ਖੇਤਰੀ ਪ੍ਰਤੀਨਿਧ
ਲੁਧਿਆਣਾ, 28 ਅਗਸਤ
ਸਨਅਤੀ ਸ਼ਹਿਰ ਲੁਧਿਆਣਾ ਵਿੱਚ ਕਰੋਨਾਵਾਇਰਸ ਮਹਾਮਾਰੀ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਅੱਜ ਵੀ ਇਸ ਬਿਮਾਰੀ ਨਾਲ ਜ਼ਿਲ੍ਹੇ ਵਿੱਚ ਦੋ ਮਰੀਜ਼ਾਂ ਦੀ ਮੌਤ ਹੋ ਗਈ ਜਦਕਿ ਪਿਛਲੇ 24 ਘੰਟਿਆਂ ’ਚ ਕਰੋਨਾ ਦੇ ਨੌਂ ਨਵੇਂ ਕੇਸ ਸਾਹਮਣੇ ਆਏ ਹਨ। ਸਿਵਲ ਸਰਜਨ ਲੁਧਿਆਣਾ ਡਾ. ਹਿਤਿੰਦਰ ਕੌਰ ਨੇ ਦੱਸਿਆ ਕਿ ਜਿਨ੍ਹਾਂ ਦੋ ਮਰੀਜ਼ਾਂ ਦੀ ਮੌਤ ਹੋਣ ਦੀ ਪੁਸ਼ਟੀ ਹੋਈ ਹੈ, ਉਨ੍ਹਾਂ ਵਿੱਚੋਂ ਇੱਕ ਮਰੀਜ਼ ਐੱਸਬੀਐੱਸ ਨਗਰ ਅਤੇ ਦੂਜਾ ਮਰੀਜ਼ ਜਲੰਧਰ ਜ਼ਿਲ੍ਹੇ ਨਾਲ ਸਬੰਧਤ ਸੀ। ਅੱਜ ਨਵੇਂ ਆਏ ਨੌਂ ਕੇਸਾਂ ਵਿੱਚੋਂ ਅੱਠ ਮਰੀਜ਼ ਲੁਧਿਆਣਾ ਜ਼ਿਲ੍ਹੇ ਨਾਲ ਸਬੰਧਤ ਹਨ ਜਦਕਿ ਇਕ ਬਾਹਰਲੇ ਜ਼ਿਲ੍ਹੇ/ਰਾਜ ਨਾਲ ਸਬੰਧਤ ਹੈ। ਇਸ ਮਹਾਮਾਰੀ ਨੂੰ ਰੋਕਣ ਲਈ ਸਿਹਤ ਵਿਭਾਗ ਅਤੇ ਨਿੱਜੀ ਅਦਾਰਿਆਂ ਵੱਲੋਂ ਕਰੋਨਾ ਟੀਕਾਕਰਨ ਕੈਂਪ ਲਗਾਏ ਜਾ ਰਹੇ ਹਨ। ਸਿਵਲ ਸਰਜਨ ਨੇ ਜਿੱਥੇ ਲੋਕਾਂ ਨੂੰ ਇਨ੍ਹਾਂ ਕੈਂਪਾਂ ਦਾ ਲਾਹਾ ਲੈਣ ਦੀ ਅਪੀਲ ਕੀਤੀ, ਉੱਥੇ ਹੀ ਸਰਕਾਰ ਅਤੇ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਆਖਿਆ ਹੈ। ਉਨ੍ਹਾਂ ਲੋਕਾਂ ਨੂੰ ਮੂੰਹ ’ਤੇ ਮਾਸਕ ਲਗਾ ਕੇ ਰੱਖਣ, ਹੱਥਾਂ ਨੂੰ ਸਮੇਂ-ਸਮੇਂ ’ਤੇ ਧੋਂਦੇ ਰਹਿਣ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਸਿਹਤ ਠੀਕ ਨਾ ਹੋਣ ਦੀ ਸੂਰਤ ਵਿੱਚ ਨੇੜਲੇ ਸਿਹਤ ਕੇਂਦਰ ਵਿੱਚ ਜਾਂਚ ਕਰਵਾਉਣ ਦੀ ਸਲਾਹ ਦਿੱਤੀ ਹੈ।
ਦੂਜੇ ਪਾਸੇ ਸਥਾਨਕ ਲੋਕਾਂ ਵੱਲੋਂ ਇਨ੍ਹਾਂ ਹਦਾਇਤਾਂ ਨੂੰ ਨਜ਼ਰਅੰਦਾਜ਼ ਕਰਦਿਆਂ ਬਾਜ਼ਾਰਾਂ ਵਿੱਚ ਪਹਿਲਾਂ ਦੀ ਤਰ੍ਹਾਂ ਭੀੜ ਕੀਤੀ ਜਾ ਰਹੀ ਹੈ। ਇਹੀ ਨਹੀਂ ਭੀੜ ਵਿੱਚ ਜਾਣ ਵੇਲੇ ਕਿਸੇ ਵੱਲੋਂ ਵੀ ਮਾਸਕ ਦੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ ਜਿਸ ਨਾਲ ਇਸ ਮਹਾਮਾਰੀ ਦੇ ਮੁੜ ਤੋਂ ਫੈਲਣ ਦਾ ਖ਼ਤਰਾ ਹੈ।