਨ ਅਰੋੜਾ ਸਮੇਤ ਮੰਤਰੀਆਂ ਨੇ ਵੀ ਅੱਜ ਤੱਕ ਮਸਲੇ ਦਾ ਹੱਲ ਨਹੀਂ ਕੀਤਾ। ਦਰਜਨਾਂ ਵਾਰ ਯਤਨਾਂ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਮਾਨ ਨੇ ਤਾਂ ਅੱਜ ਤੱਕ ਗੱਲ ਵੀ ਨਹੀਂ ਸੁਣੀ ਹੈ।
