ਪੱਤਰ ਪ੍ਰੇਰਕ
ਮੰਡੀ ਅਹਿਮਦਗੜ੍ਹ, 15 ਨਵੰਬਰ
ਪ੍ਰਸ਼ਾਸਨ ਵੱਲੋਂ ਕੋਵਿਡ-19 ਟੀਕਾਕਰਨ ਮੁਹਿੰਮ ਤਹਿਤ 100 ਫ਼ੀਸਦੀ ਕੋਵਿਡ ਟੀਕਾਕਰਨ ਦੇ ਟੀਚੇ ਨੂੰ ਪੂਰਾ ਕਰਨ ਦੇ ਉਦੇਸ਼ ਨਾਲ ਇੱਥੋਂ ਦੀਆਂ ਸਮਾਜਸੇਵੀ ਸੰਸਥਾਵਾਂ ਤੇ ਚੁਣੇ ਹੋਏ ਨੁਮਾਇੰਦਿਆਂ ਨੂੰ ਲਾਮਬੰਦ ਕਰਨ ਲਈ ਮਾਲੇਰਕੋਟਲਾ ਦੇ ਡੀ ਸੀ ਮਾਧਵੀ ਕਟਾਰੀਆ ਦੀ ਅਗਵਾਈ ਹੇਠ ਮੀਟਿੰਗਾਂ ਕੀਤੀਆਂ ਗਈਆਂ। ਸਥਾਨਕ ਨਗਰ ਕੌਂਸਲ ਦਫ਼ਤਰ ਵਿੱਚ ਕੀਤੀ ਗਈ ਪਲੇਠੀ ਮੀਟਿੰਗ ਦੌਰਾਨ ਸ਼੍ਰੀਮਤੀ ਕਟਾਰੀਆਂ ਨੇ ਦਾਅਵਾ ਕੀਤਾ ਕਿ 30 ਨਵੰਬਰ ਤੱਕ ਚੱਲਣ ਵਾਲੀ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ 192 ਪਿੰਡਾਂ ਅਤੇ ਕਸਬਿਆਂ ਨੂੰ ਸੌ ਫ਼ੀਸਦੀ ਕਵਰ ਕੀਤਾ ਜਾਏਗਾ ਅਤੇ ਡੋਰ ਟੂ ਡੋਰ ਮੁਹਿੰਮ ਦੌਰਾਨ ਕੋਵਿਡ ਵੈਕਸੀਨੇਸ਼ਨ ਦੀ ਡੋਜ਼ ਲਗਾਈ ਜਾਏਗੀ।
‘ਘਰ ਘਰ ਦਸਤਕ’ ਮੁਹਿੰਮ ਤਹਿਤ ਜਾਗਰੂਕ ਕੀਤਾ
ਲੁਧਿਆਣਾ (ਖੇਤਰੀ ਪ੍ਰਤੀਨਿਧ): ਸਿਵਲ ਸਰਜਨ ਡਾ. ਐੱਸ.ਪੀ. ਸਿੰਘ ਨੇ ਦੱਸਿਆ ਕਿ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹੇ ਭਰ ਵਿਚ ਘਰ-ਘਰ ਦਸਤਕ ਟੀਕਾਕਰਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਵੀ ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋ ਪਿੰਡਾਂ ਅਤੇ ਸ਼ਹਿਰਾਂ ਵਿਚ ਘਰ-ਘਰ ਜਾ ਕੇ, ਜਿਨ੍ਹਾਂ ਵਿਅਕਤੀਆਂ ਨੇ ਅਜੇ ਤੱਕ ਕਰੋਨਾ ਵੈਕਸੀਨ ਦੀ ਪਹਿਲੀ ਅਤੇ ਦੂਸਰੀ ਖੁਰਾਕ ਨਹੀਂ ਲਗਾਈ, ਉਨ੍ਹਾਂ ਵਿਅਕਤੀਆਂ ਨੂੰ ਖੁਰਾਕ ਲੈਣ ਸਬੰਧੀ ਪ੍ਰੇੇਰਿਤ ਕੀਤਾ ਗਿਆ।