ਨਿੱਜੀ ਪੱਤਰ ਪ੍ਰੇਰਕ
ਖੰਨਾ, 5 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਵਿਰੁੱਧ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਫ਼ੈਸਲੇ ਤਹਿਤ ਵੱਖ-ਵੱਖ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਤਹਿਸੀਲ ਪੱਧਰ ’ਤੇ ਮੋਦੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ, ਗੁਰਵਿੰਦਰ ਸਿੰਘ, ਸ਼ੇਰ ਸਿੰਘ ਅਤੇ ਬਲਿਹਾਰ ਸਿੰਘ ਨੇ ਕਿਹਾ ਕਿ ਮੋਦੀ ਤੇ ਪੰਜਾਬ ਸਰਕਾਰ ਨੂੰ ਲੋਕਾਂ ਦੀਆਂ ਦੁੱਖ ਤਕਲੀਫ਼ਾਂ ਨਾਲ ਕੋਈ ਹਮਦਰਦੀ ਨਹੀਂ ਹੈ, ਉਹ ਸਿਰਫ਼ ਪੰਜਾਬ ਦੇ ਲੋਕਾਂ ਨੂੰ ਲਾਲਚ ਦੇ ਕੇ ਆਪਣੀ ਸਿਆਸਤ ਕਰਨੀ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਤੇ ਪੰਜਾਬ ਦੀ ਕਾਂਗਰਸ ਸਰਕਾਰ ਇਕੋ ਸਿੱਕੇ ਦੇ ਦੋ ਪਹਿਲੂ ਹਨ। ਉਨ੍ਹਾਂ ਚੰਨੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਠੇਕਾ ਕਾਮਿਆਂ ਨੂੰ ਬਿਨਾਂ ਪੱਖਪਾਤ ਤੋਂ ਰੈਗੂਲਰ ਕਰਨ ਦਾ ਨੋਟੀਫ਼ਿਕੇਸ਼ਨ 7 ਜਨਵਰੀ ਤੱਕ ਜਾਰੀ ਨਾ ਕੀਤਾ ਗਿਆ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।
ਗੁਰੂਸਰ ਸੁਧਾਰ (ਪੱਤਰ ਪ੍ਰੇਰਕ): ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਅਗਵਾਈ ਵਿਚ ਲੁਧਿਆਣਾ-ਬਠਿੰਡਾ ਰਾਜ ਮਾਰਗ ਉੱਪਰ ਕਸਬਾ ਸੁਧਾਰ ਦੇ ਮੁੱਖ ਬਾਜ਼ਾਰ ਵਿਚ ਜ਼ੋਰਦਾਰ ਨਾਅਰੇਬਾਜ਼ੀ ਦੌਰਾਨ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਗਿਆ। ਬਲਾਕ ਪ੍ਰਧਾਨ ਰਣਵੀਰ ਸਿੰਘ ਸੰਘੇੜਾ ਅਤੇ ਬਲਾਕ ਪ੍ਰਧਾਨ ਜਸਪ੍ਰੀਤ ਸਿੰਘ ਢੱਟ ਨੇ ਕਿਹਾ ਕਿ ਜਦੋਂ ਤੱਕ ਕਿਸਾਨਾਂ ਨੂੰ ਇਨਸਾਫ਼ ਨਹੀਂ ਮਿਲਦਾ, ਉਸ ਸਮੇਂ ਤੱਕ ਭਾਜਪਾ ਆਗੂਆਂ ਸਮੇਤ ਪ੍ਰਧਾਨ ਮੰਤਰੀ ਮੋਦੀ ਦਾ ਪੰਜਾਬ ਦੀ ਧਰਤੀ ਉੱਪਰ ਵਿਰੋਧ ਜਾਰੀ ਰਹੇਗਾ।