ਨਰਮਾ ਕਾਸ਼ਤਕਾਰਾਂ ਨੂੰ ਫ਼ਸਲ ’ਤੇ ਲਗਾਤਾਰ ਨਜ਼ਰ ਰੱਖਣ ਦੀ ਸਿਫ਼ਾਰਿਸ਼
ਖੇਤਰੀ ਪ੍ਰਤੀਨਿਧ
ਲੁਧਿਆਣਾ, 25 ਜੂਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਾਇੰਸਦਾਨਾਂ ਵੱਲੋ ਨਰਮਾ ਪੱਟੀ ਦਾ ਲਗਾਤਾਰ ਸਰਵੇਖਣ ਕੀਤਾ ਜਾ ਰਿਹਾ ਹੈ। ਨਰਮੇ ਦੇ ਕੁਝ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਆਰਥਿਕ ਕਗਾਰ ਤੋਂ ਉੱਪਰ ਪਾਇਆ ਗਿਆ ਹੈ। ਹਾਲਾਂਕਿ ਚਿੱਟੀ ਮੱਖੀ ਦੀ ਗਿਣਤੀ ਜ਼ਿਆਦਾਤਰ ਖੇਤਾਂ ਵਿੱਚ ਘੱਟ ਹੈ ਪਰ ਮੌਸਮ ਅਨੁਕੂਲ ਹੋਣ ਕਰਕੇ ਇਸ ਦੀ ਗਿਣਤੀ ਵਿੱਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ।
ਪੀਏਯੂ ਮਾਹਿਰਾਂ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਹੈ ਕਿ ਉਹ ਆਪਣੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ। ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕੀਤਾ ਜਾਵੇ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ। ਚਿੱਟੀ ਮੱਖੀ ਦੇ ਹਮਲੇ ਹੋਣ ’ਤੇ ਸ਼ੁਰੂਆਤੀ ਅਵਸਥਾ ਵਿੱਚ ਇੱਕ ਲਿਟਰ ਨਿੰਬੀਸੀਡੀਨ ਜਾਂ ਅਚੂਕ ਜਾਂ 1200 ਮਿਲੀਲਿਟਰ ਪ੍ਰਤੀ ਏਕੜ ਦੇ ਹਿਸਾਬ ਨਾਲ ਪੀ.ਏ.ਯੂ. ਦੁਆਰਾ ਤਿਆਰ ਕੀਤਾ ਗਿਆ ਨਿੰਮ ਦਾ ਘੋਲ ਦਾ ਪ੍ਰਤੀ ਏਕੜ ਦੇ ਹਿਸਾਬ ਨਾਲ ਛਿੜਕਾਅ ਕਰੋ ਕਿਉਂਕਿ ਇਹ ਮਿੱਤਰ ਕੀੜਿਆਂ ਲਈ ਸੁਰੱਖਿਅਤ ਹਨ।
ਉਨਾਂ ਦੱਸਿਆ ਕਿ ਜਿਨ੍ਹਾਂ ਖੇਤਾਂ ਵਿੱਚ ਚਿੱਟੀ ਮੱਖੀ ਆਰਥਿਕ ਕਗਾਰ (6 ਮੱਖੀ ਪ੍ਰਤੀ ਪੱਤਾ) ਤੋਂ ਵੱਧ ਪਾਈ ਜਾਵੇ ਤਾਂ ਉਸ ਵਾਸਤੇ ਕੀਟਨਾਸ਼ਕ- 200 ਗ੍ਰਾਮ ਕਲਾਸਟੋ 20 ਡਬਲਯੂ ਜੀ (ਪਾਇਰੀਫਲੂਕੀਨਾਜ਼ੋਨ) ਜਾਂ 400 ਮਿਲੀਲਿਟਰ ਸਫੀਨਾ 50 ਡੀ ਸੀ (ਅਫਿਡੋਪਾਇਰੋਪਿਨ) ਜਾਂ 60 ਗ੍ਰਾਮ ਉਸ਼ੀਨ 20 ਐਸ ਜੀ (ਡਾਇਨੋਟੈਫੂਰਾਨ) ਜਾਂ 800 ਮਿਲੀਲਿਟਰ ਫੋਸਮਾਈਟ/ਈ-ਮਾਈਟ/ਵੋਲਥੀਆਨ/ਗੋਲਡ ਮਿਟ 50 ਈ ਸੀ (ਈਥੀਆਨ) ਜਾਂ 500 ਮਿਲੀਲਿਟਰ ਲੈਨੋ 10 ਈ ਸੀ (ਪਾਈਰੀਪਰੋਕਸੀਫਿਨ) ਦਾ ਪ੍ਰਤੀ ਏਕੜ ਛਿੜਕਾਵ ਕਰੋ। ਕੁਝ ਖੇਤਾਂ ਵਿੱਚ ਹਰਾ ਤੇਲਾ ਵੀ ਦਿਖਾਈ ਦਿੱਤਾ ਹੈ। ਤੇਲੇ ਨੂੰ ਮਾਰਨ ਲਈ ਛਿੜਕਾਅ ਉਸ ਵਕਤ ਕਰੋ ਜਦੋਂ 50 ਪ੍ਰਤੀਸ਼ਤ ਬੂਟਿਆਂ ਵਿੱਚ ਪੂਰੇ ਬਣ ਚੁੱਕੇ ਪੱਤੇ ਝੁਰੜ-ਮੁਰੜ ਹੋਏ ਜਾਪਣ ਅਤੇ ਪੱਤੇ ਕਿਨਾਰਿਆਂ ਤੋਂ ਪੀਲੇ ਪੈ ਜਾਣ। ਇਸ ਦੀ ਰੋਕਥਾਮ ਲਈ 60 ਗ੍ਰਾਮ ਉਸ਼ੀਨ 20 ਐਸ ਜੀ (ਡਾਇਨੋਟੈਫੂਰਾਨ) ਜਾਂ 80 ਗ੍ਰਾਮ ਉਲਾਲਾ 50 ਡਬਲਯੂ ਜੀ (ਫਲੋਨਿਕਾਮਿਡ) ਦਾ ਪ੍ਰਤੀ ਏਕੜ ਦੇ ਹਿਸਾਬ ਨਾਲ 125-150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ।