ਸਤਵਿੰਦਰ ਬਸਰਾ
ਲੁਧਿਆਣਾ, 11 ਅਪਰੈਲ
ਜ਼ਿਲ੍ਹਾ ਲੁਧਿਆਣਾ ਵਿੱਚ ਕਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਅੱਜ ਜ਼ਿਲ੍ਹੇ ਵਿੱਚ ਕਰੋਨਾ ਨੇ 11 ਮਰੀਜ਼ਾਂ ਦੀ ਜਾਨ ਲੈ ਲਈ ਜਦਕਿ ਪਿਛਲੇ 24 ਘੰਟਿਆਂ ਦੌਰਾਨ ਕਰੋਨਾ ਦੇ 620 ਨਵੇਂ ਮਾਮਲੇ ਸਾਹਮਣੇ ਆਏ ਹਨ। ਪਿਛਲੇ ਕੁਝ ਦਿਨਾਂ ਤੋਂ ਕਰੋਨਾ ਮਹਾਮਾਰੀ ਫਿਰ ਤੋਂ ਆਪਣੇ ਪੈਰ ਪਸਾਰਨ ਲੱਗੀ ਹੈ। ਇਸ ਦੇ ਕਹਿਰ ਨੂੰ ਰੋਕਣ ਲਈ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ ਪਰ ਮੌਜੂਦਾ ਸਮੇਂ ਇਸ ਦੇ ਰੁਕਣ ਦੇ ਆਸਾਰ ਦਿਖਾਈ ਨਹੀਂ ਦੇ ਰਹੇ। ਜੇਕਰ ਸਿਵਲ ਸਰਜਨ ਲੁਧਿਆਣਾ ਡਾ. ਸੁਖਜੀਵਨ ਕੱਕੜ ਦੀ ਮੰਨੀਏ ਤਾਂ ਲੁਧਿਆਣਾ ਵਿੱਚ ਕਰੋਨਾ ਦੇ ਨਵੇਂ ਆਏ 620 ਮਰੀਜ਼ਾਂ ਵਿੱਚੋਂ 530 ਮਰੀਜ਼ ਲੁਧਿਆਣਾ ਜ਼ਿਲ੍ਹੇ ਦੇ ਹਨ ਜਦਕਿ 90 ਹੋਰਨਾਂ ਜ਼ਿਲ੍ਹਿਆਂ ਅਤੇ ਰਾਜਾਂ ਨਾਲ ਸਬੰਧਤ ਹਨ। ਇਨ੍ਹਾਂ ਵਿੱਚ 39 ਪਾਜ਼ੇਟਿਵ ਕੇਸਾਂ ਦੇ ਸੰਪਰਕ ਵਿੱਚ ਆਉਣ ਵਾਲੇ, 3 ਹੈਲਥ ਕੇਅਰ ਵਰਕਰ, ਤਿੰਨ ਅਧਿਆਪਕ ਵੀ ਸ਼ਾਮਲ ਹਨ। ਇਸ ਤੋਂ ਇਲਾਵਾ 11 ਕਰੋਨਾ ਮਰੀਜ਼ਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ। ਇਨ੍ਹਾਂ ਵਿੱਚ 7 ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ, ਜਿਨ੍ਹਾਂ ’ਚ ਚਾਰ ਮਰਦ ਅਤੇ 3 ਔਰਤਾਂ ਸ਼ਾਮਲ ਹਨ। ਇਨ੍ਹਾਂ ਤੋਂ ਇਲਾਵਾ 1-1 ਮਰੀਜ਼ ਫਤਿਹਗੜ੍ਹ ਸਾਹਿਬ, ਜਲੰਧਰ, ਸੰਗਰੂਰ ਅਤੇ ਫਰੀਦਕੋਟ ਆਦਿ ਜ਼ਿਲ੍ਹਿਆਂ ਨਾਲ ਸਬੰਧਤ ਸਨ। ਇਸੇ ਤਰ੍ਹਾਂ 312 ਸ਼ੱਕੀ ਮਰੀਜ਼ਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਇਕਾਂਤਵਾਸ ਕੀਤਾ ਗਿਆ ਹੈ। ਸਿਵਲ ਸਰਜਨ ਨੇ ਲੋਕਾਂ ਨੂੰ ਅਪੀਲ ਕੀਤੀ ਉਹ ਕਿ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਕੋਵਿਡ ਤੋਂ ਬਚਾਅ ਲਈ ਕੀਤੀਆਂ ਹਦਾਇਤਾਂ ਦੀ ਪਾਲਣਾ ਕਰਨ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਨਾ ਜਾਣ, ਮੂੰਹ ’ਤੇ ਮਾਸਕ ਲਗਾ ਕੇ ਰੱਖਣ, ਇੱਕ-ਦੂਜੇ ਤੋਂ ਫਾਸਲਾ ਰੱਖਣ ਅਤੇ ਸਮੇਂ ਸਮੇਂ ’ਤੇ ਹੱਥਾਂ ਨੂੰ ਸਾਫ ਕਰਦੇ ਰਹਿਣ ਦੀ ਅਪੀਲ ਕੀਤੀ ਹੈ।
ਕੇਸਾਂ ਵਿੱਚ ਵਾਧੇ ਦੇ ਬਾਵਜੂਦ ਲੋਕ ਬੇਪ੍ਰਵਾਹ
