ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 27 ਸਤੰਬਰ
ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਅੱਜ ਇੱਕ ਵਿਸ਼ੇਸ਼ ਸਮਾਗਮ ਵਿੱਚ ਕਰੋਨਾ ਮਹਾਮਾਰੀ ਦੌਰਾਨ ਮੋਹਰੀ ਰੋਲ ਅਦਾ ਕਰਨ ਵਾਲੇ ਸਿਹਤ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ। ਸਥਾਨਕ ਬੱਚਤ ਭਵਨ ਵਿੱਚ ਪ੍ਰੋਗਰਾਮ ਮੌਕੇ ਡੀਸੀ ਸ਼ਰਮਾ ਨੇ ਕਿਹਾ ਕਿ ਕਰੋਨਾ ਮਹਾਮਾਰੀ ’ਤੇ ਫਤਿਹ ਪਾਉਣ ਲਈ ਸਿਹਤ ਵਿਭਾਗ ਵਲੋਂ ਕੀਤੇ ਉਪਰਾਲੇ ਸ਼ਲਾਘਾਯੋਗ ਹਨ। ਉਨ੍ਹਾਂ ਸਨਮਾਨ ਪ੍ਰਾਪਤ ਕਰਨ ਵਾਲੇ ਅਧਿਕਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਕਰੋਨਾ ਤੋਂ ਸਾਵਧਾਨ ਰਹਿਣ ਦੀ ਹਾਲੇ ਵੀ ਜ਼ਰੂਰਤ ਹੈ ਅਤੇ ਇਸ ਸਬੰਧੀ ਜਨਤਾ ਨੂੰ ਜਾਗਰੂਕ ਕਰਦੇ ਰਹਿਣਾ ਵੀ ਲਾਜ਼ਮੀ ਹੈ ਤਾਂ ਜੋ ਹਰ ਵਿਅਕਤੀ ਕਰੋਨਾ ਤੋਂ ਬਚਾਅ ਸਬੰਧੀ ਸਾਵਧਾਨੀਆਂ ਅਪਣਾ ਕੇ, ਆਪਣੇ ਪਰਿਵਾਰ ਦਾ ਅਤੇ ਸਮਾਜ ਦਾ ਭਲਾ ਕਰ ਸਕੇ।
ਇਸ ਮੌਕੇ ਸਿਵਲ ਸਰਜਨ ਲੁਧਿਆਣਾ ਡਾ. ਕਿਰਨ ਆਹਲੂਵਾਲੀਆ ਨੇ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਜਨਤਾ ਨੂੰ ਟੀਕਾਕਰਨ ਕਰਵਾਉਣ ਅਤੇ ਸਾਵਧਾਨੀਆਂ ਵਰਤਣ ਦੀ ਵੀ ਅਪੀਲ ਕੀਤੀ।