ਸੰਤੋਖ ਗਿੱਲ
ਮੁੱਲਾਂਪੁਰ-ਦਾਖਾ, 24 ਜਨਵਰੀ
ਵਿਧਾਨ ਸਭਾ ਹਲਕਾ ਦਾਖਾ ਤੋਂ ਅਕਾਲੀ-ਬਸਪਾ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਵੱਲੋਂ ਪਿੰਡ ਢੱਟ ਵਿਚ ਨੁੱਕੜ ਮੀਟਿੰਗ ਵਿਚ ਵੱਡੀ ਗਿਣਤੀ ਪਿੰਡ ਵਾਸੀਆਂ ਨੇ ਭਾਗ ਲਿਆ। ਉਨ੍ਹਾਂ ਭਰੋਸਾ ਦਿਵਾਇਆ ਕਿ ਮਨਪ੍ਰੀਤ ਸਿੰਘ ਇਯਾਲੀ ਦੀ ਜਿੱਤ ਯਕੀਨੀ ਬਣਾਉਣਗੇ। ਵਿਧਾਇਕ ਇਯਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਹਲਕੇ ਦੇ ਲੋਕਾਂ ਨੂੰ ਕਦੇ ਵੀ ਸੰਜੀਦਗੀ ਨਾਲ ਨਹੀਂ ਲਿਆ, ਸਗੋਂ ਚੋਣਾਂ ਦੌਰਾਨ ਇਸਤੇਮਾਲ ਕਰਨ ਦੀ ਕੋਸ਼ਿਸ਼ ਕੀਤੀ, ਇਸੇ ਕਾਰਨ ਵਿਰੋਧੀ ਪਾਰਟੀਆਂ ਨੇ ਹਲਕਾ ਦਾਖਾ ਤੋਂ ਸਿਰਫ਼ ਬਾਹਰੀ ਉਮੀਦਵਾਰਾਂ ਨੂੰ ਹੀ ਚੋਣ ਮੈਦਾਨ ਵਿੱਚ ਉਤਾਰਿਆ ਹੈ। ਚੋਣਾਂ ਦੇ ਮੌਸਮ ਵਿੱਚ ਬਾਹਰੀ ਉਮੀਦਵਾਰ ਫੋਕੀ ਬਿਆਨਬਾਜ਼ੀ ਅਤੇ ਭੜਕਾਊ ਗੱਲਾਂ ਨਾਲ ਲੋਕਾਂ ਨੂੰ ਵਰਗਲਾਉਣ ਦੀ ਕੋਸ਼ਿਸ਼ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਹਲਕੇ ਨੂੰ ਆਪਣਾ ਘਰ-ਪਰਿਵਾਰ ਸਮਝਦੇ ਹਨ ਅਤੇ ਹੁਣ ਤੱਕ ਤਨਦੇਹੀ ਨਾਲ ਹਲਕੇ ਦੇ ਲੋਕਾਂ ਦੀ ਸੇਵਾ ਕੀਤੀ ਹੈ। ਪਿੰਡ ਵਾਸੀਆਂ ਨੇ ਵਿਧਾਇਕ ਇਯਾਲੀ ਵੱਲੋਂ ਪਿਛਲੇ ਦਿਨੀਂ ਅਨੁਸੂਚਿਤ ਜਾਤੀ ਭਾਈਚਾਰੇ ਦੀ ਧਰਮਸ਼ਾਲਾ ਲਈ ਯੋਗਦਾਨ ਬਦਲੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।