ਲੁਧਿਆਣਾ: ਸਨਅਤੀ ਸ਼ਹਿਰ ਲੁਧਿਆਣਾ ਵਿੱਚ ਕਰੋਨਾ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ ਪਰ ਇਸ ਦੇ ਬਾਵਜੂਦ ਇੱਥੋਂ ਦੇ ਬਾਜ਼ਾਰਾਂ ਵਿੱਚ ਭੀੜ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ। ਸੂਬਾ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਵਿਡ-19 ਦੀ ਪਾਲਣਾ ਕਰਨ ਦੀਆਂ ਕੀਤੀਆਂ ਹਦਾਇਤਾਂ ਦੀਆਂ ਵੀ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਰੋਨਾ ਮਹਾਮਾਰੀ ਦੀ ਦੂਜੀ ਲਹਿਰ ਨੂੰ ਪਹਿਲਾਂ ਤੋਂ ਵੀ ਵੱਧ ਖਤਰਨਾਕ ਮੰਨਿਆ ਜਾ ਰਿਹਾ ਹੈ। ਜ਼ਿਲ੍ਹੇ ਵਿੱਚ ਕਰੋਨਾ ਦੇ ਕੇਸ ਘੱਟ ਹੋਣ ਤੋਂ ਬਾਅਦ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਵਧ ਰਹੇ ਹਨ। ਅਜਿਹੇ ਹਾਲਾਤਾਂ ਨੂੰ ਦੇਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਥਾਂ-ਥਾਂ ਕੈਂਪ ਲਗਾ ਕੇ ਲੋਕਾਂ ਨੂੰ ਵੈਕਸੀਨ ਲਾਈ ਜਾ ਰਹੀ ਹੈ, ਪਰ ਲੋਕ ਅਜੇ ਤੱਕ ਵੀ ਇਸ ਬਿਮਾਰੀ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਦਿਖਾਈ ਨਹੀਂ ਦੇ ਰਹੇ। ਸ਼ਹਿਰ ਦੇ ਬਾਜ਼ਾਰਾਂ ਵਿੱਚ ਲਗਾਤਾਰ ਵਧ ਰਹੀ ਭੀੜ ਇਸ ਦੀ ਗਵਾਹੀ ਭਰਦੀ ਨਜ਼ਰ ਆ ਰਹੀ ਹੈ। ਭਾਵੇਂ ਪ੍ਰਸ਼ਾਸਨ ਵੱਲੋਂ ਵਿਆਹਾਂ ਅਤੇ ਹੋਰ ਸਮਾਗਮਾਂ ਵਿੱਚ ਇਕੱਠ ਘੱਟ ਕਰਨ, ਮਾਸਕ ਲਗਾ ਕੇ ਰੱਖਣ, ਇੱਕ-ਦੂਜੇ ਤੋਂ ਸਰੀਰਕ ਦੂਰੀ ਬਣਾ ਕਿ ਰੱਖਣ ਦੀਆਂ ਹਦਾਇਤਾਂ ਹਨ, ਪਰ ਅਫਸੋਸ ਇੱਥੋਂ ਦੇ ਬਾਜ਼ਾਰਾਂ ਵਿੱਚ ਇਨ੍ਹਾਂ ਹਦਾਇਤਾਂ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸਥਾਨਕ ਚੌੜਾ ਬਾਜ਼ਾਰ, ਘੁਮਾਰ ਮੰਡੀ, ਫੀਲਡ ਗੰਜ, ਘੰਟਾ ਘਰ, ਕਿਤਾਬ ਬਾਜ਼ਰ, ਕੰਬਲ ਬਾਜ਼ਾਰ, ਪਿੰਡੀ ਗਲੀ, ਕੋਚਰ ਮਾਰਕੀਟ, ਸਰਾਫਾ ਬਾਜ਼ਾਰ, ਗਊਸ਼ਾਲਾ ਰੋਡ, ਜਨਕ ਪੁਰੀ ਵਿੱਚ ਦੁਕਾਨਾਂ ਦੇ ਅੱਗੇ ਲਾਈਆਂ ਫੜੀਆਂ ਅਤੇ ਚਾਰ ਪਹੀਆ ਵਾਹਨਾਂ ਦੇ ਦਾਖਲੇ ਕਾਰਨ ਭੀੜ ਆਮ ਦੇਖੀ ਜਾ ਸਕਦੀ ਹੈ। ਇਸ ਭੀੜ ਨੂੰ ਘੱਟ ਕਰਨ ਲਈ ਭਾਵੇਂ ਪੁਲੀਸ ਪ੍ਰਸ਼ਾਸਨ ਵੱਲੋਂ ਆਪਣੇ ਪੱਧਰ ’ਤੇ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਪਰ ਇਹ ਓਨੀ ਦੇਰ ਤੱਕ ਨਾ-ਕਾਫੀ ਸਮਝੀਆਂ ਜਾ ਰਹੀਆਂ ਹਨ ਜਿੰਨੀ ਦੇਰ ਤੱਕ ਖੁਦ ਲੋਕ ਜਾਗਰੂਕ ਨਹੀਂ ਹੁੰਦੇ। ਦੂਜੇ ਪਾਸੇ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਦੀ ਸਲਾਹ ਦਿੱਤੀ ਜਾ ਰਹੀ ਹੈ।